ਬਟਾਲਾ ਨੂੰ ਜ਼ਿਲ੍ਹਾ ਐਲਾਨਣ ਦੀ ਮੰਗ ਬੀਤੇ ਮਹੀਨੇ ਹੀ ਪ੍ਰਾਪਤ ਹੋ ਗਈ ਸੀ ਜੋ ਵਿਚਾਰ ਅਧੀਨ ਹੈ : ਕੈਪਟਨ

09/07/2021 1:36:47 AM

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਬਟਾਲਾ ਨੂੰ ਜ਼ਿਲ੍ਹਾ ਐਲਾਨਣ ਦੀ ਮੰਗ ਪਹਿਲਾਂ ਹੀ ਵਿਚਾਰ ਅਧੀਨ ਹੈ ਅਤੇ ਇਸ ਬਾਰੇ ਅੰਤਿਮ ਫੈਸਲਾ ਸਬੰਧਤ ਵੱਖ-ਵੱਖ ਮਾਮਲਿਆਂ ਨੂੰ ਵਿਚਾਰਨ ਤੋਂ ਬਾਅਦ ਲਿਆ ਜਾਵੇਗਾ। ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਸ ਸਬੰਧੀ ਕੀਤੀ ਮੰਗ ਦੇ ਜਵਾਬ ਵਿਚ ਕਿਹਾ ਕਿ ਉਨ੍ਹਾਂ ਨੇ ਅਜਿਹਾ ਹੀ ਮੰਗ ਪੱਤਰ ਬੀਤੇ ਮਹੀਨੇ ਇਕ ਹੋਰ ਕਾਂਗਰਸੀ ਨੇਤਾ ਪਾਸੋਂ ਪ੍ਰਾਪਤ ਕੀਤਾ ਸੀ ਅਤੇ ਉਹ ਮਾਮਲੇ ਨੂੰ ਵਿਚਾਰ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਮੀਡੀਆ ਵਿਚ ਕੁਝ ਰਿਪੋਰਟਾਂ ਵੀ ਇਹ ਦਰਸਾਉਂਦੀਆਂ ਹਨ ਕਿ ਬਟਾਲਾ ਦੇ ਵਾਸੀਆਂ ਨੇ ਵੀ ਜਨਤਕ ਤੌਰ ਉਤੇ ਆਪਣੇ ਖੇਤਰ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ।

ਇਹ ਖ਼ਬਰ ਪੜ੍ਹੋ- ਬੁਮਰਾਹ ਨੇ ਟੈਸਟ ਕ੍ਰਿਕਟ 'ਚ ਪੂਰੀਆਂ ਕੀਤੀਆਂ 100 ਵਿਕਟਾਂ, ਤੋੜਿਆ ਕਪਿਲ ਦੇਵ ਦਾ ਰਿਕਾਰਡ


ਮੁੱਖ ਮੰਤਰੀ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਨਾ ਤਾਂ ਤ੍ਰਿਪਤ ਬਾਜਵਾ ਤੇ ਨਾ ਹੀ ਸੁਖਜਿੰਦਰ ਰੰਧਾਵਾ ਨੇ ਜਨਤਕ ਤੌਰ ਉਤੇ ਉਠੀ ਇਸ ਮੰਗ ਬਾਰੇ ਰਿਪੋਰਟਾਂ ਨੂੰ ਦੇਖਿਆ ਅਤੇ ਅਜਿਹੇ ਢੰਗ ਨਾਲ ਸਾਂਝਾ ਪੱਤਰ ਲਿਖਣ ਤੋਂ ਪਹਿਲਾਂ ਉਨ੍ਹਾਂ ਨਾਲ ਇਸ ਮੁੱਦੇ ਨੂੰ ਵਿਚਾਰਨਾ ਮੁਨਾਸਬ ਸਮਝਿਆ। ਦੋਵਾਂ ਮੰਤਰੀਆਂ ਉਤੇ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਜੇਕਰ ਉਹ ਮੇਰੇ ਕੋਲ ਆਏ ਹੁੰਦੇ ਅਤੇ ਇਸ ਬਾਰੇ ਗੱਲ ਕੀਤੀ ਹੁੰਦੀ ਤਾਂ ਮੈਂ ਉਨ੍ਹਾਂ ਨੂੰ ਦੱਸ ਦੇਣਾ ਸੀ ਕਿ ਮੈਂ ਇਸ ਮਾਮਲੇ ਨੂੰ ਪਹਿਲਾਂ ਹੀ ਵਿਚਾਰ ਰਿਹਾ ਹਾਂ ਅਤੇ ਇਸ ਸਬੰਧ ਵਿਚ ਉਨ੍ਹਾਂ ਨਾਲ ਸਲਾਹ-ਮਸ਼ਵਰਾ ਵੀ ਕਰ ਲੈਂਦਾ।” ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਸਦ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੇ 11 ਅਗਸਤ, 2021 ਦੇ ਆਪਣੇ ਪੱਤਰ 'ਚ ਬਟਾਲਾ ਦੀ ਇਤਿਹਾਸਕ ਮਹੱਤਤਾ ਦੱਸਦਿਆਂ ਅਤੇ ਸੰਨ 1487 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇੱਥੇ ਮਾਤਾ ਸੁਲੱਖਣੀ ਜੀ ਨਾਲ ਹੋਏ ਵਿਆਹ ਦਾ ਹਵਾਲਾ ਦਿੰਦਿਆਂ ਪਹਿਲਾਂ ਹੀ ਬਟਾਲੇ ਨੂੰ ਜ਼ਿਲ੍ਹੇ ਦਾ ਦਰਜਾ ਦੇਣ ਦੀ ਮੰਗ ਕੀਤੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਬਟਾਲਾ ਦੀ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਵਿਚ ਮਹੱਤਤਾ ਦੇ ਨਾਲ-ਨਾਲ ਲੋਕਾਂ ਦੀਆਂ ਭਾਵਨਾਵਾਂ ਬਾਰੇ ਜਾਣਦੇ ਹਨ। ਉਨ੍ਹਾਂ ਕਿਹਾ ਕਿ ਉਹ ਫੈਸਲਾ ਲੈਣ ਤੋਂ ਪਹਿਲਾਂ ਵੱਖ-ਵੱਖ ਭਾਈਵਾਲਾਂ ਨਾਲ ਇਸ ਮੁੱਦੇ 'ਤੇ ਚਰਚਾ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ 79 ਪਿੰਡਾਂ ਅਤੇ 24 ਕਸਬਿਆਂ ਵਿੱਚ 103 ਥਾਵਾਂ ਦੀ ਸ਼ਨਾਖ਼ਤ ਕੀਤੀ ਸੀ।

ਇਹ ਖ਼ਬਰ ਪੜ੍ਹੋ- ਚੌਂਕਾਂ 'ਚ ਹੋ ਰਹੇ ਹਾਦਸਿਆਂ ਕਾਰਨ ਵਿਧਾਇਕ ਨੇ ਨੈਸ਼ਨਲ ਹਾਈਵੇ ਅਥਾਰਿਟੀ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh