14ਵੇਂ ਦਿਨ ਵੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਰਹੀ ਘੱਟ
Saturday, Nov 23, 2019 - 10:43 AM (IST)
ਡੇਰਾ ਬਾਬਾ ਨਾਨਕ (ਵਤਨ) : ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਬਣੇ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 14ਵੇਂ ਦਿਨ 252 ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਸ਼ੁੱਕਰਵਾਰ ਬੱਦਲਵਾਈ ਅਤੇ ਮੀਂਹ ਕਾਰਣ ਕਰਤਾਰਪੁਰ ਦਰਸ਼ਨ ਸਥੱਲ ਰਾਹੀਂ ਕਰਤਾਰਪੁਰ ਸਾਹਿਬ ਦੇ ਦੂਰੋਂ ਦਰਸ਼ਨ ਦੀਦਾਰ ਕਰਨ ਵਾਲੀਆਂ ਸੰਗਤਾਂ ਦੀ ਗਿਣਤੀ ਪਹਿਲਾਂ ਨਾਲੋਂ ਘੱਟ ਰਹੀ।
ਇਸ ਦੌਰਾਨ ਕਰਤਾਰਪੁਰ ਦਰਸ਼ਨ ਸਥੱਲ 'ਤੇ ਪਹੁੰਚੀਆਂ ਸੰਗਤਾਂ ਵਲੋਂ ਉਸ ਬਿਆਨ 'ਤੇ ਨਿਰਾਸ਼ਾ ਪ੍ਰਗਟਾਈ ਗਈ, ਜਿਸ 'ਚ ਭਾਰਤ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਨੂੰ ਬਰਕਰਾਰ ਰੱਖਣ ਦੀ ਗੱਲ ਆਖੀ ਗਈ ਹੈ। ਸੰਗਤਾਂ ਦਾ ਕਹਿਣਾ ਹੈ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰੱਖੀ ਗੁੰਝਲਦਾਰ ਪ੍ਰਕਿਰਿਆ ਕਾਰਣ ਹੀ ਬਹੁਤੀ ਗੁਰੂ ਨਾਨਕ ਨਾਮ ਲੇਵਾ ਸੰਗਤ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੀ ਰਹਿ ਰਹੀ ਹੈ ਅਤੇ ਹੁਣ ਪਾਸਪੋਰਟ ਦੀ ਸ਼ਰਤ ਨੂੰ ਬਰਕਰਾਰ ਰੱਖਣ ਨਾਲ ਸੰਗਤਾਂ ਵਿਚ ਮੁੜ ਨਿਰਾਸ਼ਾ ਫੈਲ ਗਈ ਹੈ। ਸੰਗਤਾਂ ਦਾ ਕਹਿਣਾ ਹੈ ਕਿ 12 ਦਿਨ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣ ਅਤੇ ਹੋਰ ਮੁਸ਼ਕਲ ਸ਼ਰਤਾਂ ਕਾਰਣ ਸੰਗਤਾਂ ਆਪਣੇ ਵਿਛੜੇ ਗੁਰਧਾਮ ਤੋਂ ਅੱਜ ਵੀ ਦੂਰ ਹੀ ਹਨ। ਉਨ੍ਹਾਂ ਕਿਹਾ ਕਿ ਪਾਸਪੋਰਟ, 12 ਦਿਨ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣ ਅਤੇ 20 ਡਾਲਰ ਦੀ ਫੀਸ ਸਬੰਧੀ ਸੰਗਤ ਨੂੰ ਕੁਝ ਢਿੱਲ ਦੇਣੀ ਚਾਹੀਦੀ ਹੈ।