20 ਸਤੰਬਰ ਨੂੰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪ੍ਰਸ਼ਾਸਨ ਕੋਲੋਂ ਸ਼ਰਾਬ ਦੇ ਠੇਕੇ ਬੰਦ ਰੱਖਣ ਦੀ ਮੰਗ
Friday, Sep 18, 2026 - 11:56 PM (IST)
ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਗਾਲਹੜੀ ਵਿਖੇ ਸਥਿਤ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ 20 ਸਤੰਬਰ ਨੂੰ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾਣਗੇ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪੁੱਜਣ ਦੀ ਉਮੀਦ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਇਲਾਕਾ ਵਾਸੀ ਮੰਗਲ ਸਿੰਘ, ਮਨਦੀਪ ਸਿੰਘ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਹਰਮੀਤ ਸਿੰਘ, ਗੁਰਮੀਤ ਸਿੰਘ ਆਦਿ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ 20 ਸਤੰਬਰ ਨੂੰ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਇਲਾਕੇ ਦੇ ਸਾਰੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ ਸੰਗਤਾਂ ਵੱਲੋਂ ਪੂਰੀ ਰਾਤ ਸ਼ਰਧਾ ਭਾਵਨਾ ਨਾਲ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਇਸ ਦੌਰਾਨ ਦੂਰ-ਦੁਰਾਡੇ ਇਲਾਕਿਆਂ ਤੋਂ ਵੀ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।
ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਧਾਰਮਿਕ ਸਮਾਗਮਾਂ ਦੀ ਪਵਿੱਤਰਤਾ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ 20 ਸਤੰਬਰ ਨੂੰ ਸਬੰਧਤ ਖੇਤਰ ਵਿੱਚ ਸ਼ਰਾਬ ਦੇ ਠੇਕੇ ਮੁਕੰਮਲ ਤੌਰ ’ਤੇ ਬੰਦ ਰੱਖਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਇਲਾਕਾ ਵਾਸੀਆਂ ਨੇ ਆਸ ਪ੍ਰਗਟਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਇਸ ਮੰਗ ’ਤੇ ਗੌਰ ਕਰਦਿਆਂ ਯੋਗ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਪ੍ਰਕਾਸ਼ ਦਿਹਾੜੇ ਦੇ ਧਾਰਮਿਕ ਸਮਾਗਮ ਸ਼ਾਂਤਮਈ ਅਤੇ ਸ਼ਰਧਾਮਈ ਮਾਹੌਲ ਵਿੱਚ ਸੰਪੰਨ ਹੋ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
