ਹੁਸ਼ਿਆਰਪੁਰ ਵਾਸੀਆਂ ਲਈ ਜੈਪੁਰ ਜਾਣਾ ਹੋਇਆ ਸੌਖਾ, ਸਿੱਧੀ ਬੱਸ ਸੇਵਾ ਸ਼ੁਰੂ
Saturday, Jan 18, 2020 - 02:39 PM (IST)
ਹੁਸ਼ਿਆਰਪੁਰ (ਅਮਰਿੰਦਰ ਮਿਸ਼ਰਾ)— ਪੰਜਾਬ ਸਰਕਾਰ ਵੱਲੋਂ ਹੁਸ਼ਿਆਰੁਪਰ ਦੇ ਵਾਸੀਆਂ ਨੂੰ ਇਕ ਵੱਡਾ ਤੋਹਫਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਪੰਜਾਬ ਰੋਡਵੇਜ ਦੀ ਇਕ ਬੱਸ ਸਿੱਧੀ ਹੁਸ਼ਿਆਰਪੁਰ ਤੋਂ ਜੈਪੁਰ ਲਈ ਸ਼ੁਰੂ ਕਰ ਦਿੱਤੀ ਗਈ ਹੈ। ਬੱਸ ਦੀ ਸ਼ੁਰੂਆਤ ਅੱਜ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਹਰੀ ਝੰਡੀ ਦੇ ਕੇ ਕੀਤੀ। ਹੁਸ਼ਿਆਰਪੁਰ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਕਿਹਾ ਕਿ ਪਿੰਕ ਸਿਟੀ ਜੈਪੁਰ ਲਈ ਬੱਸ ਸੇਵਾ ਉਪਲੱਬਧ ਕਰਵਾਉਣ ਨੂੰ ਲੈ ਕੇ ਸ਼ਹਿਰਵਾਸੀ ਬੇਹੱਦ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬੱਸ ਰੋਜ਼ਾਨਾ ਦਿੱਲੀ ਤੋਂ ਹੁੰਦੇ ਜਾਇਆ ਕਰੇਗੀ। ਉਨ੍ਹਾਂ ਕਿਹਾ ਕਿ ਉਹ ਹੁਸ਼ਿਆਰਪੁਰ ਦੇ ਵਾਸੀਆਂ ਲਈ ਮਾਤਾ ਵੈਸ਼ਨੋ ਦੇਵੀ ਲਈ ਵਾਲਵੋ ਬੱਸ ਦੀ ਸਹੂਲਤ ਉਪਲੱਬਧ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਹੁਸ਼ਿਆਰਪੁਰ ਡਿਪੂ ਦੇ ਮੈਨੇਜਰ ਹਰਜਿੰਦਰ ਸਿੰਘ ਮਿਨਹਾਸ, ਜ਼ਿਲਾ ਕਾਂਗਰਸ ਦੇ ਪ੍ਰਧਾਨ ਡਾ. ਕੁਲਦੀਪ ਨੰਦਾ, ਡੀ.ਸੀ. ਈਸ਼ਾ ਕਾਲੀਆ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਆਦਿ ਮੌਜੂਦ ਸਨ।
ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਦਾ ਕੀਤਾ ਧੰਨਵਾਦ
ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਹੀ ਸਨਮਾਨ ਦੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸੰਤ ਨਗਰੀ ਦੇ ਵਾਸੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਹੁਣ ਸੰਸਕ੍ਰਿਤਿਕ ਨਗਰੀ ਜੈਪੁਰ ਲਈ ਬੱਸ ਸੇਵਾ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਹੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਕੱਟੜਾ ਤੱਕ ਬੱਸ ਸੇਵਾ ਸ਼ੁਰੂ ਕਰ ਜਾ ਰਹੀ ਹੈ ਅਤੇ ਉਮੀਦ ਹੈ ਕਿ ਬਹੁਤ ਜਲਦੀ ਬੱਸ ਚਲਣੀ ਸ਼ੁਰੂ ਹੋ ਜਾਵੇਗੀ।