ਉਪ ਮੁੱਖ ਮੰਤਰੀ ਨੂੰ ਸਿੰਘੂ ਕਤਲਕਾਂਡ ਪਿੱਛੇ ਡੂੰਘੀ ਸਾਜ਼ਿਸ਼ ਹੋਣ ਦਾ ਸ਼ੱਕ, ਨਿਆਂ ਦਿਵਾਉਣ ਦਾ ਕੀਤਾ ਵਾਅਦਾ

Tuesday, Oct 19, 2021 - 08:39 PM (IST)

ਉਪ ਮੁੱਖ ਮੰਤਰੀ ਨੂੰ ਸਿੰਘੂ ਕਤਲਕਾਂਡ ਪਿੱਛੇ ਡੂੰਘੀ ਸਾਜ਼ਿਸ਼ ਹੋਣ ਦਾ ਸ਼ੱਕ, ਨਿਆਂ ਦਿਵਾਉਣ ਦਾ ਕੀਤਾ ਵਾਅਦਾ

ਚੰਡੀਗੜ੍ਹ - ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਸਿੰਘੂ ਕਤਲਕਾਂਡ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਾਉਣ ਦੀ ਇੱਕ ਡੂੰਘੀ ਸਾਜ਼ਿਸ਼ ਜਾਪਦੀ ਹੈ। ਤਰਨਤਾਰਨ ਦੇ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਿਤ ਮਜ਼ਦੂਰ ਦੇ ਕਤਲ ਦੀ ਮੌਜੂਦਾ ਘਟਨਾ ਅਤੇ ਮੀਡੀਆ ਵਿੱਚ ਹੋਏ ਤਾਜ਼ਾ ਖੁਲਾਸਿਆਂ ਦਾ ਜ਼ਿਕਰ ਕਰਦਿਆਂ ਉਪ ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਪੂਰਨ ਨਿਆਂ ਦਾ ਵਾਅਦਾ ਕਰਦਿਆਂ ਕਿਹਾ ਕਿ ਸਰਕਾਰ ਮਾਮਲੇ ਦੀ ਡੂੰਘਾਈ ਤੱਕ ਪਹੁੰਚੇਗੀ ਅਤੇ ਇਸ ਘਟਨਾ ਦੇ ਅਸਲ ਸਾਜ਼ਿਸ਼ਕਰਤਾਵਾਂ ਨੂੰ ਬੇਨਕਾਬ ਕਰੇਗੀ। 

ਨਿਹੰਗ ਆਗੂਆਂ ਵਿੱਚੋਂ ਇੱਕ ਨਿਹੰਗ ਆਗੂ ਦੇ ਭਾਰਤ ਸਰਕਾਰ, ਖ਼ਾਸ ਕਰਕੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਸਬੰਧ ਹੋਣ ਬਾਰੇ ਹਾਲ ਹੀ ਵਿੱਚ ਹੋਏ ਖੁਲਾਸਿਆਂ ਦੇ ਮੱਦੇਨਜ਼ਰ, ਉਨ੍ਹਾਂ ਕਿਹਾ ਕਿ ਇਸ ਕਤਲਕਾਂਡ ਨੇ ਹੁਣ ਬਿਲਕੁਲ ਵੱਖਰਾ ਮੋੜ ਲੈ ਲਿਆ ਹੈ। ਉਹੀ ਨਿਹੰਗ ਆਗੂ ਹੁਣ ਲਖਬੀਰ ਸਿੰਘ ਦੀ ਹੱਤਿਆ ਦੇ ਮੁੱਖ ਦੋਸ਼ੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

ਇਹ ਵੀ ਪੜ੍ਹੋ - ਬਿਨਾਂ ਪ੍ਰਦੂਸ਼ਣ ਸਰਟੀਫਿਕੇਟ ਦੇ ਪੈਟਰੋਲ ਪੰਪ ਪੁੱਜੇ ਤਾਂ ਹੋ ਸਕਦੈ 10,000 ਰੁਪਏ ਦਾ ਚਲਾਨ

