ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਮੌਤ
Monday, Dec 30, 2019 - 01:49 PM (IST)

ਗੁਰੂਹਰਸਹਾਏ (ਆਵਲਾ) - ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ’ਚ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਰਹੀਮੇ ਕੇ ਉਤਾੜ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਿਸ ਕਾਰਨ ਪਿੰਡ ’ਚ ਸ਼ੋਕ ਦਾ ਮਾਹੌਲ ਹੈ। ਮਿ੍ਤਕਾਂ ਦੀ ਪਛਾਣ ਸ਼ੇਰ ਸਿੰਘ ਜੰਟਾ ਅਤੇ ਕੁਲਦੀਪ ਸਿੰਘ ਉਮਰ ਕਰੀਬ (19/20) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਹਸਪਤਾਲ ਭੇਜ ਦਿੱਤਾ। ਜਾਣਕਾਰੀ ਅਨੁਸਾਰ ਮ੍ਰਿਤਕ ਸ਼ੇਰ ਸਿੰਘ ਦੇ ਭਰਾ ਨੇ ਦੱਸਿਆ ਕਿ ਬੀਤੇ ਦਿਨੀਂ ਦੁਪਹਿਰ ਦੇ ਸਮੇਂ ਉਹ ਅਤੇ ਉਸਦਾ ਦੋਸਤ ਜਲਾਲਾਬਾਦ ਵਿਖੇ ਪੈਸਿਆਂ ਦੇ ਲੈਣ-ਦੇਣ ਸਬੰਧੀ ਕੰਮ ਕਰਨ ਗਏ ਸਨ। ਸ਼ਾਮ ਕਰੀਬ ਸਾਢੇ 7 ਕੁ ਵਜੇ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਪਿੰਡ ਜੀਵਾ ਅਰਾਈ ਨੇੜੇ ਅਣਪਛਾਤੇ ਵਾਹਨ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਦੌਰਾਨ ਦੋਵਾਂ ਦੀ ਮੌਕੇ ’ਤੇ ਮੌਤ ਹੋ ਗਈ।
ਮ੍ਰਿਤਕ ਕੁਲਦੀਪ ਦੇ ਰਿਸ਼ਤੇਦਾਰ ਨੇ ਕਿਹਾ ਉਹ ਘਰ ’ਚੋਂ ਕਮਾਉਣ ਵਾਲਾ ਇਕਲੌਤਾ ਪੁੱਤਰ ਸੀ, ਜਿਸ ਦੇ ਸਿਰ ’ਤੇ ਘਰ ਦਾ ਗੁਜ਼ਾਰਾ ਚੱਲਦਾ ਸੀ। ਘਰ ਦੀ ਮਾਲੀ ਹਾਲਤ ਬੇਹੱਦ ਕਮਜ਼ੋਰ ਹੋਣ ਕਾਰਨ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਜ਼ਿਲਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਆਰਥਿਕ ਸਹਾਇਤਾ ਕੀਤੀ ਜਾਵੇ। ਉੱਧਰ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਲਾਸ਼ਾਂ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀਆਂ।