ਪੰਜਾਬ 'ਚ ਤਿਓਹਾਰਾਂ ਦੇ ਸੀਜ਼ਨ ਦੌਰਾਨ DGP ਦੀ ਜਨਤਾ ਨੂੰ ਖ਼ਾਸ ਅਪੀਲ, ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

08/29/2021 11:58:18 AM

ਚੰਡੀਗੜ੍ਹ (ਸ਼ਰਮਾ) : ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਸਾਰੇ ਸੀ.ਪੀਜ਼/ਐੱਸ. ਐੱਸ. ਪੀਜ਼ ਨੂੰ ਸੂਬੇ ਵਿਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਰੋਕਥਾਮ, ਅਹਿਤਿਆਤ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਸਾਰੇ ਢੁੱਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਡੀ. ਜੀ. ਪੀ. ਦਿਨਕਰ ਗੁਪਤਾ ਨੇ ਪੰਜਾਬ ਆਰਮਡ ਪੁਲਸ (ਪੀ. ਏ. ਪੀ.) ਕੈਂਪਸ ਵਿਚ ਸੂਬਾ ਪੱਧਰੀ ਅਪਰਾਧ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਲਾਂਕਿ ਜ਼ਿਆਦਾਤਰ ਪੁਲਸ ਮੁਖੀਆਂ ਵੱਲੋਂ ਆਪਣੇ ਸਬੰਧਿਤ ਜ਼ਿਲ੍ਹਿਆਂ ਵਿਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ, ਪਰ ਇੰਟੈਲੀਜੈਂਟ ਅਤੇ ਸਮਾਰਟ ਪੁਲਸਿੰਗ ਜਿਸ ਵਿਚ ਤਕਨਾਲੋਜੀ ਅਤੇ ਟਰੇਡ ਕ੍ਰਾਫ਼ਟ ਦੀ ਵਰਤੋਂ ਸ਼ਾਮਲ ਹੈ, ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਲੋੜ ਹੈ। ਇਹ ਮੀਟਿੰਗ ਹਾਲ ਹੀ ਵਿਚ ਰਾਜ ਵਿਚ ਗ੍ਰੇਨੇਡ ਅਤੇ ਆਰ. ਡੀ. ਐਕਸ. ਨਾਲ ਲੈਸ ਟਿਫ਼ਨ ਬਾਕਸ ਮਿਲਣ ਤੋਂ ਇਲਾਵਾ ਹੋਰ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਬਰਾਮਦਗੀ, ਜਿਸ ਤੋਂ ਸਰਹੱਦੀ ਸੂਬੇ ਵਿਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਦੇਸ਼ ਵਿਰੋਧੀ ਅਨਸਰਾਂ ਵਲੋਂ ਕੀਤੀਆਂ ਜਾ ਰਹੀਆਂ ਵੱਡੀਆਂ ਕੋਸ਼ਿਸ਼ਾਂ ਦਾ ਸੰਕੇਤ ਮਿਲਦਾ ਹੈ, ਦੇ ਮੱਦੇਨਜ਼ਰ ਕੀਤੀ ਗਈ।

ਇਹ ਵੀ ਪੜ੍ਹੋ : ਸਮਰਾਲਾ 'ਚ ਸਹੁਰਿਆਂ ਵੱਲੋਂ ਨੂੰਹ 'ਤੇ ਹੈਵਾਨੀਅਤ ਦਿਖਾਉਣ ਦੀ ਦਿਲ ਕੰਬਾਊ ਵੀਡੀਓ ਹੋਈ ਵਾਇਰਲ

ਮੀਟਿੰਗ ਵਿਚ ਰੇਲਵੇ ਦੇ ਵਿਸ਼ੇਸ਼ ਡੀ. ਜੀ. ਪੀ. ਸੰਜੀਵ ਕਾਲੜਾ, ਏ. ਡੀ. ਜੀ. ਪੀ. ਅੰਦਰੂਨੀ ਸੁਰੱਖਿਆ ਆਰ. ਐੱਨ. ਢੋਕੇ ਅਤੇ ਏ. ਡੀ. ਜੀ. ਪੀ. ਇੰਟੈਲੀਜੈਂਸ ਵਰਿੰਦਰ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ। ਡੀ. ਜੀ. ਪੀ. ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਮਨਜ਼ੂਰੀ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਵੀ ਵਿਅਕਤੀ ਹਿੰਸਕ ਗਤੀਵਿਧੀਆਂ ਵਿਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਤੁਰੰਤ ਫ਼ੌਜਦਾਰੀ ਕੇਸ ਦਰਜ ਕੀਤੇ ਜਾਣ। ਉਨ੍ਹਾਂ ਨੇ ਰਾਜ ਵਿਚ ਕਾਨੂੰਨ ਵਿਵਸਥਾ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਵਿਅਕਤੀਆਂ ਅਤੇ ਸ਼ਰਾਰਤੀ ਅਨਸਰਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਜੇਕਰ ਉਹ ਕਿਸੇ ਅਪਰਾਧਿਕ ਜਾਂ ਹਿੰਸਕ ਗਤੀਵਿਧੀਆਂ ਵਿਚ ਸ਼ਾਮਲ ਪਾਏ ਜਾਂਦੇ ਹਨ ਤਾਂ ਪੁਲਸ ਕਲੀਅਰੈਂਸ ਸਰਟੀਫਿਕੇਟ ਜਾਂ ਪਾਸਪੋਰਟ ਤਸਦੀਕ ਅਤੇ ਹੋਰ ਵਿਅਕਤੀਗਤ ਜਾਂਚ ਕਾਰਵਾਈਆਂ ਸਮੇਂ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : ਧੀ ਬਰਾਬਰ ਮਾਸੂਮ ਬੱਚੀ ਨਾਲ 5 ਬੱਚਿਆਂ ਦੇ ਪਿਓ ਦੀ ਹੈਵਾਨੀਅਤ, ਚੁਬਾਰੇ 'ਤੇ ਲਿਜਾ ਕੇ ਕੀਤਾ ਜਬਰ-ਜ਼ਿਨਾਹ

