ਦਿੱਲੀ ਸਰਕਾਰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਬਾਰੇ ਪੰਜਾਬ ਤੋਂ ਸਿੱਖੇ : ਸਿੰਗਲਾ
Friday, Jun 11, 2021 - 01:45 PM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਮਨੁੱਖੀ ਸਰੋਤ ਮੰਤਰਾਲਾ ਵਲੋਂ ਜਾਰੀ ਕੀਤੇ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀ. ਜੀ. ਆਈ.) ਦੇ ਆਧਾਰ ’ਤੇ ਕੇਜਰੀਵਾਲ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਦਿੱਲੀ ਸਰਕਾਰ ਨੂੰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਲਈ ਪੰਜਾਬ ਤੋਂ ਸਿੱਖਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਨਿਵੇਸ਼ ਕਰਨ ਦੀ ਬਜਾਏ ਟੈਕਸਦਾਤਾਵਾਂ ਦੇ ਪੈਸੇ ਇਸ਼ਤਿਹਾਰ ਮੁਹਿੰਮਾਂ ’ਤੇ ਬਰਬਾਦ ਕੀਤੇ ਹਨ। ਕੈਬਨਿਟ ਮੰਤਰੀ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਕੂਲ ਸਿੱਖਿਆ ਮਹਿਕਮੇ ਦੇ ਅਧਿਆਪਕਾਂ ਅਤੇ ਸਕੂਲ ਸਿੱਖਿਆ ਮਹਿਕਮੇ ਦੇ ਸਮੁੱਚੇ ਸਟਾਫ਼ ਨੂੰ ਸਕੂਲ ਸਿੱਖਿਆ ਦੇ ਖੇਤਰ ਵਿਚ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣਨ ਲਈ ਵਧਾਈ ਦੇਣ ਵਾਸਤੇ ਵਰਚੁਅਲ ਪ੍ਰੋਗਰਾਮ ਵਿਖੇ ਸ਼ਿਰਕਤ ਕਰ ਰਹੇ ਸਨ। ਵਿਜੈ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਦੇ ਨਿਰੰਤਰ ਸਮਰਥਨ ਅਤੇ ਦੂਰਦਰਸ਼ੀ ਅਗਵਾਈ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਸਿੱਖਿਆ ਵਿਭਾਗ ਅਗਲੇ ਸਾਲ 100 ਫ਼ੀਸਦੀ ਅੰਕ ਪ੍ਰਾਪਤ ਕਰਨ ਲਈ ਆਪਣੇ ਪ੍ਰਦਰਸ਼ਨ ਵਿਚ ਸੁਧਾਰ ਲਿਆਉਣ ਦੀਆਂ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੇਗਾ।
ਇਹ ਵੀ ਪੜ੍ਹੋ : ਗ਼ਰੀਬ ਆਟੋ ਚਾਲਕ ਦੇ ਬੱਚੇ ਦੀ ਟੁੱਟੀ ਬਾਂਹ, ਫ਼ਰਿਸ਼ਤਾ ਬਣ ਕੇ ਬਹੁੜਿਆ ਸਿਹਤ ਮਹਿਕਮਾ
ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿਚ ਚੋਟੀ ਦਾ ਅਹੁਦਾ ਬਰਕਰਾਰ ਰੱਖਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਿਰਫ਼ ਪਰਫਾਰਮੈਂਸ ਗਰੇਡਿੰਗ ਇੰਡੈਕਸ ਹੀ ਨਹੀਂ ਸਗੋਂ ਹੋਰਨਾਂ ਮਾਪਦੰਡਾਂ ਵਿਚ ਵੀ ਸਕੂਲ ਸਿੱਖਿਆ ਦੇ ਖੇਤਰ ਵਿਚ ਅਥਾਹ ਸੁਧਾਰ ਵੇਖਣ ਨੂੰ ਮਿਲਿਆ ਹੈ। ਸੂਬੇ ਨੇ ਪਿਛਲੇ ਚਾਰ ਸਾਲਾਂ ਦੌਰਾਨ ਦਾਖਲਿਆਂ ਵਿਚ 29 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ ਅਤੇ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿਚ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਵੀ ਪਛਾੜ ਦਿੱਤਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਹਰ ਪਹਿਲੂ ਵਿਚ ਵਾਧਾ ਦਰਜ ਕੀਤਾ ਗਿਆ ਹੈ ਜੋ ਕਿ ਹੋਰਨਾਂ ਸੂਬਿਆਂ ਲਈ ਮਿਸਾਲ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੀਤੇ ਵਿਸ਼ੇਸ਼ ਉਪਰਾਲੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