ਸਿੱਖਿਆ ਵਿਭਾਗ ਵਲੋਂ ਪੋਸਟ ਮੈਟ੍ਰਿਕ ਵਜ਼ੀਫੇ ਸਬੰਧੀ ਮੀਟਿੰਗ
Wednesday, Aug 07, 2019 - 08:46 AM (IST)
ਮੋਹਾਲੀ : ਸਿੱਖਿਆ ਵਿਭਾਗ ਪੰਜਾਬ ਵੱਲੋਂ ਮੁੱਖ ਦਫ਼ਤਰ ਵਿਖੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸੈਸ਼ਨ 2015-16 ਤੋਂ ਲੈ ਕੇ ਸੈਸ਼ਨ 2016-17 ਤੱਕ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸੰਬੰਧੀ ਪ੍ਰਾਪਤ ਦਸਤਾਵੇਜ਼ਾਂ 'ਚ ਪਾਈਆਂ ਖ਼ਾਮੀਆਂ ਕਾਰਨ ਲੱਗੇ ਆਡਿਟ ਇਤਰਾਜ਼ਾਂ ਨੂੰ ਦੂਰ ਕਰਨ ਸੰਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਵਿਚਾਰ-ਚਰਚਾ ਕੀਤੀ ਗਈ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਪਣੇ ਅਧੀਨ ਦਫ਼ਤਰੀ ਅਮਲੇ ਨੂੰ ਸੰਬੰਧਿਤ ਸਕੂਲਾਂ 'ਚ ਭੇਜ ਕੇ ਡੈਟਾ ਜਲਦੀ ਤੋਂ ਜਲਦੀ ਠੀਕ ਕਰਵਾ ਕੇ ਭੇਜਣ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀਆਂ ਦਾ ਭਲਾ ਹੋ ਸਕੇ। ਇਸ ਮੌਕੇ ਬੋਲਦਿਆਂ ਪਰਮਿੰਦਰ ਕੌਰ ਸਹਾਇਕ ਡਾਇਰੈਕਟਰ (ਵਜ਼ੀਫਾ) ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ,ਪੰਜਾਬ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਦੇਣ ਲਈ ਨਿਯਮਾਂ ਵਿੱਚ ਢਿੱਲ ਦਿੱਤੀ ਗਈ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਕਿਹਾ ਕਿ ਵਿਦਿਆਰਥੀਆਂ ਦਾ ਸਾਰਾ ਡੈਟਾ ਸੋਧ ਕੇ ਮੁੱਖ ਦਫਤਰ ਵਿਖੇ ਜਲਦੀ ਭੇਜਿਆ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਵਜ਼ੀਫੇ ਦੀ ਅਦਾਇਗੀ ਜਲਦੀ ਕੀਤੀ ਜਾ ਸਕੇ।