ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਦਾ ਦੌਰਾ

04/25/2018 1:20:38 AM

ਗੁਰਦਾਸਪੁਰ,   (ਹਰਮਨਪ੍ਰੀਤ, ਦੀਪਕ, ਵਿਨੋਦ)-  ਜ਼ਿਲਾ ਗੁਰਦਾਸਪੁਰ ਦੀਆਂ ਮੰਡੀਆਂ ਵਿਚ ਚੱਲ ਰਹੀ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਦਾਣਾ ਮੰਡੀ ਕਾਹਨੂੰਵਾਨ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿਚ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ ਫ਼ਸਲ ਦੀ ਖ਼ਰੀਦ ਅਤੇ ਚੁਕਾਈ ਸਮੇਂ-ਸਿਰ ਕੀਤੀ ਜਾਵੇ। ਉਨ੍ਹਾਂ ਮੰਡੀਆਂ 'ਚ ਪਹੁੰਚੇ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ। 
ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਫ਼ਸਲ ਦਾ ਹਰੇਕ ਦਾਣਾ ਖਰੀਦਿਆ ਜਾਵੇਗਾ ਅਤੇ ਫ਼ਸਲ ਵੇਚਣ 'ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਣਕ ਦੀ ਖ਼ਰੀਦ ਸਬੰਧੀ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਸਟਾਫ਼ ਫੀਲਡ 'ਚ ਹੋਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਫਸਲ ਲਿਆਉਣ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਮਨੀਸ਼ ਨਰੂਲਾ ਡੀ. ਐੱਫ. ਐੱਸ. ਸੀ. ਵੀ ਸਨ।


Related News