ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ

Thursday, Aug 03, 2017 - 04:38 PM (IST)

ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਘੁੰਮਣ)— ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਕਿਹਾ ਕਿ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਜ਼ਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਹ ਅੱਜ ਸੰਭਾਵੀ ਹੜ੍ਹਾਂ ਸਬੰਧੀ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਨਾਲ ਨਜਿੱਠਣ ਲਈ ਸਬ-ਡਿਵੀਜ਼ਨਾਂ ਵਿਚ ਸੈਕਟਰ ਵਾਈਜ਼ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿਚ ਮੈਡੀਕਲ ਅਤੇ ਵੈਟਰਨਰੀ ਟੀਮਾਂ, ਫੂਡ ਐਂਡ ਸਪਲਾਈਜ਼ ਵਿਭਾਗ ਤੋਂ ਇਲਾਵਾ ਫਲੱਡ ਟਰੇਂਡ ਕਰਮਚਾਰੀ, ਸੰਬੰਧਤ ਸਰਪੰਚ-ਨੰਬਰਦਾਰ ਅਤੇ ਐੱਨ. ਜੀ. ਓਜ਼ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਫਲੱਡ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਵਰਗੀ ਹੰਗਾਮੀ ਸਥਿਤੀ ਵਿਚ ਵਿਭਾਗਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਜੋ ਅਜਿਹੇ ਹਾਲਾਤ ਨਾਲ ਸੁਚਾਰੂ ਢੰਗ ਨਾਲ ਨਜਿੱਠਿਆ ਜਾ ਸਕੇ। 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਭਾਗਾਂ ਨੂੰ ਪਹਿਲਾਂ ਹੀ ਜ਼ਿੰਮੇਵਾਰੀਆਂ ਸੌਂਪੀਆਂ ਜਾ ਚੁੱਕੀਆਂ ਹਨ, ਇਸ ਲਈ ਵਿਭਾਗ ਯਕੀਨੀ ਬਣਾਉਣ ਕਿ ਉਨ੍ਹਾਂ ਨਾਲ ਸੰਬੰਧਤ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਾ ਰਹੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਬਾਰੇ ਰੋਜ਼ਾਨਾ ਨਿਗਰਾਨੀ ਰੱਖੀ ਜਾਵੇਗੀ, ਇਸ ਲਈ ਐੱਸ. ਡੀ. ਐੱਮਜ਼. ਪੂਰੀ ਗੰਭੀਰਤਾ ਨਾਲ ਸਾਰੇ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਦਸੂਹਾ ਅਤੇ ਮੁਕੇਰੀਆਂ ਸਬ-ਡਵੀਜ਼ਨਾਂ ਦੇ ਕੁਝ ਇਲਾਕੇ ਹੜ੍ਹਾਂ ਵਰਗੇ ਹਾਲਾਤ ਨਾਲ ਪ੍ਰਭਾਵਿਤ ਹੋ ਸਕਦੇ ਹਨ। ਇਸ ਲਈ ਐੱਸ. ਡੀ. ਐੱਮਜ਼. ਬਾਕੀ ਪ੍ਰਬੰਧਾਂ ਦੇ ਨਾਲ-ਨਾਲ ਸਥਾਪਤ ਕੀਤੇ ਗਏ ਫਲੱਡ ਕੰਟਰੋਲ ਰੂਮਾਂ ਦੀ ਨਿਗਰਾਨੀ ਵੀ ਰੱਖਣ ਤਾਂ ਜੋ ਇਹ ਕੰਟਰੋਲ ਰੂਮ 24 ਘੰਟੇ ਲਈ ਨਿਰਵਿਘਨ ਕੰਮ ਕਰਨ।  
