ਟਰਾਂਸਪੋਰਟ ਵਿਭਾਗ ਨੇ ਭਰਿਆ ਪੰਜਾਬ ਸਰਕਾਰ ਦਾ ਖਜ਼ਾਨਾ, ਪਿਛਲੇ ਸਾਲ ਦੇ ਮੁਕਾਬਲੇ 661.51 ਕਰੋੜ ਦਾ ਵਾਧਾ

Tuesday, Apr 04, 2023 - 06:31 PM (IST)

ਟਰਾਂਸਪੋਰਟ ਵਿਭਾਗ ਨੇ ਭਰਿਆ ਪੰਜਾਬ ਸਰਕਾਰ ਦਾ ਖਜ਼ਾਨਾ, ਪਿਛਲੇ ਸਾਲ ਦੇ ਮੁਕਾਬਲੇ 661.51 ਕਰੋੜ ਦਾ ਵਾਧਾ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਵਰ੍ਹੇ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨ ਵਿਚ 661.51 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੰਘੇ ਵਿੱਤੀ ਵਰ੍ਹੇ ਦੌਰਾਨ ਵਿਭਾਗ ਨੂੰ ਆਪਣੇ ਤਿੰਨਾਂ ਵਿੰਗਾਂ ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ (ਐੱਸ.ਟੀ.ਸੀ), ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ ਰੋਡਵੇਜ਼/ਪਨਬੱਸ ਤੋਂ 4139.59 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 3478.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਆਮਦਨ ਵਿਚ ਇਹ ਵਾਧਾ 19.01 ਫ਼ੀਸਦੀ ਬਣਦਾ ਹੈ। ਕੈਬਨਿਟ ਮੰਤਰੀ ਨੇ ਵਿੰਗ-ਵਾਰ ਵੇਰਵੇ ਦਿੰਦਿਆਂ ਦੱਸਿਆ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਨੂੰ ਅਪ੍ਰੈਲ 2021 ਤੋਂ ਮਾਰਚ 2022 ਤੱਕ ਕੁੱਲ 2358.96 ਕਰੋੜ ਰੁਪਏ ਦੀ ਆਮਦਨ ਹੋਈ ਸੀ, ਜੋ ਵਿੱਤੀ ਵਰ੍ਹੇ 2022-23 ਦੌਰਾਨ ਵਧ ਕੇ 2631.18 ਕਰੋੜ ਰੁਪਏ ਹੋ ਗਈ। ਉਨ੍ਹਾਂ ਕਿਹਾ ਕਿ 272.22 ਕਰੋੜ ਰੁਪਏ ਦਾ ਇਹ ਵਾਧਾ 11.53 ਫ਼ੀਸਦੀ ਬਣਦਾ ਹੈ।

ਇਹ ਵੀ ਪੜ੍ਹੋ : ਜਾਇਦਾਦ ਦੀਆਂ ਰਜਿਸਟਰੀਆਂ ਨੇ ਮਾਲਾ-ਮਾਲ ਕੀਤੀ ਪੰਜਾਬ ਸਰਕਾਰ, ਮਾਰਚ ਮਹੀਨੇ ਹੋਈ ਚੋਖ਼ੀ ਕਮਾਈ

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਪੀ. ਆਰ. ਟੀ. ਸੀ. ਨੇ ਵਿੱਤੀ ਵਰ੍ਹੇ 2022-23 ਦੌਰਾਨ 235.49 ਕਰੋੜ ਰੁਪਏ ਦੇ ਵਾਧੇ ਨਾਲ 807.53 ਕਰੋੜ ਰੁਪਏ ਕਮਾਈ ਕੀਤੀ ਜਦਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਇਹ ਆਮਦਨ 572.04 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਇਹ ਵਾਧਾ 41.16 ਫ਼ੀਸਦੀ ਬਣਦਾ ਹੈ। ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ ਦੀ ਆਮਦਨ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਪੰਜਾਬ ਰੋਡਵੇਜ਼/ਪਨਬੱਸ ਨੇ 547.08 ਕਰੋੜ ਰੁਪਏ ਦੀ ਕਮਾਈ ਕੀਤੀ। ਇਹ ਆਮਦਨ ਵਿੱਤੀ ਵਰ੍ਹੇ 2022-23 ਦੌਰਾਨ ਵਧ ਕੇ 700.88 ਕਰੋੜ ਰੁਪਏ ਹੋ ਗਈ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ। 

ਇਹ ਵੀ ਪੜ੍ਹੋ : ਵਿਧਾਇਕ ਬਲਕਾਰ ਸਿੰਘ ਹੋ ਸਕਦੇ ਹਨ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News