ਸਿਵਲ ਸਰਜਨ ਨੇ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਮੋਹਾਲੀ ਵਾਸੀਆਂ ਤੋਂ ਮੰਗਿਆ ਸਹਿਯੋਗ

05/11/2023 3:33:31 PM

ਮੋਹਾਲੀ (ਪਰਦੀਪ) : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਾਉਣ। ਸਿਵਲ ਸਰਜਨ ਡਾ. ਰੁਪਿੰਦਰ ਗਿੱਲ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਕਿਹਾ ਕਿ ਡੇਂਗੂ ਵਰਗੇ ਮਾਰੂ ਬੁਖ਼ਾਰ ਤੋਂ ਬਚਾਅ ਲਈ ਸਾਰਿਆਂ ਨੂੰ ਜਾਗਰੂਕ ਹੋਣ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ।

ਸਿਵਲ ਸਰਜਨ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਜ਼ਿਲ੍ਹਾ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਲਈ ਅਪਣੀ ਪੂਰੀ ਵਾਹ ਲਾ ਰਿਹਾ ਹੈ ਪਰ ਲੋਕਾਂ ਨੂੰ ਵੀ ਇਸ ਮੁਹਿੰਮ ਵਿਚ ਵਿਭਾਗ ਦਾ ਸਾਥ ਦੇਣ ਦੀ ਲੋੜ ਹੈ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡੇਂਗੂ ਬੁਖ਼ਾਰ ਹੋਣ ’ਤੇ ਘਬਰਾਉਣ ਦੀ ਲੋੜ ਨਹੀਂ
ਅਧਿਕਾਰੀਆਂ ਨੇ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ, ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ, ਜਿੱਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁੱਲ ਮੁਫ਼ਤ ਹੈ। ਉਨ੍ਹਾਂ ਆਖਿਆ ਕਿ ਆਮ ਤੌਰ ’ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਸਰੀਰ ਵਿਚਲੇ ਪਲੇਟਲੈੱਟਸ ਘੱਟ ਜਾਂਦੇ ਹਨ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ।

ਰੋਜ਼ਾਨਾ ਘੱਟੋ-ਘੱਟ ਦੋ ਲਿਟਰ ਪਾਣੀ ਦਾ ਸੇਵਨ ਕੀਤਾ ਜਾਵੇ, ਜੋ ਆਮ ਤੰਦਰੁਸਤ ਵਿਅਕਤੀ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਡਟੀਆਂ ਹੋਈਆਂ ਹਨ। ਇਹ ਟੀਮਾਂ ਉੱਚ ਜ਼ੋਖਮ ਵਾਲੇ ਖੇਤਰਾਂ ਅਤੇ ਹੋਰ ਖੇਤਰਾਂ ਵਿਚ ਜਾ ਕੇ ਜਾਂਚ ਦਾ ਕੰਮ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਸਿਹਤ ਬਲਾਕਾਂ ਅਧੀਨ ਪੈਂਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਂਚ ਤੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ’ਤੇ ਚੱਲ ਰਹੀ ਹੈ।
 


Babita

Content Editor

Related News