ਉੱਜਵਲ ਨੇ ਸੰਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਪੀਣ ਵਾਲੇ ਪਾਣੀ, ਪਸ਼ੂਧਨ ਦੀ ਸੰਭਾਲ ਲਈ ਤੂੜੀ, ਹਰੇ ਚਾਰੇ ਅਤੇ ਦਵਾਈਆਂ, ਖਾਣ-ਪੀਣ ਵਾਲੇ ਪਦਾਰਥਾਂ, ਟਰਾਂਸਪੋਰਟੇਸ਼ਨ, ਸੁਰੱਖਿਅਤ ਥਾਵਾਂ ਦੀ ਨਿਸ਼ਾਨਦੇਹੀ ਅਤੇ ਹੋਰ ਜ਼ਰੂਰੀ ਪਹਿਲੂਆਂ ਸਬੰਧੀ ਤਿਆਰੀ ਰੱਖਣ, ਤਾਂ ਜੋ ਅਜਿਹੇ ਹਾਲਾਤ ਪੈਦਾ ਹੋਣ ਦੀ ਸੂਰਤ ਵਿਚ ਢੁਕਵੇਂ ਕਦਮ ਚੁੱਕਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਵਰਤੋਂ ਵਿਚ ਆਉਣ ਵਾਲੇ ਉਪਲੱਬਧ ਸਾਧਨ ਵੀ ਤਿਆਰ ਰੱਖੇ ਜਾਣ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਹਿਰਾਂ ਅਤੇ ਚੋਆਂ ਵਿਚ ਨਹਾਉਣ ਤੋਂ ਗੁਰੇਜ਼ ਕਰਨ। 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ, ਐੱਸ. ਡੀ. ਐੱਮ. ਦਸੂਹਾ ਸ਼੍ਰੀ ਹਿਮਾਂਸ਼ੂ ਅਗਰਵਾਲ, ਐੱਸ. ਡੀ. ਐੱਮ. ਮੁਕੇਰੀਆਂ ਸ਼੍ਰੀਮਤੀ ਕੋਮਲ ਮਿੱਤਲ, ਐੱਸ. ਡੀ. ਐੱਮ. ਹੁਸ਼ਿਆਰਪੁਰ ਜਿਤੇਂਦਰ ਜੋਰਵਾਲ, ਐੱਸ. ਡੀ. ਐੱਮ. ਗੜ੍ਹਸ਼ੰਕਰ ਹਰਦੀਪ ਸਿੰਘ ਧਾਲੀਵਾਲ, ਜ਼ਿਲਾ ਮਾਲ ਅਫਸਰ ਅਮਨਪਾਲ ਸਿੰਘ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਸ਼੍ਰੀਮਤੀ ਰਜਨੀਸ਼ ਕੌਰ, ਡੀ. ਐੱਸ. ਪੀ. ਜੰਗ ਬਹਾਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਉਥੇ ਹੀ ਉਪ ਮੰਡਲ ਦਸੂਹਾ 'ਚ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐੱਸ. ਡੀ. ਐੱਮ. ਦਸੂਹਾ ਡਾ. ਹਿਮਾਂਸ਼ੂ ਅਗਰਵਾਲ ਨੇ ਮੀਟਿੰਗ ਕੀਤੀ। ਉਨ੍ਹਾਂ ਇਸ ਸਮੇਂ ਸੈਕਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸੈਕਟਰਾਂ 'ਚ ਪੰਚਾਂ-ਸਰਪੰਚਾਂ ਤੇ ਨੰਬਰਦਾਰਾਂ ਨਾਲ ਤਾਲਮੇਲ ਕਰਨ, ਖਾਸ ਕਰ ਕੇ ਬਿਆਸ ਦਰਿਆ ਨਾਲ ਲੱਗਦੇ ਸੰਵੇਦਨਸ਼ੀਲ ਇਲਾਕਿਆਂ ਅਤੇ ਮੀਂਹ ਪੈਣ ਨਾਲ ਜਿੱਥੇ ਪਾੜ ਪੈਣ ਦਾ ਖ਼ਤਰਾ ਹੋਵੇ, ਦਾ ਸਰਵੇਖਣ ਕਰਨ। ਉਕਤ ਇਲਾਕਿਆਂ 'ਚ ਕਿਸ਼ਤੀ ਚਲਾਉਣ ਵਾਲੇ ਵਿਅਕਤੀਆਂ ਤੇ ਗੋਤਾਖੋਰਾਂ ਦੀ ਲਿਸਟ ਲਈ ਜਾਵੇ। ਤਹਿਸੀਲ ਦਫਤਰ ਦਸੂਹਾ ਵਿਖੇ ਫਲੱਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਸੀਜ਼ਨ 'ਚ ਕੋਈ ਵੀ ਅਧਿਕਾਰੀ ਉਨ੍ਹਾਂ ਦੀ ਆਗਿਆ ਤੋਂ ਬਿਨਾਂ ਸਟੇਸ਼ਨ ਨਹੀਂ ਛੱਡੇਗਾ।


Related News