55ਵੇਂ ਦਿਨ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਘਟੀ ਗਿਣਤੀ
Friday, Jan 03, 2020 - 10:54 AM (IST)

ਡੇਰਾ ਬਾਬਾ ਨਾਨਕ (ਵਤਨ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਪੂਰੇ ਦੇਸ਼ 'ਚ ਸ਼ਰਧਾ ਨਾਲ ਮਨਾਇਆ ਗਿਆ। ਇਸੇ ਤਹਿਤ ਕਰਤਾਰਪੁਰ ਲਾਂਘਾ ਖੁੱਲਣ ਦੇ 55ਵੇਂ ਦਿਨ ਡੇਰਾ ਬਾਬਾ ਨਾਨਕ ਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਬਣੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਸਿਰਫ 349 ਸ਼ਰਧਾਲੂ ਹੀ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ। ਉਂਝ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਧੁੱਸੀ ਬੰਨ੍ਹ 'ਤੇ ਬਣੇ ਕਰਤਾਰਪੁਰ ਦਰਸ਼ਨ ਸਥੱਲ 'ਤੇ ਖੜ੍ਹੇ ਹੋ ਕੇ ਦੂਰਬੀਨ ਨਾਲ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਕੀਤੇ ਗਏ।
ਬਾਕੀ ਦਿਨਾਂ ਦੇ ਮੁਕਾਬਲੇ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਦੀ ਗਿਣਤੀ ਕਾਫੀ ਘੱਟ ਰਹੀ ਜਦਕਿ ਕਸਬੇ ਦੇ ਗੁਰਦੁਆਰਿਆਂ ਵਿਚ ਗੁਰਪੁਰਬ ਮੌਕੇ ਖੂਬ ਰੌਣਕਾਂ ਸਨ। ਕਸਬੇ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨੂੰ ਰੌਸ਼ਨੀਆਂ ਨਾਲ ਸਜਾਇਆ ਗਿਆ ਸੀ ਅਤੇ ਸੰਗਤ ਵੱਡੀ ਗਿਣਤੀ ਵਿਚ ਗੁਰੂ ਘਰ ਪਹੁੰਚ ਕੇ ਮੱਥਾ ਟੇਕ ਰਹੀ ਸੀ। ਸੰਗਤਾਂ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਨਾਲ-ਨਾਲ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਦੇ ਵੀ ਦਰਸ਼ਨ ਕੀਤੇ ਗਏ। ਕਰਤਾਰਪੁਰ ਦਰਸ਼ਨ ਸਥੱਲ 'ਤੇ ਪਹੁੰਚੀ ਸੰਗਤ ਅਤੇ ਲਾਂਘੇ ਰਾਹੀਂ ਪਾਕਿਸਤਾਨ ਗਈ ਸੰਗਤਾਂ ਵਿਚ ਇਸ ਗੱਲ ਦਾ ਰੋਸ ਪਾਇਆ ਜਾ ਰਿਹਾ ਹੈ ਕਿ ਭਾਰਤ ਵੱਲੋਂ ਪਾਕਿਸਤਾਨ ਸਾਮਾਨ ਲਿਜਾਣ ਅਤੇ ਲਿਆਉਣ 'ਤੇ ਰੋਕ ਲਾ ਦਿੱਤੀ ਗਈ ਹੈ ਜਦਕਿ ਅਧਿਕਾਰੀ ਇਸ ਸਬੰਧੀ ਸੁਰੱਖਿਆ ਦਾ ਹਵਾਲਾ ਦੇ ਰਹੇ ਹਨ।