ਹੁਣ ਦਰਸ਼ਨ ਸਥੱਲ ਰਾਹੀਂ ਵੀ ਨਹੀਂ ਹੋਣਗੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

Thursday, Mar 19, 2020 - 10:43 AM (IST)

ਹੁਣ ਦਰਸ਼ਨ ਸਥੱਲ ਰਾਹੀਂ ਵੀ ਨਹੀਂ ਹੋਣਗੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

ਡੇਰਾ ਬਾਬਾ ਨਾਨਕ (ਵਤਨ) : ਭਾਰਤ ਸਰਕਾਰ ਵਲੋਂ ਬੀਤੇ ਐਤਵਾਰ ਤੋਂ ਕੋਰੋਨਾ ਵਾਇਰਸ ਦੇ ਬਚਾਅ ਕਾਰਜਾਂ ਲਈ ਚੁੱਕੇ ਗਏ ਕਦਮਾਂ ਤਹਿਤ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਬਣੇ ਕਰਤਾਰਪੁਰ ਕਾਰੀਡੋਰ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਸੀ। ਜਦਕਿ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਬਣੇ ਆਰਜ਼ੀ ਕਰਤਾਰਪੁਰ ਦਰਸ਼ਨ ਸਥੱਲ ਰਾਹੀਂ ਸੰਗਤਾਂ ਪਹਿਲਾਂ ਦੀ ਤਰ੍ਹਾਂ ਹੀ ਦੂਰੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਕਰ ਰਹੀਆਂ ਸਨ ਪਰ ਇਸ ਸਥਾਨ 'ਤੇ ਵੀ ਜ਼ਿਲਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤਹਿਤ ਅੱਜ ਤੋਂ ਸ਼ਰਧਾਲੂਆਂ ਦੇ ਜਾਣ 'ਤੇ ਰੋਕ ਲਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਬਾਕਾਇਦਾ ਤੌਰ 'ਤੇ ਭਾਰਤ-ਪਾਕਿ ਸਰਹੱਦ ਤੋਂ ਕਾਫੀ ਪਿੱਛੇ ਕਸਬਾ ਡੇਰਾ ਬਾਬਾ ਨਾਨਕ ਵਾਲੇ ਪਾਸੇ ਪੁਲਸ ਵਲੋਂ ਰੋਕਾਂ ਲਾ ਦਿੱਤੀਆਂ ਗਈਆਂ ਹਨ ਅਤੇ ਸੰਗਤਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ।

ਇਸ ਦੀ ਪੁਸ਼ਟੀ ਕਰਦਿਆਂ ਐੱਸ. ਐੱਚ. ਓ. ਦਲਜੀਤ ਸਿੰਘ ਪੱਡਾ ਨੇ ਕਿਹਾ ਕਿ ਜ਼ਿਲਾ ਡਿਪਟੀ ਕਮਿਸ਼ਨਰ ਅਤੇ ਐੱਸ. ਡੀ. ਐੱਮ. ਡੇਰਾ ਬਾਬਾ ਨਾਨਕ ਦੇ ਹੁਕਮਾਂ ਤਹਿਤ ਹੀ ਆਮ ਲੋਕਾਂ ਲਈ ਵੀ ਕਰਤਾਰਪੁਰ ਦਰਸ਼ਨ ਸਥੱਲ ਵਾਲਾ ਪਾਸਾ ਵੀ ਬੰਦ ਕਰ ਦਿੱਤਾ ਗਿਆ ਹੈ ਕਿਉਂਕਿ ਇਸ ਸਥਾਨ 'ਤੇ ਵੀ ਵੱਡੀ ਗਿਣਤੀ ਵਿਚ ਸੰਗਤਾਂ ਦਾ ਇਕੱਠ ਹੋ ਰਿਹਾ ਸੀ। ਕੋਰੋਨਾ ਵਾਇਰਸ ਤੋਂ ਬਚਾਅ ਲਈ ਚੁੱਕੇ ਗਏ ਕਦਮਾਂ ਤਹਿਤ ਅਜਿਹਾ ਫੈਸਲਾ ਲਿਆ ਗਿਆ ਹੈ, ਜਦਕਿ ਦੂਜੇ ਪਾਸੇ ਭਾਰਤ-ਪਾਕਿ ਸਰਹੱਦ ਤੱਕ ਅੱਜ ਸਵੇਰ ਤੋਂ ਕਰਤਾਰਪੁਰ ਦਰਸ਼ਨ ਸਥੱਲ ਰਾਹੀਂ ਪਹੁੰਚ ਰਹੀਆਂ ਸੰਗਤਾਂ ਨੂੰ ਉਸ ਵੇਲੇ ਕਾਫੀ ਨਿਰਾਸ਼ਾ ਹੋਈ ਜਦੋਂ ਪੁਲਸ ਕਰਮਚਾਰੀਆਂ ਵਲੋਂ ਉਨ੍ਹਾਂ ਨੂੰ ਕਰਤਾਰਪੁਰ ਦਰਸ਼ਨ ਸਥੱਲ ਤੱਕ ਜਾਣ ਤੋਂ ਰੋਕ ਕੇ ਵਾਪਸ ਭੇਜ ਦਿੱਤਾ ਗਿਆ। ਇਸ ਫੈਸਲੇ ਨਾਲ ਹੁਣ ਅਗਲੇ ਹੁਕਮਾਂ ਤਹਿਤ ਸੰਗਤਾਂ ਨੂੰ ਕਿਸੇ ਵੀ ਤਰੀਕੇ ਨਾਲ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਨਹੀਂ ਹੋ ਪਾਉਣਗੇ।


author

Baljeet Kaur

Content Editor

Related News