ਉਪ ਮੁੱਖ ਮੰਤਰੀ ਨੇ ਕਿਹਾ ਕਿ ਅਨੁਸੂਚਿਤ ਜਾਤੀ ਪਰਿਵਾਰ ਨਾਲ ਸਬੰਧਤ ਲਖਬੀਰ ਸਿੰਘ ਪਿੰਡ ਚੀਮਾ ਕਲਾਂ ਦਾ ਰਹਿਣ ਵਾਲਾ ਸੀ ਅਤੇ ਬਹੁਤ ਗਰੀਬ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਇਹ ਪਤਾ ਲਗਾਉਣ ਦੀ ਜ਼ਰੂਰਤ ਹੈ ਕਿ ਉਸਨੂੰ ਸਿੰਘੂ ਸਰਹੱਦ 'ਤੇ ਕੌਣ ਲੈ ਕੇ ਗਿਆ ਸੀ ਅਤੇ ਕਿਸਨੇ ਦਿਲੀ ਤੱਕ ਉਸਦੀ ਯਾਤਰਾ ਦਾ ਖ਼ਰਚ ਕੀਤਾ ਸੀ ਕਿਉਂਕਿ ਉਸ ਕੋਲ ਆਪਣੀ ਰੋਟੀ ਲਈ ਵੀ ਪੈਸੇ ਨਹੀਂ ਸਨ। ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ ਉਨ੍ਹਾਂ ਕਾਰਨਾਂ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਜਿਨ੍ਹਾਂ ਕਾਰਨਾਂ ਕਰਕੇ ਲਖਬੀਰ ਚੀਮਾ ਕਲਾਂ ਪਿੰਡ ਤੋਂ ਸਿੰਘੂ ਬਾਰਡਰ ਗਿਆ ਸੀ।

ਹਾਲ ਹੀ ਵਿੱਚ ਸਾਹਮਣੇ ਆਈਆਂ ਤਾਜ਼ਾ ਤਸਵੀਰਾਂ ਦੇ ਮੱਦੇਨਜ਼ਰ ਸ. ਰੰਧਾਵਾ ਨੇ ਕਿਹਾ ਕਿ ਨਿਹੰਗ ਆਗੂ ਨੂੰ ਕੇਂਦਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਆਪਣੀ ਮੁਲਾਕਾਤ ਦਾ ਕਾਰਨ ਦੱਸਣ ਦੀ ਜ਼ਰੂਰਤ ਹੋਵੇਗੀ ਅਤੇ ਇਹ ਵੀ ਦੱਸਣਾ ਹੋਵੇਗਾ ਕਿ ਕੀ ਉਨ੍ਹਾਂ ਨੂੰ ਤਿੰਨ ਕਾਲੇ ਖੇਤੀ ਕਾਨੂੰਨ ਵਿਰੁੱਧ ਮੁਹਿੰਮ ਦੀ ਅਗਵਾਈ ਕਰ ਰਹੇ ਕਿਸਾਨ ਯੂਨੀਅਨਾਂ ਵੱਲੋਂ ਅਜਿਹਾ ਕਰਨ ਦਾ ਹੁਕਮ ਦਿੱਤਾ ਗਿਆ ਸੀ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਨਿਹੰਗ ਆਗੂਆਂ ਵੱਲੋਂ ਸਿੰਘੂ ਬਾਰਡਰ 'ਤੇ ਡੇਰੇ ਅਤੇ ਧਰਨੇ ਵਾਲੇ ਸਥਾਨ ਦੀ ਮਹੱਤਤਾ ਨੂੰ ਵੇਖਦਿਆਂ ਨਿਹੰਗ ਆਗੂਆਂ ਲਈ ਕਿਸਾਨ ਯੂਨੀਅਨਾਂ ਨੂੰ ਸੂਚਿਤ ਕਰਨਾ ਅਤੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੀਆਂ ਮੀਟਿੰਗਾਂ ਬਾਰੇ ਅਪਡੇਟ ਦੇਣਾ ਲਾਜ਼ਮੀ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੇ ਮਨਾਂ ਵਿੱਚ ਸ਼ੰਕੇ ਅਤੇ ਸ਼ੱਕ ਪੈਦਾ ਹੋਏ ਹਨ ਜਿਨ੍ਹਾਂ ਨੂੰ ਦੂਰ ਕਰਨ ਦੀ ਜ਼ਰੂਰਤ ਹੈ ਅਤੇ ਪੰਜਾਬ ਸਰਕਾਰ ਸਾਜ਼ਿਸ਼ ਦੀ ਜੜ੍ਹ ਤੱਕ ਪਹੁੰਚਣ ਅਤੇ ਦੋਸ਼ੀਆਂ ਨੂੰ ਬੇਨਕਾਬ ਕਰਨ ਅਤੇ ਸਜ਼ਾ ਦੇਣ ਲਈ ਹਰ ਸੰਭਵ ਯਤਨ ਕਰੇਗੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News