ਆਗਾਮੀ ਤਿਓਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਡੀ. ਜੀ. ਪੀ. ਦਿਨਕਰ ਗੁਪਤਾ ਨੇ ਸੀ. ਪੀਜ਼/ਐੱਸ. ਐੱਸ. ਪੀਜ਼ ਨੂੰ ਸਾਰੇ ਸੰਵੇਦਨਸ਼ੀਲ ਸਥਾਨਾਂ ’ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਟਿਫ਼ਨ ਬੰਬ ਅਤੇ ਹੋਰ ਖ਼ਤਰਿਆਂ ਬਾਰੇ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਉਹ ਸਪੀਕਰਾਂ ਰਾਹੀਂ ਸੂਚਨਾ ਦੇ ਕੇ ਹੋਰਨਾਂ ਨੂੰ ਵੀ ਚੌਕਸ ਰਹਿਣ ਬਾਰੇ ਜਾਗਰੂਕ ਕਰ ਸਕਣ। ਉਨ੍ਹਾਂ ਨੇ ਲੋਕਾਂ ਨੂੰ ਚੌਕਸ ਕਰਨ ਲਈ ਵੱਖ-ਵੱਖ ਜਨਤਕ ਸਥਾਨਾਂ ਜਿਵੇਂ ਕਿ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ’ਤੇ ਪਬਲਿਕ ਐਡਰੈੱਸ ਸਿਸਟਮ ਦੀ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ ਅਤੇ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਜੇ ਕਿਸੇ ਨੂੰ ਕੋਈ ਸ਼ੱਕੀ ਚੀਜ਼ ਮਿਲਦੀ ਹੈ ਤਾਂ ਉਹ 112 ਜਾਂ 181 ਡਾਇਲ ਕਰਕੇ ਰਿਪੋਰਟ ਦੇਣ।

ਇਹ ਵੀ ਪੜ੍ਹੋ : ਹੁਣ ਰੋਸਟਰ ਅਨੁਸਾਰ ਭਰਤੀ ਪ੍ਰੀਖਿਆਵਾਂ ’ਚ ਲੱਗੇਗੀ 'ਅਧਿਆਪਕਾਂ' ਦੀ ਡਿਊਟੀ, ਮੁੱਖ ਦਫ਼ਤਰ ਤੋਂ ਲੈਣੀ ਪਵੇਗੀ ਛੁੱਟੀ

ਡੀ. ਜੀ. ਪੀ. ਦਿਨਕਰ ਗੁਪਤਾ ਨੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਨਸ਼ਾ ਤਸਕਰਾਂ/ਸਪਲਾਇਰਾਂ ਖ਼ਿਲਾਫ਼ ਆਪਣੀ ਕਾਰਵਾਈ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਨਸ਼ਿਆਂ ਦੀ ਸਪਲਾਈ ਲਾਈਨਾਂ ਬੇਅਸਰ ਰਹਿਣ। ਉਨ੍ਹਾਂ ਨੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਅਪਰਾਧਿਕ ਗਤੀਵਿਧੀਆਂ ਦੀ ਰੋਕਥਾਮ ਲਈ ਪੁਲਸ ਨਾਕਿਆਂ ਦੀ ਪ੍ਰਭਾਵਸ਼ੀਲਤਾ ਵਧਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਡੀ. ਜੀ. ਪੀ. ਨੇ ਨਵ ਨਿਯੁਕਤ ਸੀ. ਪੀਜ਼ ਅਤੇ ਐੱਸ. ਐੱਸ. ਪੀਜ਼ ਨਾਲ ਵੀ ਇਸ ਬਾਰੇ ਵਿਚਾਰ-ਚਰਚਾ ਕੀਤੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News