ਲੋਕ ਸਭਾ ਚੋਣਾਂ ਲਈ ਪੰਜਾਬ ਪੁਲਸ ਨੇ ਖਿੱਚੀ ਤਿਆਰੀ, DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼

Sunday, Mar 17, 2024 - 06:11 PM (IST)

ਲੋਕ ਸਭਾ ਚੋਣਾਂ ਲਈ ਪੰਜਾਬ ਪੁਲਸ ਨੇ ਖਿੱਚੀ ਤਿਆਰੀ, DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਜਲੰਧਰ/ਚੰਡੀਗੜ੍ਹ- ਭਾਰਤੀ ਚੋਣ ਕਮਿਸ਼ਨ (ਈ. ਸੀ. ਆਈ) ਵੱਲੋਂ 2024 ਦੀਆਂ ਆਮ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕਰਨ ਤੋਂ ਇਕ ਦਿਨ ਬਾਅਦ, ਪੁਲਸ ਡਾਇਰੈਕਟਰ ਜਨਰਲ (ਡੀ. ਜੀ. ਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਪੁਲਸ ਸਰਹੱਦੀ ਰਾਜ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।  ਦਰਅਸਲ  ਡੀ. ਜੀ. ਪੀ. ਪੰਜਾਬ, ਸਪੈਸ਼ਲ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਨਾਲ ਹੈੱਡਕੁਆਰਟਰ ਤੋਂ ਸਾਰੇ ਸੀਨੀਅਰ ਪੁਲੀਸ ਅਧਿਕਾਰੀਆਂ, ਰੇਂਜ ਏ. ਡੀ. ਜੀ. ਐੱਸ. ਪੀ/ਆਈ. ਜੀ. ਐੱਸ. ਪੀ/ਡੀ. ਆਈ. ਜੀਜ਼ ਅਤੇ ਸੀ. ਪੀਜ਼/ਐੱਸ. ਐੱਸ. ਪੀਜ਼ ਨਾਲ ਆਮ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਗੱਲਬਾਤ ਕਰ ਰਹੇ ਸਨ।

ਜ਼ਿਕਰਯੋਗ ਹੈ ਕਿ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਵਿੱਚ ਆਮ ਚੋਣਾਂ ਲਈ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਡੀ. ਜੀ. ਪੀ. ਗੌਰਵ ਯਾਦਵ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓ.) ਅਤੇ ਪੈਰੋਲ ਜੰਪਰਜ਼ ਨੂੰ ਗ੍ਰਿਫ਼ਤਾਰ ਕਰਨ ਅਤੇ ਗੈਰ-ਜ਼ਮਾਨਤੀ ਵਾਰੰਟਾਂ (ਐੱਨ. ਬੀ. ਡਬਲਿਊ.) ਨੂੰ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਐੱਸ. ਐੱਸ. ਪੀਜ਼ ਅਤੇ ਸੀ. ਪੀਜ਼ ਨੂੰ ਨਾਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਸਾਇਕੋਟਰਾਪਿਕ ਪਦਾਰਥਾਂ ਦੀ ਵਿਕਰੀ ਵਿੱਚ ਸ਼ਾਮਲ ਲੋਕਾਂ ਦੀ ਚੌਕਸੀ ਨਾਲ ਨਿਗਰਾਨੀ ਕਰਨ  ਲਈ ਵੀ ਕਿਹਾ ਗਿਆ ਹੈ।
ਡੀ. ਜੀ. ਪੀ. ਨੇ ਸੀ. ਪੀਜ਼/ਐੱਸ. ਐੱਸ. ਪੀਜ਼ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਲੋਕਾਂ ਤੋਂ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ:  ਜਲੰਧਰ ਵਿਖੇ ਬੱਲੇ-ਬੱਲੇ ਫਾਰਮ ਨੇੜੇ ਮਿਲੀ ਕਰੀਬ 5 ਸਾਲਾ ਬੱਚੇ ਦੀ ਲਾਸ਼, ਫ਼ੈਲੀ ਸਨਸਨੀ, ਕਤਲ ਦਾ ਸ਼ੱਕ

ਹੋਰ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਫ਼ਸਰਾਂ ਨੂੰ ਪੁਲਸ ਬਲ ਦਾ ਆਡਿਟ ਕਰਨ ਲਈ ਕਿਹਾ ਗਿਆ ਹੈ ਅਤੇ ਚੋਣਾਂ ਦੌਰਾਨ 75 ਫ਼ੀਸਦੀ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀ. ਪੀਜ਼/ਐੱਸ. ਐੱਸ. ਪੀਜ਼ ਨੂੰ ਪਹਿਲਾਂ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਆਪਣੇ ਅਧਿਕਾਰ ਖੇਤਰਾਂ ਵਿੱਚ ਫਲੈਗ ਮਾਰਚ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਪਰਾਧੀਆਂ, ਬੁਟਲੇਗਰਾਂ ਅਤੇ ਨਸ਼ਾ ਤਸਕਰਾਂ ਦੀ ਆਵਾਜਾਈ ਨੂੰ ਰੋਕਣ ਲਈ ਅੰਤਰ-ਰਾਜੀ ਸਰਹੱਦਾਂ ’ਤੇ ਚੈਕਿੰਗ ਵਧਾ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀ. ਏ. ਪੀ. ਐੱਫ਼) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਸੁਖਾਵਾਂ ਮਾਹੌਲ ਬਣਾਇਆ ਜਾ ਸਕੇ। 25 ਕੰਪਨੀਆਂ ਵਿੱਚ ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀ. ਆਰ. ਪੀ. ਐੱਫ਼) ਦੀਆਂ ਪੰਜ, ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ਼) ਦੀਆਂ 15 ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਸ (ਆਈ. ਟੀ. ਬੀ. ਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ। ਸਪੈਸ਼ਲ ਡੀ. ਜੀ. ਪੀ. ਨੇ ਕਿਹਾ ਕਿ ਸਾਰੇ ਪੁਲਸ ਅਫ਼ਸਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ ਵੀ ਭੇਜ ਦਿੱਤੇ ਗਏ ਹਨ।

ਇਹ ਵੀ ਪੜ੍ਹੋ:  ਮੂਸੇਵਾਲਾ ਦੇ ਛੋਟੇ ਭਰਾ ਦੀ ਸਭ ਤੋਂ ਪਹਿਲੀ ਵੀਡੀਓ ਆਈ ਸਾਹਮਣੇ, ਮਾਂ ਚਰਨ ਕੌਰ ਦੀ ਗੋਦੀ 'ਚ ਦਿਸਿਆ ਛੋਟਾ ਸਿੱਧੂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News