ਲੁਧਿਆਣਾ ''ਚ ਡੇਂਗੂ ਦੇ 112 ਨਵੇਂ ਮਰੀਜ਼ ਆਏ ਸਾਹਮਣੇ
Thursday, Oct 20, 2022 - 02:51 PM (IST)

ਲੁਧਿਆਣਾ (ਸਹਿਗਲ) : ਮੌਸਮ ’ਚ ਬਦਲਾਅ ਦੇ ਨਾਲ ਹੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵੀ ਵੱਧਣ ਲੱਗੀ ਹੈ। ਸਥਾਨਕ ਹਸਪਤਾਲਾਂ ’ਚ ਆਏ ਡੇਂਗੂ ਦੇ 112 ਮਰੀਜ਼ ਰਿਪੋਰਟ ਹੋਏ ਹਨ। ਇਨ੍ਹਾਂ ’ਚ ਸਿਹਤ ਵਿਭਾਗ ਨੇ 37 ਮਰੀਜ਼ਾਂ ’ਚ ਡੇਂਗੂ ਦੀ ਪੁਸ਼ਟੀ ਕੀਤੀ ਹੈ। ਪਾਜ਼ੇਟਿਵ ਮਰੀਜ਼ਾਂ ’ਚ 22 ਮਰੀਜ਼ ਜ਼ਿਲ੍ਹੇ ਦੇ, ਜਦੋਂਕਿ 15 ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਜ਼ਿਲ੍ਹੇ ਦੇ ਰਹਿਣ ਵਾਲੇ 75 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 532 ਮਰੀਜ਼ਾਂ ’ਚ ਡੇਂਗੂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ’ਚ 253 ਜ਼ਿਲ੍ਹੇ ਦੇ ਰਹਿਣ ਵਾਲੇ ਹਨ। 1995 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਮੈਡੀਕਲ ਮਾਹਿਰਾਂ ਮੁਤਾਬਕ ਆਉਣ ਵਾਲੇ ਦਿਨਾਂ ’ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ’ਚ ਵਾਧਾ ਹੋ ਸਕਦਾ ਹੈ। ਵੱਖ-ਵੱਖ ਹਸਪਤਾਲਾਂ ਤੋਂ ਇਲਾਵਾ ਓ. ਪੀ. ਡੀ. 'ਚ ਵੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ’ਚ ਵਾਧਾ ਦੇਖਿਆ ਜਾ ਸਕਦਾ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ 1082 ਘਰਾਂ ਦਾ ਦੌਰਾ ਕੀਤਾ ਗਿਆ। ਇਨ੍ਹਾਂ ’ਚੋਂ ਤਿੰਨ ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲਿਆ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ।