ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ, ਚੀਮਾ ਤੇ ਮੀਤ ਹੇਅਰ ਵੱਲੋਂ ਗੈਸਟ ਫੈਕਲਟੀ ਯੂਨੀਅਨਾਂ ਨੂੰ ਭਰੋਸਾ

09/03/2022 3:19:02 AM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀਆਂ ਅਸਪੱਸ਼ਟ ਨੀਤੀਆਂ ਦੇ ਨਤੀਜੇ ਭੁਗਤ ਰਹੇ ਨੌਜਵਾਨਾਂ ਨੂੰ ਹਰ ਸੰਭਵ ਰਾਹਤ ਦੇਣ ਲਈ ਕੀਤੇ ਜਾ ਰਹੇ ਯਤਨਾਂ ਦੇ ਮੱਦੇਨਜ਼ਰ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਵੱਖ-ਵੱਖ ਸਰਕਾਰੀ ਕਾਲਜਾਂ 'ਚ ਗੈਸਟ ਫੈਕਲਟੀ ਵਜੋਂ ਕੰਮ ਕਰ ਰਹੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇੱਥੇ ਵਿੱਤ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੀ ਸਰਕਾਰ ਦੀ ਪੁਰਜ਼ੋਰ ਇੱਛਾ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਕੋਈ ਵੀ ਸਰਕਾਰ ਬਿਨਾਂ ਇਹ ਉਡੀਕ ਕੀਤਿਆਂ ਕਿ ਮੁਲਾਜ਼ਮ ਜਥੇਬੰਦੀਆਂ ਹੜਤਾਲ ਜਾਂ ਵਿਰੋਧ ਕਰਨ, ਉਨ੍ਹਾਂ ਨੂੰ ਮਸਲਿਆਂ ਦੇ ਹੱਲ ਲਈ ਸੱਦਾ ਦੇ ਰਹੀ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਨੇ ਪੰਜਾਬ ਪੁਲਸ ਰਾਹੀਂ ਸਿਰਸਾ ਨੂੰ ਦਰਬਾਰ ਸਾਹਿਬ ਕੰਪਲੈਕਸ ਅੰਦਰ ਜਾਣ ਤੋਂ ਰੋਕਿਆ

ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਤਨਖ਼ਾਹ ਦੇ ਮੁੱਦੇ 'ਤੇ ਚਰਚਾ ਕਰਦਿਆਂ ਦੋਵਾਂ ਮੰਤਰੀਆਂ ਨੇ ਕਾਲਜ ਟੀਚਰ ਯੂਨੀਅਨਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਅਜਿਹਾ ਰਾਹ ਅਪਣਾਇਆ ਜਾ ਸਕੇ, ਜਿਸ ਨੂੰ ਕਿਸੇ ਕਾਨੂੰਨੀ ਅੜਚਣ ਦਾ ਸਾਹਮਣਾ ਨਾ ਕਰਨਾ ਪਵੇ। ਉਚੇਰੀ ਸਿੱਖਿਆ ਮੰਤਰੀ ਵੱਲੋਂ ਇਨ੍ਹਾਂ ਅਧਿਆਪਕਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸ਼ੰਸਾ 'ਤੇ ਵਿੱਤ ਮੰਤਰੀ ਨੇ ਕਿਹਾ ਕਿ ਵਿੱਤ ਵਿਭਾਗ ਸੂਬੇ ਦੇ ਔਖੇ ਵਿੱਤੀ ਦੌਰ ਦਾ ਸਾਹਮਣਾ ਕਰਨ ਦੇ ਬਾਵਜੂਦ ਹਰ ਸੰਭਵ ਹੱਲ ਲਈ ਯਤਨਸ਼ੀਲ ਹੈ। ਚੀਮਾ ਨੇ ਯੂਨੀਅਨ ਆਗੂਆਂ ਨੂੰ ਅਪੀਲ ਕੀਤੀ ਕਿ ਜਿੱਥੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ, ਉੱਥੇ ਯੂਨੀਅਨ ਆਗੂਆਂ ਨੂੰ ਵੀ ਆਪਣੇ ਸਾਥੀ ਅਧਿਆਪਕਾਂ ਨਾਲ ਆਪਸੀ ਸਹਿਮਤੀ ਬਣਾ ਕੇ ਹੱਲ ਸੁਝਾ ਕੇ ਸਰਕਾਰ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਮੀਟਿੰਗ 'ਚ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਜਸਪ੍ਰੀਤ ਤਲਵਾੜ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ ਤੇ ਡੀ.ਪੀ.ਆਈ. ਕਾਲਜ ਰਾਜੀਵ ਗੁਪਤਾ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਨੇ PM ਮੋਦੀ ਨੂੰ ਲਿਖੀ ਚਿੱਠੀ, ਘੱਟਗਿਣਤੀ ਦਰਜੇ ਨੂੰ ਲੈ ਕੇ ਕਹੀ ਇਹ ਗੱਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News