ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਮੌਕੇ ਆਉਣ ਵਾਲੀਆਂ ਸੰਗਤਾਂ ਲਈ ਤਿਆਰੀਆਂ ਆਰੰਭੀਆਂ
Friday, Oct 25, 2019 - 04:44 PM (IST)

ਡੇਰਾ ਬਾਬਾ ਨਾਨਕ (ਵਤਨ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਵਸਿਆ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸਿੱਖ ਇਤਿਹਾਸ 'ਚ ਮਹੱਤਵਪੂਰਨ ਸਥਾਨ ਰੱਖਦਾ ਹੈ। ਗੁਰੂ ਜੀ ਵਲੋਂ ਕਰਤਾਰਪੁਰ ਸਾਹਿਬ ਦੀ ਧਰਤੀ 'ਤੇ ਬਿਤਾਏ ਲਗਭਗ ਆਖਰੀ 18 ਸਾਲਾਂ ਦਾ ਸਬੰਧ ਵੀ ਡੇਰਾ ਬਾਬਾ ਨਾਨਕ ਦੀ ਧਰਤੀ ਨਾਲ ਜੁੜਿਆ ਹੋਇਆ ਹੈ। ਗੁਰਦੁਆਰਾ ਸਥਲ 'ਤੇ ਬਣੇ ਅਜਿੱਤੇ ਰੰਧਾਵਾ ਦੇ ਖੂਹ 'ਤੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੇ ਪਰਿਵਾਰ ਨੂੰ ਮਿਲੇ ਸਨ ਅਤੇ ਇਹ ਖੂਹ ਅੱਜ ਬਾਊਲੀ ਸਾਹਿਬ ਦੇ ਰੂਪ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਹੇਠਾਂ ਮੌਜੂਦ ਹੈ ਅਤੇ ਅੱਜ ਵੀ ਸੰਗਤ ਇਸ ਖੂਹ ਦਾ ਮਿੱਠਾ ਪਾਣੀ ਪੀਂਦੀ ਹੈ ਅਤੇ ਜਲ ਨੂੰ ਘਰਾਂ-ਦੁਕਾਨਾਂ 'ਤੇ ਲੈ ਕੇ ਜਾਂਦੀ ਹੈ।
ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਪਿਛਲੇ ਕੁਝ ਮਹੀਨਿਆਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਗੁਰਬਾਣੀ ਨਾਲ ਜੁੜਣ ਅਤੇ ਸ਼ਤਾਬਦੀ ਸਮਾਗਮਾਂ 'ਚ ਵਧ ਤੋਂ ਵਧ ਗਿਣਤੀ 'ਚ ਹਾਜ਼ਰੀਆਂ ਭਰਨ ਦੀਆਂ ਬੇਨਤੀਆਂ ਕਰ ਰਹੇ ਹਨ। ਸੰਗਤ 'ਚ ਵੀ ਇਸ ਦਿਹਾੜੇ ਨੂੰ ਮਨਾਉਣ ਲਈ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ 9 ਤੋਂ 12 ਨਵੰਬਰ ਤੱਕ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਚੱਲਣੇ ਹਨ, ਜਿਸ 'ਚ ਪ੍ਰਮੁੱਖ ਰਾਗੀ ਢਾਡੀਆ ਤੇ ਕੀਰਤਨੀ ਜਥੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਗੁਰਬਾਣੀ ਨਾਲ ਜੋੜਣਗੇ।
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਰਿਹਾਇਸ਼ ਅਤੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਹਨ ਅਤੇ ਵਾਧੂ ਲੰਗਰ ਲਈ ਬਦਲਵੇਂ ਪ੍ਰਬੰਧ ਵੀ ਕੀਤੇ ਗਏ ਹਨ। ਗੁਰਦੁਆਰਾ ਸਾਹਿਬ ਵਿਖੇ ਪਾਰਕਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਕਾਰ ਸੇਵਾ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਕਰਵਾ ਰਹੇ ਹਨ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਮਾਰਚ ਮਹੀਨੇ ਲੱਗਣ ਵਾਲੇ ਸ੍ਰੀ ਚੋਲਾ ਸਾਹਿਬ ਦੇ ਮੇਲੇ ਤੱਕ ਮੁਕੰਮਲ ਹੋ ਜਾਵੇਗੀ, ਉਨ੍ਹਾਂ ਚਿਰ ਬਦਲਵੀਂ ਇਮਾਰਤ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਹੈ।