ਡਿਪਟੀ ਕਮਿਸ਼ਨਰ ਨੇ ਤਰੇੜਾਂ ਨੂੰ ਭਰਨ ਦੇ ਕੰਮ ਦਾ ਲਿਆ ਜਾਇਜ਼ਾ, 2 ਦਿਨ ਹੋਰ ਬੰਦ ਰਹਿਣਗੇ 15 ਸਰਕਾਰੀ ਸਕੂਲ
Monday, Jul 17, 2023 - 01:12 PM (IST)

ਜਲੰਧਰ (ਚੋਪੜਾ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੀ ਧੱਕਾ ਬਸਤੀ ’ਚ ਪਾੜ ਨੂੰ ਭਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। 900 ਫੁੱਟ ਤੋਂ ਵੱਧ ਪਾੜ ’ਚੋਂ 200 ਫੁੱਟ ਪਾੜ ਨੂੰ ਭਰਨ ਦੇ ਕੰਮ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖੇਤਰਾਂ ਤੋਂ ਰੇਤ ਦੀਆਂ ਬੋਰੀਆਂ ਟਰਾਲੀਆਂ ’ਚ ਭਰ ਕੇ ਆਏ ਅਧਿਕਾਰੀਆਂ ਤੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਵਿਸ਼ੇਸ਼ ਸਾਰੰਗਲ ਨੇ ਪੁਲਸ ਅਧਿਕਾਰੀਆਂ ਨੂੰ ਡੈਮ ’ਤੇ ਰੇਤ ਦੀਆਂ ਬੋਰੀਆਂ ਨਾਲ ਭਰੀਆਂ ਟਰਾਲੀਆਂ ਤੇ ਟਿੱਪਰਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਕਿਹਾ। ਤਰੇੜ ਭਰਨ ਦੇ ਕੰਮ ਦੀ ਨਿਗਰਾਨੀ ਕਰ ਰਹੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਡਿਪਟੀ ਕਮਿਸ਼ਨਰ ਨੂੰ ਸਮੁੱਚੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਰ ਸ਼ਾਮ ਤੱਕ ਹੋਣ ਵਾਲੇ ਕੰਮਾਂ ਨੂੰ ਪੂਰੀ ਸੁਰੱਖਿਆ ਨਾਲ ਕੀਤਾ ਜਾਵੇ। ਉਨ੍ਹਾਂ ਸਥਾਨਕ ਲੋਕਾਂ ਅਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ’ਚ ਹੋਰ ਟੀਮਾਂ ਤਾਇਨਾਤ ਕਰ ਕੇ ਬੰਨ੍ਹ ’ਚ ਪਏ ਪਾੜ ਨੂੰ ਭਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੇਤ ਦੀਆਂ ਬੋਰੀਆਂ ਨੂੰ ਲਗਾਤਾਰ ਲਿਆਉਣਾ 900 ਫੁੱਟ ਪਾੜ ਨੂੰ ਪੂਰਾ ਕਰਨ ’ਚ ਸਹਾਈ ਹੋਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਘਟਣ ਨਾਲ ਬੰਨ੍ਹ ’ਚ ਪਾੜ ਨੂੰ ਭਰਨ ਦੇ ਕੰਮ ’ਚ ਵੀ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਐੱਨ. ਡੀ. ਆਰ. ਐੱਫ., ਐੱਸ. ਡੀ. ਆਰ. ਐੱਫ. ਇਸ ਕੁਦਰਤੀ ਆਫ਼ਤ ਸਮੇਂ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਯਤਨਸ਼ੀਲ ਹੈ ਤੇ ਸਿਹਤ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸੁਰੱਖਿਆ ਦੇ ਮੱਦੇਨਜ਼ਰ DCP ਅੰਕੁਰ ਗੁਪਤਾ ਵੱਲੋਂ ਨਵੇਂ ਹੁਕਮ ਜਾਰੀ, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
ਇਨ੍ਹਾਂ ਸਰਕਾਰੀ ਸਕੂਲਾਂ ’ਚ ਅੱਜ ਤੇ ਕੱਲ ਛੁੱਟੀ ਰਹੇਗੀ
ਜਿਨ੍ਹਾਂ 15 ਸਰਕਾਰੀ ਸਕੂਲਾਂ ’ਚ ਅੱਜ ਤੇ ਕੱਲ ਛੁੱਟੀ ਰਹੇਗੀ, ਇਨ੍ਹਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਚੋਹਲੀਆ, ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਸ਼ਹਿਰੀਆ, ਸਰਕਾਰੀ ਪ੍ਰਾਇਮਰੀ ਸਕੂਲ ਧੱਕਾ ਬਸਤੀ, ਸਰਕਾਰੀ ਪ੍ਰਾਇਮਰੀ ਸਕੂਲ ਨਸੀਰਪੁਰ, ਸਰਕਾਰੀ ਪ੍ਰਾਇਮਰੀ ਸਕੂਲ ਵਾੜਾ ਜੋਧ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਵਾੜਾ ਜੋਧ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਕਾਸੂ, ਸਰਕਾਰੀ ਪ੍ਰਾਇਮਰੀ ਸਕੂਲ ਜਲਾਲਪੁਰ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਪਿੰਡ ਖਾਲੇਵਾਲ, ਸਰਕਾਰੀ ਪ੍ਰਾਇਮਰੀ ਸਕੂਲ ਮੰਡਾਲਾ, ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬੰਡਾਲਾ, ਸਰਕਾਰੀ ਪ੍ਰਾਇਮਰੀ ਸਕੂਲ ਜਾਨੀਆ ਚਹਿਲ, ਸਰਕਾਰੀ ਪ੍ਰਾਇਮਰੀ ਸਕੂਲ ਮਹਿਰਾਜਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮੰਡਾਲਾ ਛੰਨਾ, ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੇ) ਲੋਹੀਆਂ ਖਾਸ ਸ਼ਾਮਲ ਹਨ।
ਇਹ ਵੀ ਪੜ੍ਹੋ : ਮਨਾਲੀ ਘੁੰਮਣ ਗਿਆ ਇੰਜੀਨੀਅਰ ਦੋਸਤਾਂ ਸਣੇ ਲਾਪਤਾ, ਲਾਸਟ ਲੋਕੇਸ਼ਨ 'ਤੇ ਪੁੱਜੇ ਭਰਾ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8