ਸਿਹਤ ਮੰਤਰੀ ਸਣੇ ਆਵਲਾ ਪਰਿਵਾਰ ਤੇ ਕੈਪਟਨ ਸੰਧੂ ਨੇ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਨਾਲ ਕੀਤੀ ਮੁਲਾਕਾਤ

10/20/2019 3:27:36 PM

ਜਲੰਧਰ (ਧਵਨ)— ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਕਾਂਗਰਸੀ ਉਮੀਦਵਾਰ ਰਮਿੰਦਰ ਸਿੰਘ ਆਵਲਾ ਦੇ ਭਰਾ ਜਸਵੀਰ ਸਿੰਘ ਆਵਲਾ, ਦਾਖਾ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਸਮੇਤ ਹੋਰ ਕਾਂਗਰਸੀ ਆਗੂਆਂ ਨੇ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਅਹਿਮ ਮੁਲਾਕਾਤ ਕੀਤੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਇਹ ਮੁਲਾਕਾਤ ਹੋਈ। ਬੈਠਕ ਦੌਰਾਨ ਬਾਬਾ ਗੁਰਿੰਦਰ ਸਿੰਘ ਨੇ ਆਵਲਾ ਪਰਿਵਾਰ ਅਤੇ ਕੈਪਟਨ ਸੰਧੂ ਨੂੰ, 'ਬੈਸਟ ਆਫ ਲੱਕ' ਵੀ ਕਿਹਾ।

ਇਸ ਮੁਲਾਕਾਤ ਨੂੰ ਸਿਆਸੀ ਹਲਕਿਆਂ 'ਚ ਭਾਰੀ ਅਹਿਮੀਅਤ ਦਿੱਤੀ ਜਾ ਰਹੀ ਹੈ ਕਿਉਂਕਿ 21 ਅਕਤੂਬਰ ਨੂੰ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਜਲਾਲਾਬਾਦ , ਫਗਵਾੜਾ, ਦਾਖਾ ਅਤੇ ਮੁਕੇਰੀਆਂ 'ਚ ਉਪ ਚੋਣਾਂ ਹੋ ਰਹੀਆਂ ਹਨ। ਇਥੇ ਕਾਂਗਰਸ ਦਾ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨਾਲ ਹੈ। ਸੂਤਰਾਂ ਨੇ ਦੱਸਿਆ ਕਿ ਡੇਰਾ ਰਾਧਾ ਸੁਆਮੀ ਨਾਲ ਸਬੰਧਤ ਸ਼ਰਧਾਲੂਆਂ ਦੀ ਗਿਣਤੀ ਜਲਾਲਾਬਾਦ ਵਿਧਾਨ ਸਭਾ ਹਲਕੇ 'ਚ 20 ਹਜ਼ਾਰ ਤੋਂ ਵੀ ਵੱਧ ਹੈ। ਦਾਖਾ ਹਲਕੇ 'ਚ ਵੀ ਇਹ ਗਿਣਤੀ 15 ਤੋਂ 20 ਹਜ਼ਾਰ ਦੱਸੀ ਗਈ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਆਪਣੇ ਜਲੰਧਰ ਦੌਰੇ ਦੌਰਾਨ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ ਸੀ। ਹੁਣ ਉਨ੍ਹਾਂ ਆਪਣੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਆਵਲਾ ਪਰਿਵਾਰ ਨਾਲ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਲਈ ਭੇਜਿਆ। ਮੰਨਿਆ ਜਾਂਦਾ ਹੈ ਕਿ ਆਵਲਾ ਪਰਿਵਾਰ ਅਤੇ ਕੈਪਟਨ ਸੰਧੂ ਨੇ ਬਾਬਾ ਗੁਰਿੰਦਰ ਸਿੰਘ ਨੂੰ ਕਿਹਾ ਕਿ ਉਹ ਡੇਰਾ ਬਿਆਸ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਹਨ। ਕੋਈ ਵੀ ਅਹਿਮ ਕੰਮ ਕਰਨ ਤੋਂ ਪਹਿਲਾਂ ਉਹ ਡੇਰੇ ਤੋਂ ਆਸ਼ੀਰਵਾਦ ਲੈਣ ਲਈ ਜ਼ਰੂਰ ਆਉਂਦੇ ਹਨ।

ਡੇਰਾ ਬਿਆਸ ਵਿਖੇ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀ ਆਉਂਦੇ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਡੇਰਾ ਰਾਧਾ ਸੁਆਮੀ ਬਿਆਸ ਦਾ ਪੰਜਾਬ ਦੇ ਵੋਟਰਾਂ 'ਤੇ ਭਾਰੀ ਅਸਰ ਹਮੇਸ਼ਾ ਰਹਿੰਦਾ ਹੈ। ਇਸ ਵਾਰ ਵੀ ਜਲਾਲਾਬਾਦ ਅਤੇ ਦਾਖਾ ਵਿਧਾਨ ਸਭਾ ਸੀਟਾਂ 'ਤੇ ਡੇਰਾ ਬਿਆਸ ਨਾਲ ਸਬੰਧਤ ਸ਼ਰਧਾਲੂਆਂ ਦੀ ਭੂਮਿਕਾ ਅਹਿਮ ਹੋ ਸਕਦੀ ਹੈ। ਉਕਤ ਬੈਠਕ ਦੌਰਾਨ ਕਾਂਗਰਸੀ ਨੇਤਾ ਅਤੇ ਮੁੱਖ ਮੰਤਰੀ ਦੇ ਓ. ਐੱਸ. ਡੀ. ਅੰਕਿਤ ਬਾਂਸਲ, ਅਮਰਜੀਤ ਸਿੰਘ ਟਿੱਕਾ, ਹਰਕੇਸ਼ ਚੰਦ ਸ਼ਰਮਾ ਅਤੇ ਹੋਰ ਵੀ ਸਨ।


shivani attri

Content Editor

Related News