ਕੈਪਟਨ ਸਰਕਾਰ ਦੀ ਵਾਅਦਾਖਿਲਾਫੀ ਦੇ ਵਿਰੋਧ ''ਚ ਪ੍ਰਦਰਸ਼ਨ
Thursday, Jan 25, 2018 - 07:12 AM (IST)

ਅੰਮ੍ਰਿਤਸਰ, (ਦਲਜੀਤ)- ਠੇਕਾ ਆਧਾਰਿਤ ਕੱਚੇ ਇਨਲਿਸਟਮੈਂਟ ਅਤੇ ਸੁਵਿਧਾ ਮੁਲਾਜ਼ਮਾਂ ਨੇ ਸਰਕਾਰ ਦੀ ਵਾਅਦਾਖਿਲਾਫੀ ਵਿਰੁੱਧ ਨਿੱਤ ਵੱਖ-ਵੱਖ ਤਰੀਕਿਆਂ ਨਾਲ ਸੰਘਰਸ਼ ਜਾਰੀ ਰੱਖਿਆ ਹੋਇਆ ਹੈ। ਅੱਜ ਦੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਇਕ ਸਾਲ ਪਹਿਲਾਂ 24 ਜਨਵਰੀ 2017 ਨੂੰ ਮੁਲਾਜ਼ਮਾਂ ਨਾਲ ਵਾਅਦਾ ਕਰ ਕੇ ਵੋਟਾਂ ਲੈਣ ਲਈ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਟਵੀਟ ਕੀਤਾ ਸੀ ਪਰ ਸਰਕਾਰ ਬਣਨ ਦੇ ਇਕ ਸਾਲ ਬਾਅਦ ਵੀ ਉਸ 'ਤੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਰ ਕੇ ਰੋਸ ਵਜੋਂ ਅੱਜ ਮੁਲਾਜ਼ਮਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਟਵੀਟ ਦਾ ਰੰਗੀਨ ਪ੍ਰਿੰਟ ਲੈ ਕੇ ਡਾਕ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੋਤੀ ਮਹਿਲ ਪਟਿਆਲਾ ਤੇ ਚੰਡੀਗੜ੍ਹ ਮੁੱਖ ਮੰਤਰੀ ਨਿਵਾਸ ਨੂੰ ਭੇਜੇ।
ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਵਿਕਾਸ ਕੁਮਾਰ ਨੇ ਕਿਹਾ ਕਿ 10 ਮਹੀਨੇ ਬੀਤ ਜਾਣ 'ਤੇ ਇਕ ਵਾਰ ਵੀ ਮੁਲਾਜ਼ਮਾਂ ਨਾਲ ਮੀਟਿੰਗ ਨਾ ਕਰਨਾ ਕਾਂਗਰਸ ਪਾਰਟੀ ਦੀ ਨੌਜਵਾਨ ਮੁਲਾਜ਼ਮਾਂ ਪ੍ਰਤੀ ਮਾੜੀ ਨੀਅਤ ਨੂੰ ਦਰਸਾਉਂਦਾ ਹੈ। ਸਰਕਾਰ ਬਣਨ ਤੋਂ ਬਾਅਦ ਵਾਰ-ਵਾਰ ਸਰਕਾਰ ਨੂੰ ਬੇਨਤੀਆਂ ਕਰਨ ਤੋਂ ਬਾਅਦ ਸੰਘਰਸ਼ ਦੇ ਰਾਹ ਪਏ ਮੁਲਾਜ਼ਮਾਂ ਦੀ ਗੱਲਬਾਤ ਨਾ ਸੁਣਨ 'ਤੇ ਮੁਲਾਜ਼ਮਾਂ ਵੱਲੋਂ ਸੰਘਰਸ਼ ਦੇ ਵੱਖ-ਵੱਖ ਤਰੀਕੇ ਅਪਣਾਏ ਜਾ ਰਹੇ ਹਨ। ਠੇਕਾ ਮੁਲਾਜ਼ਮਾਂ ਨੇ ਨਵੇਂ ਸਾਲ ਅਤੇ ਲੋਹੜੀ ਵਾਲੇ ਦਿਨ ਵੱਖਰੇ ਤਰੀਕੇ ਨਾਲ ਕੀਤੇ ਸੰਘਰਸ਼ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਟਵਿਟਰ 'ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਕੀਤੇ ਟਵੀਟ ਦੇ ਇਕ ਸਾਲ ਪੂਰਾ ਹੋਣ 'ਤੇ ਵਾਅਦਾਖਿਲਾਫੀ ਦਿਵਸ ਮਨਾਇਆ ਹੈ।