ਡੇਰਾ ਮੁਖੀ ਮਾਮਲੇ ''ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
Thursday, Jan 30, 2025 - 04:51 PM (IST)
 
            
            ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਸਰਕਾਰ ਡੇਰਾ ਮੁਖੀ ਵਰਗੇ ਸੰਗੀਨ ਅਪਰਾਧੀ ਨੂੰ ਵਾਰ-ਵਾਰ ਪੈਰੋਲ ਦੇ ਕੇ ਅਤੇ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਅ ਨਾ ਕਰਕੇ ਸਿੱਖਾਂ ਨੂੰ ਦੇਸ਼ ਅੰਦਰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਸਰਕਾਰ ਵਲੋਂ ਆਪਣੇ ਰਾਜਨੀਤਕ ਹਿੱਤਾਂ ਲਈ ਵਾਰ-ਵਾਰ ਰਿਹਾਅ ਕਰਕੇ ਕਾਨੂੰਨ ਪ੍ਰਤੀ ਵਿਸ਼ਵਾਸ ਦੀ ਸਮੂਹਿਕ ਭਾਵਨਾ ਨੂੰ ਖਤਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਆ ਰਹੇ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ ਵਿਭਾਗ ਨੇ ਲੈ ਲਿਆ ਵੱਡਾ ਫ਼ੈਸਲਾ
ਉਨ੍ਹਾਂ ਕਿਹਾ ਕਿ ਇਕ ਪਾਸੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ ਅਤੇ ਉਨ੍ਹਾਂ ਨੂੰ ਰਿਹਾਅ ਕਰਨ ਤੋਂ ਸਰਕਾਰ ਸਾਫ ਮੁਨਕਰ ਹੋ ਰਹੀ ਹੈ ਅਤੇ ਦੂਜੇ ਪਾਸੇ ਆਪਣੀਆਂ ਸਾਧਵੀਆਂ ਨਾਲ ਜਬਰ-ਜ਼ਿਨਾਹ ਅਤੇ ਕਤਲ ਵਰਗੇ ਸੰਗੀਨ ਅਪਰਾਧਾਂ ਲਈ ਸਜ਼ਾ ਯਾਫਤਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣੀ ਦੇਸ਼ ਦੀ ਜਮਹੂਰੀਅਤ ਲਈ ਵੀ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਸਰਕਾਰ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਦੇਸ਼ ਵਿਚ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਹਾਰ ਕੀਤਾ ਜਾਣ ਕਰਕੇ ਸਿੱਖਾਂ ਵਿਚ ਅਲਹਿਦਗੀ ਦੀ ਭਾਵਨਾ ਪ੍ਰਬਲ ਹੋ ਰਹੀ ਹੈ, ਜੋ ਕਿ ਸਿੱਖਾਂ ਦੀਆਂ 80 ਫੀਸਦੀ ਤੋਂ ਵੱਧ ਕੁਰਬਾਨੀਆਂ ਨਾਲ ਆਜ਼ਾਦ ਹੋਏ ਭਾਰਤ ਦੀ ਜਮਹੂਰੀਅਤ ਲਈ ਸ਼ਰਮਨਾਕ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੋ ਗਈ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            