ਜ਼ਿਲ੍ਹੇ ਦੀਆਂ ਮੰਡੀਆਂ ਵਿਚ 358155 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ : ਡਿਪਟੀ ਕਮਿਸ਼ਨਰ

Saturday, Nov 02, 2024 - 06:22 PM (IST)

ਜ਼ਿਲ੍ਹੇ ਦੀਆਂ ਮੰਡੀਆਂ ਵਿਚ 358155 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ : ਡਿਪਟੀ ਕਮਿਸ਼ਨਰ

ਫ਼ਰੀਦਕੋਟ (ਜਗਦੀਸ਼) : ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ , ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 358155 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 312436 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਵੀ ਤੇਜ਼ੀ ਲਿਆਂਦੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਖਰੀਦ ਪ੍ਰਕਿਰਿਆ ਸੁਖਾਲੀ ਬਣਾਉਣ ਲਈ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਛਾਂ, ਤਿਰਪਾਲ ਅਤੇ ਬਾਰਦਾਨੇ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸਿ਼ਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਇਸ ਲਈ ਝੋਨੇ ਦੀ ਕਟਾਈ ਕਰਨ ਉਪਰੰਤ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਯੋਗ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿਚ ਆਪਣਾ ਯੋਗਦਾਨ ਪਾਉਣ।

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ-ਵੱਖ ਏਜੰਸੀਆਂ ਜਿੰਨਾਂ ਵਿਚ ਪਨਗ੍ਰੇਨ ਨੇ 124144 ਮੀਟ੍ਰਿਕ ਟਨ, ਮਾਰਕਫੈਡ ਨੇ 81257.2 ਮੀਟ੍ਰਿਕ ਟਨ, ਪਨਸਪ ਨੇ 70899 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 34992 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1144 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਵਿੱਚੋਂ 180294 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।


author

Gurminder Singh

Content Editor

Related News