ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਵਿਭਾਗਾਂ ਨੂੰ ਹਦਾਇਤਾਂ ਜਾਰੀ, ਵਿਕਾਸ ਪ੍ਰਾਜੈਕਟਾਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼
Tuesday, Jan 23, 2024 - 05:55 PM (IST)
ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਦੇ ਨਾਲ-ਨਾਲ ਕੰਮਾਂ ਨੂੰ ਮਿਆਰੀ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਪ੍ਰਾਜੈਕਟਾਂ ਦਾ ਸਮੇਂ ਸਿਰ ਲਾਭ ਮਿਲ ਸਕੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਨਾਲ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ’ਚ ਚੱਲ ਰਹੇ ਸਾਰੇ ਵਿਕਾਸ ਪ੍ਰਾਜੈਕਟਾਂ ਦੀ ਸਥਿਤੀ ਬਾਰੇ ਤੁਰੰਤ ਮੁਕੰਮਲ ਰਿਪੋਰਟ ਸੌਂਪਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕੰਮਾਂ ਨੂੰ ਘੱਟ ਤੋਂ ਘੱਟ ਸਮੇਂ ’ਚ ਪੂਰਾ ਕਰਨ ਲਈ ਉਪਰਾਲੇ ਤੇਜ਼ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪ੍ਰਾਜੈਕਟਾਂ ਦੇ ਮੁਕੰਮਲ ਹੋਣ ’ਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਸਾਰੰਗਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਖੁਦ ਵਿਕਾਸ ਪ੍ਰਾਜੈਕਟਾਂ ਦੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ ਅਤੇ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਇਹ ਵੀ ਪੜ੍ਹੋ : ਮੁੱਖ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ, ਨੁਮਾਇੰਦੀਆਂ ਨੂੰ ਕੀਤੀ ਇਹ ਬੇਨਤੀ
ਉਨ੍ਹਾਂ ਹਰੇਕ ਵਿਭਾਗ ਨੂੰ ਇੱਕ ਦਿਨ ਦੇ ਅੰਦਰ ਵੇਰਵੇ ਜਮ੍ਹਾ ਕਰਾਉਣ ਲਈ ਕਿਹਾ ਤਾਂ ਜੋ ਕੰਮਾਂ ਦੀ ਤਾਜ਼ਾ ਸਥਿਤੀ ਬਾਰੇ ਤਸਵੀਰ ਸਪੱਸ਼ਟ ਹੋ ਸਕੇ ਅਤੇ ਉਨ੍ਹਾਂ ਨੂੰ ਜਲਦ ਮੁਕੰਮਲ ਕਰਨ ਲਈ ਰਿਪੋਰਟ ਅਨੁਸਾਰ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਜਾਂ ਰੁਕਾਵਟ ਪੇਸ਼ ਆਉਂਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਉਨ੍ਹਾਂ ਦੇ ਧਿਆਨ ’ਚ ਲਿਆ ਸਕਦੇ ਹਨ। ਉਨ੍ਹਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਇਨ੍ਹਾਂ ਕੰਮਾਂ ਦੀ ਵਿਅਕਤੀਗਤ ਤੌਰ ’ਤੇ ਸਮੀਖਿਆ ਕਰਨ ਲਈ ਵੀ ਕਿਹਾ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਤੇ ਮੇਜਰ ਡਾ. ਅਮਿਤ ਮਹਾਜਨ ਆਦਿ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਵਿਧਾਇਕ ਪਠਾਣਮਾਜਰਾ ਵਲੋਂ ਘੜਾਮ ਵਿਖੇ ਵੱਡੇ ਪੱਧਰ ’ਤੇ ਮਾਤਾ ਕੌਸ਼ੱਲਿਆ ਮੰਦਰ ਦੇ ਨਿਰਮਾਣ ਦਾ ਐਲਾਨ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।