ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਮੱਦੇਨਜ਼ਰ DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Thursday, Dec 26, 2024 - 08:23 PM (IST)
ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ : ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੇ ਚੱਲਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਦੇ ਨਿਰਵਿਘਨ ਮੱਥਾ ਟੇਕਣ ਨੂੰ ਯਕੀਨੀ ਬਣਾਉਣ ਲਈ ਮੌਕੇ 'ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਜ਼ਿਕਰਯੋਗ ਹੈ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ ਬੁੱਧਵਾਰ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ।
ਡੀ.ਜੀ.ਪੀ. ਗੌਰਵ ਯਾਦਵ, ਜੋ ਕਿ ਡੀ.ਆਈ.ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ. ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਦੇ ਨਾਲ ਸਨ, ਨੇ ਸ਼ਹੀਦੀ ਸਭਾ ਦੇ ਸਮਾਗਮ ਨੂੰ ਸੁਚਾਰੂ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ- ਸਕੂਲ 'ਚ ਕੀਤੀ ਗਈ ਸਾਹਿਬਜ਼ਾਦਿਆਂ ਦੀ ਨਕਲ ; SGPC ਪ੍ਰਧਾਨ ਨੇ ਸਖ਼ਤ ਸ਼ਬਦਾਂ 'ਚ ਕੀਤੀ ਨਿੰਦਾ
ਉਨ੍ਹਾਂ ਦੱਸਿਆ ਕਿ 4,000 ਤੋਂ ਵੱਧ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਗਜ਼ਟਿਡ ਅਧਿਕਾਰੀ ਦੀ ਅਗਵਾਈ ਹੇਠ ਸਮੁੱਚੇ ਖੇਤਰ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ ਸੰਗਤ ਨੂੰ ਮੱਥਾ ਟੇਕਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਇੱਕ ਵਿਸ਼ੇਸ਼ ਰੂਟ ਨੂੰ ਵੀ.ਆਈ.ਪੀ. ਰੂਟ ਵਜੋਂ ਬਣਾਇਆ ਗਿਆ ਹੈ, ਜਿਸ ਨੂੰ ਲੋੜ ਪੈਣ ‘ਤੇ ਐਮਰਜੈਂਸੀ ਲਈ ਵੀ ਵਰਤਿਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਤਰਜੀਹੀ ਡਿਊਟੀ ਸੰਗਤ ਲਈ ਨਿਰਵਿਘਨ ਰਸਤੇ ਨੂੰ ਯਕੀਨੀ ਬਣਾਉਣਾ ਹੈ ਅਤੇ ਪੰਜਾਬ ਪੁਲਸ ਸੁਖਾਵੇਂ ਢੰਗ ਨਾਲ ਸਾਰੀ ਸੰਗਤ ਦੀ ਅਗਵਾਈ ਕਰੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਪੁਲਸ ਮੁਲਾਜ਼ਮਾਂ ਨੂੰ ਸੰਗਤਾਂ ਪ੍ਰਤੀ ਨਿਮਰਤਾ ਵਾਲਾ ਰਵੱਈਆ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਡੀ.ਜੀ.ਪੀ. ਨੇ ਕਿਹਾ ਕਿ ਸਾਰੇ ਰੂਟਾਂ 'ਤੇ ਲੋੜੀਂਦੀ ਗਿਣਤੀ ਵਿੱਚ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਲਗਾਏ ਗਏ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਕੰਟਰੋਲ ਰੂਮ ਰਾਹੀਂ ਕਵਰੇਜ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਕੁੱਲ 20 ਪਾਰਕਿੰਗ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਸੰਗਤ ਦੀ ਸਹੂਲਤ ਲਈ ਪਾਰਕਿੰਗ ਏਰੀਆ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਵਧਾ ਕੇ 100 ਬੱਸਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਸ਼ਹਿਰ ਨੂੰ ਇੱਕ ਤਰਫਾ ਆਵਾਜਾਈ ਮਾਰਗ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e