DGP ਗੌਰਵ ਯਾਦਵ ਨੇ ਪੰਜਾਬ ਤੇ ਚੰਡੀਗੜ੍ਹ ਪੁਲਸ ਦੇ ਮੁਖੀਆਂ ਨਾਲ ਕੀਤੀ ਮੀਟਿੰਗ
Friday, Feb 10, 2023 - 11:30 PM (IST)

ਚੰਡੀਗੜ੍ਹ (ਬਿਊਰੋ) : ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਅਤੇ ਡੀ.ਜੀ.ਪੀ. ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਪ੍ਰਵੀਰ ਰੰਜਨ ਦੀ ਸਾਂਝੀ ਪ੍ਰਧਾਨਗੀ ਹੇਠ ਪੰਜਾਬ ਪੁਲਸ ਅਤੇ ਚੰਡੀਗੜ੍ਹ ਪੁਲਸ ਦਰਮਿਆਨ ਅੱਜ ਇਥੇ ਪੰਜਾਬ ਪੁਲਸ ਹੈੱਡਕੁਆਰਟਰ ਵਿਖੇ ਤਾਲਮੇਲ ਮੀਟਿੰਗ ਕੀਤੀ ਗਈ ਤਾਂ ਜੋ ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ’ਚ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ, ਪੰਜਾਬ ਅਰਪਿਤ ਸ਼ੁਕਲਾ, ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਸੀਨੀਅਰ ਸੁਪਰਡੈਂਟ ਆਫ ਪੁਲਸ (ਐੱਸ.ਐੱਸ.ਪੀ.) ਚੰਡੀਗੜ੍ਹ ਮਨੀਸ਼ਾ ਚੌਧਰੀ ਅਤੇ ਐੱਸ.ਐੱਸ.ਪੀ. ਐੱਸ.ਏ.ਐੱਸ. ਨਗਰ ਸੰਦੀਪ ਗਰਗ ਵੀ ਹਾਜ਼ਰ ਸਨ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਟਾਰਗੈੱਟ ਕਿਲਿੰਗ ਕਰਨ ਵਾਲੇ 2 ਸ਼ੂਟਰ ਗ੍ਰਿਫ਼ਤਾਰ, ਵਿਦੇਸ਼ ਤੱਕ ਜੁੜੇ ਨੇ ਤਾਰ
ਮੀਟਿੰਗ ਦੌਰਾਨ ਪੰਜਾਬ ਅਤੇ ਚੰਡੀਗੜ੍ਹ ’ਚ ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਰਣਨੀਤੀ ਅਤੇ ਕਾਰਜ ਯੋਜਨਾ ਘੜਨ ਲਈ ਵਿਸਥਾਰਤ ਚਰਚਾ ਕੀਤੀ ਗਈ। ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਕਾਇਮ ਰੱਖਣ ਲਈ ਅੰਦਰੂਨੀ ਤੰਤਰ ਵਿਕਸਿਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਤਜਵੀਜ਼ ਦਿੱਤੀ ਕਿ ਖੇਤਰ ’ਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਗੁਆਂਢੀ ਸੂਬਿਆਂ ਦੇ ਜ਼ਿਲ੍ਹਾ ਪੁਲਸ ਮੁਖੀਆਂ ਅਤੇ ਐੱਸ.ਐੱਸ.ਪੀਜ਼ ਵਿਚਕਾਰ ਤਿਮਾਹੀ ਜਾਂ ਦੋ-ਮਾਸਿਕ ਮੀਟਿੰਗਾਂ ਕੀਤੀਆਂ ਜਾਣ ਕਿਉਂਕਿ ਇਨ੍ਹਾਂ ਖੇਤਰਾਂ ’ਚ ਹੁੰਦੀਆਂ ਅਪਰਾਧਿਕ ਗਤੀਵਿਧੀਆਂ ਅਤੇ ਇਸ ਦੇ ਢੰਗ-ਤਰੀਕੇ ਇਕੋ ਜਿਹੇ ਹਨ।
ਇਹ ਖ਼ਬਰ ਵੀ ਪੜ੍ਹੋ : ਮੰਤਰੀ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਲਈ ਹੈਲਪਲਾਈਨ ਨੰਬਰ ਤੇ ਈਮੇਲ ਕੀਤੀ ਸ਼ੁਰੂ
ਉਨ੍ਹਾਂ ਨੇ ਖੇਤਰ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਾਣਕਾਰੀ ਸਾਂਝੀ ਕਰਨ ਵਾਸਤੇ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਐੱਸ.ਐੱਸ.ਪੀ. ਮੁਹਾਲੀ ਨੂੰ ਟਰਾਈਸਿਟੀ ’ਚ ਅਪਰਾਧ ਦੇ ਰੁਝਾਨ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਐੱਸ.ਐੱਸ.ਪੀ. ਚੰਡੀਗੜ੍ਹ ਅਤੇ ਡੀ.ਸੀ.ਪੀ. ਪੰਚਕੂਲਾ ਨਾਲ ਨਿਯਮਿਤ ਮੀਟਿੰਗਾਂ ਕਰਨ ਦੇ ਵੀ ਨਿਰਦੇਸ਼ ਦਿੱਤੇ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਵਚਨਬੱਧ ਹੈ।