ਖਰੜ ''ਚ ਡੇਂਗੂ ਵਿਰੁੱਧ ਹੋਕਾ : ਲੋਕਾਂ ਨੂੰ ਕਿਸੇ ਵੀ ਥਾਂ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ

Friday, May 16, 2025 - 03:35 PM (IST)

ਖਰੜ ''ਚ ਡੇਂਗੂ ਵਿਰੁੱਧ ਹੋਕਾ : ਲੋਕਾਂ ਨੂੰ ਕਿਸੇ ਵੀ ਥਾਂ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ

ਖਰੜ (ਗਗਨਦੀਪ) : ਜ਼ਿਲ੍ਹਾ ਸਿਹਤ ਵਿਭਾਗ ਨੇ ਅੱਜ ਕੌਮੀ ਡੇਂਗੂ ਰੋਕਥਾਮ ਦਿਵਸ ਮੌਕੇ ਡੇਂਗੂ ਖ਼ਿਲਾਫ਼ ਹੋਕਾ ਦਿੰਦਿਆਂ ਜਾਗਰੂਕਤਾ ਰੈਲੀ ਕੱਢੀ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਅਤੇ ਹਸਪਤਾਲ ਦੇ ਕਾਰਜਕਾਰੀ ਐੱਸ. ਐੱਮ. ਓ. ਡਾ. ਰਾਹੁਲ ਭੱਲਾ ਨੇ ਰੈਲੀ ਨੂੰ ਸਥਾਨਕ ਸਿਵਲ ਹਸਪਤਾਲ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ, ਜਿਸ ਵਿਚ ਸਿਹਤ ਵਿਭਾਗ ਦੇ ਕਾਮਿਆਂ ਅਤੇ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਰੈਲੀ ਦੌਰਾਨ ਜਿਥੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਣ ਦਾ ਹੋਕਾ ਦਿਤਾ ਗਿਆ, ਉੱਥੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਸਬੰਧੀ ਪੈਂਫ਼ਲੈਂਟ ਵੰਡੇ ਗਏ।

ਰੈਲੀ ਦੌਰਾਨ ਗੱਲਬਾਤ ਕਰਦਿਆਂ ਡਾ. ਅਨਾਮਿਕਾ ਸੋਨੀ ਨੇ ਕਿਹਾ ਕਿ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਨਿਰਦੇਸ਼ਾਂ ’ਤੇ ਕੱਢੀ ਗਈ ਰੈਲੀ ਦਾ ਮਕਸਦ ਲੋਕਾਂ ਅਤੇ ਦੁਕਾਨਦਾਰਾਂ ਦੀ ਇਸ ਮਾਰੂ ਬੁਖ਼ਾਰ ਬਾਬਤ ਜਾਗਰੂਕਤਾ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਤੋਂ ਬਚਾਅ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ। ਇਸੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਗਿਆ ਅਤੇ ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਕੰਟੇਨਰ ਸਰਵੇ ਵੀ ਕੀਤਾ। ਡਾ. ਸੋਨੀ ਨੇ ਦਸਿਆ ਕਿ ਡੇਂਗੂ ਇਕ ਬੁਖ਼ਾਰ ਹੈ, ਜੋ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ।

ਡੇਂਗੂ ਫੈਲਾਉਣ ਵਾਲੇ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ। ਉਂਝ ਤਾਂ ਡੇਂਗੂ ਬੁਖ਼ਾਰ ਵਾਲਾ ਮੱਛਰ ਕਿਸੇ ਵੀ ਸਮੇਂ ਪੈਦਾ ਹੋ ਸਕਦਾ ਹੈ ਪਰ ਡੇਂਗੂ ਦਾ ਸੀਜ਼ਨ ਆਮ ਤੌਰ ’ਤੇ ਜੁਲਾਈ ਤੋਂ ਨਵੰਬਰ ਤਕ ਮੰਨਿਆ ਜਾਂਦਾ ਹੈ, ਇਸ ਲਈ ਇਨ੍ਹਾਂ ਦਿਨਾਂ ਵਿਚ ਵਧੇਰੇ ਚੌਕਸ ਹੋਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ। ਡੇਂਗੂ ਬੁਖ਼ਾਰ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਭੁੱਖ ਨਾ ਲਗਣਾ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।


author

Babita

Content Editor

Related News