ਆਜ਼ਾਦੀ ਦਿਹਾੜੇ ਤੋਂ ਪਹਿਲਾਂ DGP ਦੇ ਸਖ਼ਤ ਹੁਕਮ, ਅਧਿਕਾਰੀਆਂ ਨੂੰ ਚੌਕਸੀ ਵਧਾਉਣ ਦੇ ਦਿੱਤੇ ਨਿਰਦੇਸ਼
Wednesday, Aug 12, 2026 - 05:23 PM (IST)
ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਅੱਜ ਆਜ਼ਾਦੀ ਦਿਵਸ-2026 ਦੇ ਮੱਦੇਨਜ਼ਰ ਫਿਰੋਜ਼ਪੁਰ ਅਤੇ ਫਰੀਦਕੋਟ ਰੇਂਜਾਂ ਦੀ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਫਿਰੋਜ਼ਪੁਰ, ਤਰਨਤਾਰਨ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਦੀ ਸੁਰੱਖਿਆ ਵਿਵਸਥਾ ਦਾ ਵਿਸ਼ੇਸ਼ ਤੌਰ ’ਤੇ ਮੁਲਾਂਕਣ ਕੀਤਾ ਗਿਆ। ਡੀ. ਜੀ. ਪੀ. ਗੌਰਵ ਯਾਦਵ ਨੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਚੌਕਸੀ ਹੋਰ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ 'ਚ ਗਸ਼ਤ ਮਜ਼ਬੂਤ ਕਰਨ, ਨਿਗਰਾਨੀ ਵਧਾਉਣ, ਰੋਕਥਾਮੀ ਪੁਲਸਿੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਅਤੇ ਭੀੜ ਪ੍ਰਬੰਧਨ ਲਈ ਪੂਰੀ ਤਿਆਰੀ ਰੱਖੀ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਕਿਸੇ ਵੀ ਸੰਭਾਵਿਤ ਸਥਿਤੀ ਨਾਲ ਨਜਿੱਠਣ ਲਈ ਤੇਜ਼ ਅਤੇ ਤਾਲਮੇਲ ਵਾਲਾ ਜਵਾਬ ਯਕੀਨੀ ਬਣਾਉਣ ਲਈ ਵੀ ਕਿਹਾ। ਡੀ. ਜੀ. ਪੀ. ਨੇ ਕਿਹਾ ਕਿ ਸੁਰੱਖਿਅਤ ਸਰਹੱਦ ਅਤੇ ਵੱਖ-ਵੱਖ ਸੁਰੱਖਿਆ ਏਜੰਸੀਆਂ ਅਤੇ ਪੁਲਸ ਇਕਾਈਆਂ ਵਿਚਕਾਰ ਬਿਹਤਰ ਤਾਲਮੇਲ ਪੰਜਾਬ ਪੁਲਸ ਦੀਆਂ ਮੁੱਖ ਤਰਜ਼ੀਹਾਂ 'ਚ ਸ਼ਾਮਲ ਹੈ। ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਸੂਬੇ 'ਚ ਅਮਨ, ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
