ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਦਫ਼ਤਰਾਂ ਦੀ ਚੈਕਿੰਗ
Friday, Jul 07, 2017 - 07:10 AM (IST)
ਤਰਨਤਾਰਨ, (ਰਾਜੂ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੇ ਸਾਰੇ ਦਫ਼ਤਰਾਂ ਵਿਚ ਸਰਕਾਰੀ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਸਵੇਰੇ ਦਫ਼ਤਰ ਮਾਰਕੀਟ ਕਮੇਟੀ ਤੇ ਦਫ਼ਤਰ ਪੰਜਾਬ ਮੰਡੀ ਬੋਰਡ ਦੀ ਅਚਨਚੇਤ ਚੈਕਿੰਗ ਕੀਤੀ, ਜਿਸ ਦੌਰਾਨ ਜ਼ਿਆਦਾਤਰ ਕਰਮਚਾਰੀ ਗੈਰ-ਹਾਜ਼ਰ ਪਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਉਨ੍ਹਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ, ਸਹਾਇਕ ਕਮਿਸ਼ਨਰ ਜਨਰਲ ਗੁਰਸਿਮਰਨਦੀਪ ਸਿੰਘ ਢਿੱਲੋਂ ਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਰਜਨੀਸ਼ ਅਰੋੜਾ ਵੱਲੋਂ ਵੀ ਜ਼ਿਲੇ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿਚ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਦਫ਼ਤਰ ਮਾਰਕੀਟ ਕਮੇਟੀ ਤਰਨਤਾਰਨ ਦੇ 23 ਕਰਮਚਾਰੀ ਅਤੇ ਦਫ਼ਤਰ ਪੰਜਾਬ ਮੰਡੀ ਬੋਰਡ ਦੇ 8 ਕਰਮਚਾਰੀ ਗੈਰ-ਹਾਜ਼ਰ ਪਾਏ ਗਏ। ਉਨ੍ਹਾਂ ਦੱਸਿਆ ਕਿ ਗੈਰ-ਹਾਜ਼ਰ ਪਾਏ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਤੇ ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਸੱਭਰਵਾਲ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਅਫ਼ਸਰਾਂ ਤੇ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ ਅਤੇ ਗੈਰ-ਹਾਜ਼ਰ ਪਾਏ ਜਾਣ ਵਾਲੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਆਪਣੇ-ਆਪਣੇ ਦਫ਼ਤਰਾਂ ਵਿਚ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਹੀਨੇ ਵਿਚ 2-3 ਵਾਰ ਸਰਕਾਰੀ ਦਫ਼ਤਰਾਂ ਵਿਚ ਅਚਨਚੇਤ ਚੈਕਿੰਗ ਕੀਤੀ ਜਾਇਆ ਕਰੇਗੀ।
