ਪ੍ਰਦੂਸ਼ਣ ਨੂੰ ਰੋਕਣ ਲਈ ਸੈਟੇਲਾਈਟ ਰਾਹੀਂ ਰੱਖੀ ਜਾ ਰਹੀ ਹੈ ਨਜ਼ਰ : ਡੀ. ਸੀ.

08/02/2017 3:54:03 PM

ਹੁਸ਼ਿਆਰਪੁਰ(ਘੁੰਮਣ)— ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਕੰਬਾਈਨ ਮਾਲਕ ਕੰਬਾਈਨਾਂ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਇਜ਼ਾਦ ਕੀਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਸੁਪਰ ਐੱਸ. ਐੱਮ. ਐੱਸ.) ਲਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਉਦਯੋਗਪਤੀਆਂ ਅਤੇ ਵਪਾਰੀਆਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਸ਼ਮੂਲੀਅਤ ਨਾਲ ਹੀ ਪ੍ਰਦੂਸ਼ਣ ਦੀ ਰੋਕਥਾਮ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਰਾਜ ਵਿਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧ ਰਿਹਾ ਹੈ ਅਤੇ ਪਿਛਲੇ ਸਾਲ ਇਸ ਦੀ ਮਾਰ ਦੇਸ਼ ਦੀ ਰਾਜਧਾਨੀ ਦਿੱਲੀ ਤੱਕ ਦੇਖਣ ਨੂੰ ਮਿਲੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪ੍ਰਦੂਸ਼ਣ ਰਹਿਤ ਸਾਫ ਵਾਤਾਵਰਣ ਵਿਚ ਜਿਊਣਾ ਹੈ, ਤਾਂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦਾ ਪ੍ਰਣ ਕਰਨ। 
ਉੱਜਵਲ ਨੇ ਕਿਹਾ ਕਿ ਕਣਕ/ਝੋਨੇ ਦੇ ਨਾੜ ਸਮੇਤ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਪੈਦਾ ਹੋ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਕਾਫੀ ਗੰਭੀਰ ਹੈ ਅਤੇ ਉਸ ਵੱਲੋਂ ਇਸ ਸਬੰਧੀ ਸਖਤੀ ਨਾਲ ਕਦਮ ਪੁੱਟਣ ਦੇ ਹੁਕਮ ਦਿੱਤੇ ਗਏ ਹਨ। ਇਥੋਂ ਤੱਕ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਸੈਟੇਲਾਈਟ ਰਾਹੀਂ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਸਭ ਤੋਂ ਜ਼ਿਆਦਾ ਪ੍ਰਦੂਸ਼ਣ ਕਣਕ ਅਤੇ ਝੋਨੇ ਦੇ ਨਾੜ ਨੂੰ ਅੱਗ ਲਾਉਣ ਕਰ ਕੇ ਫੈਲਦਾ ਹੈ। ਇਸ ਲਈ ਮਾਣਯੋਗ ਸੁਪਰੀਮ ਕੋਰਟ, ਮਾਣਯੋਗ ਹਾਈ ਕੋਰਟ ਆਫ਼ ਦਿੱਲੀ ਅਤੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਫਸਲ ਦੀ ਕੰਬਾਈਨਾਂ ਨਾਲ ਕਟਾਈ ਦੌਰਾਨ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਾਉਣਾ ਜ਼ਰੂਰੀ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਕੰਬਾਈਨ ਦੇ ਪਿੱਛੇ ਲਾ ਕੇ ਪ੍ਰਯੋਗ ਕਰਨ ਨਾਲ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਾਰੀਕ ਕਰ ਕੇ ਖੇਤ ਵਿਚ ਹੀ ਆਸਾਨੀ ਨਾਲ ਇਕਸਾਰ ਖਿਲਾਰਨ ਉਪਰੰਤ ਰੋਟਾਵੇਟਰ ਦੀ ਵਰਤੋਂ ਕਰ ਕੇ ਮਿੱਟੀ ਵਿਚ ਮਿਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਪ੍ਰਯੋਗ ਨਾਲ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਜ਼ਰੂਰਤ ਹੀ ਨਹੀਂ ਪੈਂਦੀ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ। 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਇੱਟਾਂ ਦੇ ਭੱਠਿਆਂ, ਫੈਕਟਰੀਆਂ ਦੀਆਂ ਚਿਮਨੀਆਂ ਅਤੇ ਪ੍ਰਦੂਸ਼ਣ ਕਰਨ ਵਾਲੇ ਵਾਹਨਾਂ 'ਤੇ ਵੀ ਕੰਟਰੋਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਮੂਹ ਹਾਰਵੈਸਟਰ ਕੰਬਾਈਨਾਂ ਦੇ ਮਾਲਕਾਂ ਅਤੇ ਆਪਰੇਟਰਾਂ ਨੂੰ ਝੋਨੇ ਦੀ ਕਟਾਈ ਸਮੇਂ ਸੁਪਰ ਐੱਸ. ਐੱਮ. ਐੱਸ. ਲਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਖੇਤੀਬਾੜੀ ਅਫਸਰ ਗੁਰਬਖਸ਼ ਸਿੰਘ, ਹਾਰਵੈਸਟਰ ਕੰਬਾਈਨ ਦੇ ਮਾਲਕਾਂ/ਆਪਰੇਟਰਾਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।


Related News