DGP ਇਕਬਾਲ ਪ੍ਰੀਤ ਸਹੋਤਾ ਨੇ ਜਲੰਧਰ ''ਚ ਕ੍ਰਾਈਮ ਰੀਵਿਊ ਮੀਟਿੰਗ ਦੀ ਕੀਤੀ ਪ੍ਰਧਾਨਗੀ
Saturday, Nov 06, 2021 - 09:52 PM (IST)
ਚੰਡੀਗੜ੍ਹ/ਜਲੰਧਰ: ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਸ (ਡੀ.ਜੀ.ਪੀ.) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸ਼ਨੀਵਾਰ ਨੂੰ ਸਾਰੇ ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਸਰਹੱਦ ‘ਤੇ ਚੌਕਸੀ ਵਧਾਉਣ ਅਤੇ ਸੂਚੀਬੱਧ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਡੀ.ਜੀ.ਪੀ., ਜੋ ਇੱਥੇ ਪੀ.ਏ.ਪੀ. ਕੰਪਲੈਕਸ ਵਿਖੇ ਜਲੰਧਰ ਰੇਂਜ ਅਤੇ ਬਾਰਡਰ ਰੇਂਜ ਦੇ ਅਧਿਕਾਰੀਆਂ ਨਾਲ ਅਪਰਾਧ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਸਾਰੇ ਸੀ.ਪੀਜ਼/ਐਸ.ਐਸ.ਪੀਜ਼. ਨੂੰ ਨਸ਼ਿਆਂ, ਗੈਰ-ਕਾਨੂੰਨੀ ਮਾਈਨਿੰਗ ਅਤੇ ਭਿ੍ਰਸ਼ਟ ਗਤੀਵਿਧੀਆਂ ਵਿਰੁੱਧ ਜੀਰੋ ਟੋਲਰੈਂਸ ਨੀਤੀ ਅਪਣਾਉਣ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਜਲੰਧਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ, ਆਈ.ਜੀ.ਪੀ ਜਲੰਧਰ ਰੇਂਜ ਗੁਰਿੰਦਰ ਸਿੰਘ ਢਿੱਲੋਂ, ਆਈ.ਜੀ.ਪੀ ਬਾਰਡਰ ਰੇਂਜ ਮੋਹਨੀਸ਼ ਚਾਵਲਾ ਅਤੇ ਸੀ.ਪੀ ਅੰਮਿ੍ਰਤਸਰ ਸੁਖਚੈਨ ਸਿੰਘ ਗਿੱਲ ਵੀ ਹਾਜਰ ਰਹੇ।
ਇਹ ਵੀ ਪੜ੍ਹੋ : ਬੇਅਦਬੀ ਦੇ ਦੋਸ਼ੀਆਂ ਤੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਜਲਦ ਹੋਵੇਗੀ ਕਾਰਵਾਈ : ਚੰਨੀ
ਹਾਲ ਹੀ ਵਿੱਚ ਬਰਾਮਦ ਹੋਏ ਇੱਕ ਹੋਰ ਟਿਫਿਨ ਬੰਬ ਦਾ ਨੋਟਿਸ ਲੈਂਦਿਆਂ, ਡੀ.ਜੀ.ਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸਰਹੱਦੀ ਅਧਿਕਾਰੀਆਂ ਨੂੰ ਹਥਿਆਰਾਂ, ਗੋਲਾ ਬਾਰੂਦ, ਵਿਸਫੋਟਕ ਅਤੇ ਨਸ਼ਾ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ‘ਤੇ ਤਿੱਖੀ ਨਜਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾ ਜ਼ਿਲ੍ਹਾ ਮੁਖੀਆਂ ਨੂੰ ਸਾਰੇ ਪੁਲਸ ਥਾਣਿਆਂ ਅਤੇ ਧਾਰਮਿਕ ਸਥਾਨਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਵੀ ਦਿੱਤੇ।
