ਕਰਤਾਰਪੁਰ ਸਾਹਿਬ ਕੋਰੀਡੋਰ ਲਈ ਸ਼੍ਰੋਮਣੀ ਕਮੇਟੀ ਵਲੋਂ ਫਰੀ ਬੱਸ ਸੇਵਾ ਆਰੰਭ
Saturday, Nov 30, 2019 - 04:22 PM (IST)

ਡੇਰਾ ਬਾਬਾ ਨਾਨਕ (ਵਤਨ) : ਅੱਜ ਕਸਬੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਕਰਤਾਰਪੁਰ ਸਾਹਿਬ ਕੋਰੀਡੋਰ ਤੱਕ ਸੰਗਤ ਨੂੰ ਮੁਫਤ ਸੇਵਾ ਪ੍ਰਦਾਨ ਕਰਨ ਵਾਲੀ ਬੱਸ ਸੇਵਾ ਦਾ ਆਰੰਭ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ ਨੇ ਹਰੀ ਝੰਡੀ ਵਿਖਾ ਕੇ ਬੱਸ ਨੂੰ ਰਵਾਨਾ ਕੀਤਾ। ਇਸ ਦੌਰਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਨੂੰ ਕਸਬੇ ਤੋਂ ਕਰਤਾਰਪੁਰ ਸਾਹਿਬ ਕੋਰੀਡੋਰ ਤੱਕ ਪਹੁੰਚਣ ਲਈ ਪੇਸ਼ ਆ ਰਹੀਆਂ ਮੁਸ਼ਕਲਾਂ ਕਾਰਣ ਸਥਾਨਕ ਕਸਬੇ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਕੋਰੀਡੋਰ ਤੱਕ ਫਰੀ ਬੱਸ ਸੇਵਾ ਦੀ ਸਹੂਲਤ ਪ੍ਰਦਾਨ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਫਰੀ ਬੱਸ ਸੇਵਾ ਦਾ ਅੱਜ ਰਸਮੀ ਤੌਰ 'ਤੇ ਆਰੰਭ ਕਰ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਲਈ ਚਾਰ ਵਾਰ ਰੇਲ ਗੱਡੀ ਆਉਂਦੀ ਹੈ ਅਤੇ ਇਸ ਸਮੇਂ ਦੇ ਮੁਤਾਬਕ ਹੀ ਇਹ ਬੱਸ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਚੱਲਿਆ ਕਰੇਗੀ ਅਤੇ ਸੰਗਤ ਨੂੰ ਕਰਤਾਰਪੁਰ ਸਾਹਿਬ ਕੋਰੀਡੋਰ ਤੱਕ ਫਰੀ ਲਿਜਾਇਆ ਕਰੇਗੀ ਅਤੇ ਵਾਪਸ ਵੀ ਲੈ ਕੇ ਆਇਆ ਕਰੇਗੀ। ਉਨ੍ਹਾਂ ਦੱਸਿਆ ਕਿ ਸਵੇਰੇ ਇਹ ਬੱਸ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਰੇਲਵੇ ਸਟੇਸ਼ਨ ਜਾਇਆ ਕਰੇਗੀ, ਉਥੋਂ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਆਇਆ ਕਰੇਗੀ ਅਤੇ ਫਿਰ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਰਵਾਨਾ ਹੋਇਆ ਕਰੇਗੀ। ਉਨ੍ਹਾਂ ਦੱਸਿਆ ਕਿ ਜੋ ਸੰਗਤ ਸਿਰਫ ਧੁੱਸੀ ਬੰਨ੍ਹ 'ਤੇ ਬਣੇ ਕਰਤਾਰਪੁਰ ਦਰਸ਼ਨ ਸਥੱਲ 'ਤੇ ਜਾ ਕੇ ਦੂਰੋਂ ਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਕਰਨਾ ਚਾਹੁੰਦੇ ਹਨ, ਉਸ ਸੰਗਤ ਨੂੰ ਵੀ ਇਹ ਸਹੂਲਤ ਮੁਹੱਈਆ ਕਰਵਾਈ ਜਾਵੇਗੀ।