ਵਿਧਾਇਕਾਂ ਤੇ ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Friday, Sep 29, 2017 - 12:20 PM (IST)
ਹੁਸ਼ਿਆਰਪੁਰ(ਘੁੰਮਣ)— ਹਲਕਾ ਵਿਧਾਇਕ ਟਾਂਡਾ ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਹਲਕਾ ਵਿਧਾਇਕ ਮੁਕੇਰੀਆਂ ਰਜਨੀਸ਼ ਕੁਮਾਰ ਬੱਬੀ ਅਤੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਵੀਰਵਾਰ ਨੂੰ ਮੀਟਿੰਗ ਦੌਰਾਨ ਜ਼ਿਲੇ ਵਿਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦਾ ਇਕ-ਇਕ ਦਾਣਾ ਮੰਡੀਆਂ 'ਚੋਂ ਚੁੱਕਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਕੀਮਤ 'ਤੇ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਸ਼੍ਰੀ ਗਿਲਜੀਆਂ, ਡਾ. ਰਾਜ ਕੁਮਾਰ ਅਤੇ ਸ਼੍ਰੀ ਬੱਬੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਵਿਸ਼ੇਸ਼ ਸਹੂਲਤਾਂ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ, ਕਿਉਂਕਿ ਜ਼ਿਆਦਾ ਨਮੀ ਵਾਲੇ ਝੋਨੇ ਦੀ ਕਟਾਈ ਹੋਣ ਨਾਲ ਖਰੀਦ ਦੌਰਾਨ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ।
ਡਿਪਟੀ ਕਮਿਸ਼ਨਰ ਉੱਜਵਲ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਾਰੀਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਜ਼ਿਲੇ ਵਿਚ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਕਿਹਾ ਕਿ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ 'ਤੇ ਪਾਬੰਦੀ ਲਾਈ ਜਾ ਚੁੱਕੀ ਹੈ, ਇਸ ਲਈ ਐੱਸ. ਡੀ. ਐੱਮਜ਼ ਯਕੀਨੀ ਬਣਾਉਣ ਕਿ ਇਸ ਸਮੇਂ ਦੌਰਾਨ ਝੋਨੇ ਦੀ ਕਟਾਈ ਬਿਲਕੁਲ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਖਰੀਦ ਲਈ ਇਸ ਵਾਰ 62 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਇਨ੍ਹਾਂ ਖਰੀਦ ਕੇਂਦਰਾਂ ਵਿਚ ਬਾਰਦਾਨੇ ਦਾ ਪ੍ਰਬੰਧ ਵੀ ਕਰ ਲਿਆ ਗਿਆ ਹੈ।
ਇਸ ਮੌਕੇ ਏ. ਡੀ. ਸੀ. (ਜ) ਸ਼੍ਰੀਮਤੀ ਅਨੁਪਮ ਕਲੇਰ, ਏ. ਡੀ. ਸੀ. (ਡੀ) ਹਰਬੀਰ ਸਿੰਘ, ਐੱਸ. ਡੀ. ਐੱਮ. ਹੁਸ਼ਿਆਰਪੁਰ ਜਿਤੇਂਦਰ ਜੋਰਵਾਲ, ਐੱਸ. ਡੀ. ਐੱਮ. ਦਸੂਹਾ ਹਿੰਮਾਸ਼ੂ ਅਗਰਵਾਲ, ਐੱਸ. ਡੀ. ਐੱਮ. ਮੁਕੇਰੀਆਂ ਸ਼੍ਰੀਮਤੀ ਕੋਮਲ ਮਿੱਤਲ, ਐੱਸ. ਡੀ. ਐੱਮ. ਗੜ੍ਹਸ਼ੰਕਰ ਹਰਦੀਪ ਸਿੰਘ ਧਾਲੀਵਾਲ, ਡੀ. ਐੱਫ. ਐੱਸ. ਸੀ. ਸ਼੍ਰੀਮਤੀ ਰਜਨੀਸ਼ ਕੌਰ, ਜ਼ਿਲਾ ਮਾਲ ਅਫਸਰ ਅਮਨਪਾਲ ਸਿੰਘ, ਜ਼ਿਲਾ ਮੰਡੀ ਅਫ਼ਸਰ ਮੋਹਨ ਸਿੰਘ ਤੋਂ ਇਲਾਵਾ ਖਰੀਦ ਏਜੰਸੀਆਂ, ਸ਼ੈਲਰਜ਼ ਐਸੋਸੀਏਸ਼ਨ, ਆੜ੍ਹਤੀਆ ਐਸੋਸੀਏਸ਼ਨ, ਲੇਬਰਜ਼/ਟਰਾਂਸਪੋਰਟਸ ਐਸੋਸੀਏਸ਼ਨ ਆਦਿ ਦੇ ਨੁਮਾਇੰਦੇ ਵੀ ਹਾਜ਼ਰ ਸਨ।
