ਡੇਰਾ ਸੱਚਖੰਡ ਬੱਲਾਂ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਬੀਨ, ''ਸਮਰਸਤਾ ਸੰਕਪਲ ਯਾਤਰਾ'' ਦੀ ਕਰਨਗੇ ਸ਼ੁਰੂਆਤ

Monday, Nov 16, 2026 - 08:06 PM (IST)

ਡੇਰਾ ਸੱਚਖੰਡ ਬੱਲਾਂ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਬੀਨ, ''ਸਮਰਸਤਾ ਸੰਕਪਲ ਯਾਤਰਾ'' ਦੀ ਕਰਨਗੇ ਸ਼ੁਰੂਆਤ

ਚੰਡੀਗੜ੍ਹ (ਅੰਕੁਰ)- ਭਾਰਤੀ ਜਨਤਾ ਪਾਰਟੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਜਯੰਤੀ ਸਮਾਗਮਾਂ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਕੱਢੀ ਜਾਵੇਗੀ। ਇਹ ਯਾਤਰਾ 18 ਨਵੰਬਰ ਨੂੰ ਜਲੰਧਰ ਤੋਂ ਸ਼ੁਰੂ ਹੋ ਕੇ 2,558 ਕਿਲੋਮੀਟਰ ਦਾ ਸਫ਼ਰ ਤੈਅ ਕਰਦੀ ਹੋਈ 3 ਦਸੰਬਰ ਨੂੰ ਵਾਰਾਣਸੀ ਪਹੁੰਚੇਗੀ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਜੀ ਜਲੰਧਰ-ਪਠਾਨਕੋਟ ਹਾਈਵੇ ’ਤੇ ਪੈਂਦੇ ਪਿੰਡ ਰਾਏਪੁਰ (ਨੇੜੇ ਡੇਰਾ ਸੱਚਖੰਡ ਬੱਲਾਂ) ਤੋਂ ਯਾਤਰਾ ਦੀ ਸ਼ੁਰੂਆਤ ਕਰਵਾਉਣਗੇ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰੈੱਸ ਕਾਨਫਰੰਸ ਦੌਰਾਨ ‘ਸਮਰਸਤਾ ਸੰਕਲਪ ਯਾਤਰਾ’ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਸਮਾਨਤਾ, ਭਗਤੀ, ਸਮਾਜਿਕ ਏਕਤਾ ਤੇ ਮਨੁੱਖਤਾ ਦੇ ਸੰਦੇਸ਼ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਵਿਆਪਕ ਪੱਧਰ ’ਤੇ 2 ਕਰੋੜ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਗੇਜਾ ਰਾਮ ਵਾਲਮੀਕਿ, ਸੁਸ਼ੀਲ ਰਿੰਕੂ, ਜਨਰਲ ਸਕੱਤਰ ਰਜਨੀਸ਼ ਧੀਮਾਨ, ਪੰਜਾਬ ਸਟੇਟ ਮੀਡੀਆ ਹੈੱਡ ਵਿਨੀਤ ਜੋਸ਼ੀ, ਐੱਸ.ਐੱਸ. ਚੰਨੀ ਤੇ ਐੱਸ.ਆਰ. ਲੱਧੜ ਵੀ ਹਾਜ਼ਰ ਸਨ।

ਢਿੱਲੋਂ ਨੇ ਦੱਸਿਆ ਕਿ ਇਹ ਯਾਤਰਾ ਜਲੰਧਰ ਤੋਂ ਸ਼ੁਰੂ ਹੋ ਕੇ ਹੁਸ਼ਿਆਰਪੁਰ ਹੁੰਦੀ ਹੋਈ ਮੁਕੇਰੀਆਂ, ਪਠਾਨਕੋਟ, ਬਟਾਲਾ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੁਕਤਸਰ ਸਾਹਿਬ, ਬਠਿੰਡਾ, ਸੰਗਰੂਰ, ਲੁਧਿਆਣਾ, ਰੋਪੜ, ਮੋਹਾਲੀ ਹੁੰਦੇ ਹੋਏ ਚੰਡੀਗੜ੍ਹ ’ਚ ਦਾਖ਼ਲ ਹੋਵੇਗੀ। ਇਹ ਪੰਜਾਬ ’ਚ 5 ਦਿਨਾਂ ਦੌਰਾਨ 17 ਜ਼ਿਲ੍ਹਿਆਂ ’ਚ 700 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਯਾਤਰਾ 7 ਸੂਬਿਆਂ ਤੇ ਯੂ.ਟੀ. ਦੇ 46 ਸ਼ਹਿਰਾਂ ’ਚੋਂ ਗੁਜ਼ਰੇਗੀ, ਇਸ ਦੌਰਾਨ 29 ਵੱਡੇ ਸਮਾਗਮ ਤੇ 27 ਜ਼ਿਲ੍ਹਾ ਪੱਧਰੀ ਸਮਾਗਮ ਕਰਵਾਏ ਜਾਣਗੇ। ਇਸ ਤੋਂ ਬਾਅਦ ਯਾਤਰਾ ਵੱਖ-ਵੱਖ ਸੂਬਿਆਂ ’ਚੋਂ ਹੁੰਦੀ ਹੋਈ ਉੱਤਰ ਪ੍ਰਦੇਸ਼ ਪਹੁੰਚੇਗੀ ਤੇ 3 ਦਸੰਬਰ ਨੂੰ ਵਾਰਾਣਸੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ ਵਿਖੇ ਸਮਾਪਤ ਹੋਵੇਗੀ। ਯਾਤਰਾ ਦੇ ਰੂਟ ’ਚ ਸ਼ਾਮਲ ਸੂਬਿਆਂ ਤੇ ਸ਼ਹਿਰਾਂ ਦਾ ਵੇਰਵਾ ਸਾਂਝਾ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਯਾਤਰਾ ਪੰਜਾਬ, ਚੰਡੀਗੜ੍ਹ, ਹਿਮਾਚਲ, ਉਤਰਾਖੰਡ, ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ਸੂਬਿਆਂ ’ਚੋਂ ਗੁਜ਼ਰੇਗੀ।
 


author

Anmol Tagra

Content Editor

Related News