ਮੌਲਵੀਵਾਲਾ ਦੇ 5 ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਕੀਤਾ ਏਕਾਂਤਵਾਸ
Monday, May 04, 2020 - 07:18 PM (IST)
ਪਾਤੜਾਂ (ਮਾਨ) : ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਬਾਹਰਲਿਆਂ ਸੂਬਿਆਂ ਤੋਂ ਆਉਣ ਵਾਲੇ ਹਰ ਵਿਅਕਤੀ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਪਿੰਡ ਮੌਲਵੀਵਾਲਾ ਵਿਖੇ ਮੱਧ ਪ੍ਰਦੇਸ਼ ਤੋਂ ਆਏ ਪੰਜ ਹੋਰ ਵਿਅਕਤੀਆਂ ਨੂੰ ਆਪਣੇ ਘਰਾਂ ਵਿਚ ਹੀ ਏਕਾਂਤਵਾਸ ਕਰ ਦਿੱਤਾ ਗਿਆ ਹੈ । ਬਿੰਦਰ ਕੁਮਾਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਕਹਿਰ ਤੋਂ ਲੋਕਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਬਾਹਰਲਿਆਂ ਸੂਬਿਆਂ ਤੋਂ ਆਉਣ ਵਾਲੇ ਹਰ ਵਿਅਕਤੀ ਉੱਤੇ ਪੰਚਾਇਤਾਂ ਦੇ ਸਹਿਯੋਗ ਨਾਲ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਬੀਤੇ ਕੱਲ ਪਿੰਡ ਮੌਲਵੀਵਾਲਾ ਵਿਖੇ ਪੰਜ ਹੋਰ ਵਿਅਕਤੀ ਬਾਹਰਲੇ ਰਾਜਾਂ ਤੋਂ ਆਪਣਾ ਕੰਮ ਨਿਪਟਾਉਣ ਉਪਰੰਤ ਵਾਪਸ ਆਪਣੇ ਪਿੰਡ ਆਏ ਹਨ ਜਿਨ੍ਹਾਂ ਨੂੰ ਤੁਰੰਤ ਉਨ੍ਹਾਂ ਦੇ ਘਰਾਂ ਵਿਚ ਹੀ ਏਕਾਂਤਵਾਸ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਪਿੰਡ ਮੌਲਵੀਵਾਲਾ ਵਿਖੇ ਇਕਾਂਤਵਾਸ ਵਿਚ ਰੱਖੇ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ 40 ਹੋ ਗਈ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਬਿਮਾਰੀ ਨੂੰ ਰੋਕਣ ਲਈ ਉਹ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਣ ਅਤੇ ਆਪਣੇ ਘਰਾਂ ਵਿਚ ਹੀ ਰਹਿਣ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ ।