ਮੋਟਰਸਾਈਕਲ ਚੋਰ ਗਿਰੋਹ ਬੇਪਰਦ, 2 ਕਾਬੂ
Monday, Aug 21, 2017 - 04:47 AM (IST)

ਅੰਮ੍ਰਿਤਸਰ, (ਜ. ਬ.)- ਸਿਵਲ ਲਾਈਨ ਪੁਲਸ ਵੱਲੋਂ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਦੋਪਹੀਆ ਵਾਹਨ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਪੁਲਸ ਪਾਰਟੀ ਨੇ ਚੋਰੀ ਕੀਤੇ ਹੋਰ ਮੋਟਰਸਾਈਕਲ ਵੀ ਬਰਾਮਦ ਕਰ ਲਏ ਹਨ।
ਪ੍ਰੈੱਸ ਮਿਲਣੀ ਦੌਰਾਨ ਖੁਲਾਸਾ ਕਰਦਿਆਂ ਏ. ਡੀ. ਸੀ. ਪੀ.-2 ਲਖਬੀਰ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਸਿਵਲ ਲਾਈਨ ਇਲਾਕੇ ਵਿਚ ਵੱਧ ਰਹੀਆਂ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਨਕੇਲ ਪਾਉਣ ਲਈ ਸਿਵਲ ਲਾਈਨ ਥਾਣਾ ਮੁਖੀ ਇੰਸਪੈਕਟਰ ਸ਼ਿਵਦਰਸ਼ਨ ਦੀ ਅਗਵਾਈ ਹੇਠ ਪੁਲਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਦਿਆਂ ਵਾਹਨ ਚੋਰ ਗਿਰੋਹ ਦੇ ਇਨ੍ਹਾਂ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਜੋਬਨਪ੍ਰੀਤ ਸਿੰਘ ਪੁੱਤਰ ਗੁਰਭੇਜ ਸਿੰਘ ਤੇ ਬਿਕਰਮਜੀਤ ਸਿੰਘ ਪੁੱਤਰ ਹਰਦੇਵ ਸਿੰਘ ਦੋਵੇਂ ਵਾਸੀ ਹਰਸ਼ਾ ਛੀਨਾ ਦੇ ਕਬਜ਼ੇ 'ਚੋਂ ਚੋਰੀ ਕੀਤਾ ਇਕ ਮੋਟਰਸਾਈਕਲ ਬਰਾਮਦ ਕਰ ਕੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਮੁੱਢਲੀ ਪੁੱਛਗਿੱਛ ਦਾ ਹਵਾਲਾ ਦਿੰਦਿਆਂ ਏ. ਡੀ. ਸੀ. ਪੀ.-2 ਲਖਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਪੁਲਸ ਪਾਰਟੀ ਵੱਲੋਂ ਚੋਰੀ ਕੀਤੇ 10 ਹੋਰ ਮੋਟਰਸਾਈਕਲ ਅਤੇ ਇਕ ਐਕਟਿਵਾ ਬਰਾਮਦ ਕੀਤੀ ਗਈ ਹੈ। ਅਦਾਲਤ 'ਚ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਪੁਲਸ ਵੱਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।