ਡੇਰਾ ਪ੍ਰੇਮੀ ਦਾ ਨਹੀਂ ਹੋਇਆ ਸਸਕਾਰ, ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ
Monday, Jun 24, 2019 - 06:56 PM (IST)

ਚੰਡੀਗੜ੍ਹ : ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਦੇ ਨਵੀਂ ਨਾਭਾ ਜੇਲ ਵਿਚ ਹਮਲੇ ਦੌਰਾਨ ਮਾਰੇ ਜਾਣ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਵਿਚ ਜਾਂਚ ਦੇ ਹੁਕਮ ਦੇ ਦਿੱਤੇ ਹਨ ਤੇ ਹਮਲਾਵਰਾਂ ਨੂੰ ਇਸਦੀ ਸਖ਼ਤ ਸਜ਼ਾ ਮਿਲੇਗੀ। ਮੁੱਖ ਮੰਤਰੀ ਮੁਤਾਬਕ ਇਸ ਸਾਰੇ ਮਾਮਲੇ ਦੀ 3 ਦਿਨ ਦੇ ਅੰਦਰ-ਅੰਦਰ ਰਿਪੋਰਟ ਮੰਗੀ ਗਈ ਹੈ ਅਤੇ ਉਹ ਸਾਰਿਆਂ ਨੂੰ ਗੁਜ਼ਾਰਿਸ਼ ਕਰਦੇ ਹਨ ਕਿ ਲੋਕ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਤੇ ਸ਼ਾਂਤੀ ਬਣਾਏ ਰੱਖਣ।
ਦੱਸਣਯੋਗ ਹੈ ਕਿ ਪਿਛਲੇ 7 ਮਹੀਨਿਆਂ ਤੋਂ ਨਾਭਾ ਦੀ ਨਵੀਂ ਬਣੀ ਜ਼ਿਲਾ ਜੇਲ 'ਚ ਬੰਦ ਮਹਿੰਦਰਪਾਲ ਬਿੱਟੂ ਦਾ ਸ਼ਨੀਵਾਰ ਸ਼ਾਮ ਜੇਲ ਵਿਚ ਬੰਦ ਦੋ ਕੈਦੀਆਂ ਮਨਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਵਲੋਂ ਕਤਲ ਕਰ ਦਿੱਤਾ ਗਿਆ ਸੀ। ਪੁਲਸ ਨੇ ਦੋਵਾਂ ਮੁਲਜ਼ਮਾਂ ਖਿਲਾਫ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰਕੇ ਚਾਰ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ। ਫਿਲਹਾਲ ਅਜੇ ਤਕ ਡੇਰਾ ਪ੍ਰੇਮੀਆਂ ਵਲੋਂ ਮਹਿੰਦਰਪਾਲ ਬਿੱਟੂ ਦਾ ਸਸਕਾਰ ਨਹੀਂ ਕੀਤਾ ਗਿਆ ਹੈ। ਡੇਰਾ ਪ੍ਰੇਮੀਆਂ ਦਾ ਕਹਿਣਾ ਹੈ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤਕ ਸਸਕਾਰ ਨਹੀਂ ਕੀਤਾ ਜਾਵੇਗਾ। ਫਿਲਹਾਲ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤਾ ਗਏ ਹਨ।