ਗੈਂਗਸਟਰਾਂ ਵਿਰੁੱਧ ਕਾਰਵਾਈ ਸਬੰਧੀ ਬੋਲਦਿਆਂ ਡੀ.ਜੀ.ਪੀ ਨੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਗੈਂਗਸਟਰਾਂ/ਸਮੱਗਲਰਾਂ ਅਤੇ ਉਨ੍ਹਾ ਦੇ ਸਾਥੀਆਂ ਦੇ ਡੋਜੀਅਰ ਤਿਆਰ ਕਰਨ ਅਤੇ ਉਨ੍ਹਾ ਵਿਰੁੱਧ ਪੀ.ਐੱਮ.ਐੱਲ.ਏ ਤਹਿਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਕਿਹਾ।
ਮੀਟਿੰਗ ਦੌਰਾਨ ਡੀ.ਜੀ.ਪੀ ਨੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਖੇਤਰਾਂ ਵਿੱਚ ਨਸ਼ਾ ਤਸਕਰਾਂ/ਸਪਲਾਇਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ। ਉਨ੍ਹਾ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਖੇਤਰਾਂ ਵਿੱਚ ਨਸ਼ਾ ਤਸਕਰੀ ਲਈ ਬਦਨਾਮ ਵਿਸ਼ੇਸ਼ ਥਾਵਾਂ ਦੀ ਸ਼ਨਾਖਤ ਕਰਨ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਫੜਨ ਲਈ ਢੁਕਵੇਂ ਆਪ੍ਰੇਸ਼ਨ ਵਿੱਢਣ ।
ਉਨ੍ਹਾ ਨੇ ਜ਼ਿਲ੍ਹਾ ਮੁਖੀਆਂ ਨੂੰ ਉਨ੍ਹਾ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਐੱਨ.ਡੀ.ਪੀ.ਐੱਸ ਕੇਸਾਂ ਦੇ ਸਾਰੇ ਭਗੌੜੇ ਅਪਰਾਧੀਆਂ (ਪੀ.ਓਜ) ਅਤੇ ਬੇਲ ਜੰਪਰਾਂ ਨੂੰ ਜਲਦੀ ਤੋਂ ਜਲਦੀ ਫੜਨ ਦੇ ਆਦੇਸ਼ ਦਿੱਤੇ।
ਡੀ.ਜੀ.ਪੀ ਨੇ ਲੁਧਿਆਣਾ, ਜਲੰਧਰ, ਅੰਮਿ੍ਰਤਸਰ ਆਦਿ ਸਮੇਤ ਪ੍ਰਮੁੱਖ ਸ਼ਹਿਰਾਂ ਦੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਯਾਤਰੀਆਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਆਪਣੀ ਟ੍ਰੈਫਿਕ ਪ੍ਰਬੰਧਨ ਪ੍ਰਣਾਲੀ ਵਿੱਚ ਹੋਰ ਸੁਧਾਰ ਕਰਨ।
ਇਹ ਵੀ ਪੜ੍ਹੋ : ਡਿਫਾਲਟਰਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਤੇ ਉਲੰਘਣਾ ਕਰਨ ਵਾਲਿਆਂ ਦੇ ਲਾਇਸੈਂਸ ਹੋਣਗੇ ਰੱਦ: ਰਣਦੀਪ ਨਾਭਾ
ਇਸ ਦੌਰਾਨ, ਡੀ.ਜੀ.ਪੀ ਨੇ ਬਾਰਡਰ ਦੇ ਐੱਸ.ਐੱਸ.ਪੀਜ਼ ਨੂੰ ਆਪਣੇ ਜਿਲਿਆਂ ਨੂੰ ਸੈਕਟਰਾਂ ਵਿੱਚ ਵੰਡਣ ਅਤੇ ਹਰ ਸੈਕਟਰ ਲਈ ਇੱਕ ਗਜਟਿਡ ਅਧਿਕਾਰੀ ਤਾਇਨਾਤ ਕਰਨ ਦੇ ਆਦੇਸ਼ ਦਿੱਤੇ, ਜੋ ਕਿ ਨਾਈਟ ਡੋਮੀਨੇਸ਼ਨ ‘ਤੇ ਨਿੱਜੀ ਤੌਰ ‘ਤੇ ਮੌਜੂਦ ਰਹਿਣਗੇ। ਉਨ੍ਹਾ ਨੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਸਰਹੱਦੀ ਜ਼ਿਲ੍ਹਿਆਂ ਜਿਨਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮਿ੍ਰਤਸਰ ਦਿਹਾਤੀ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸ਼ਾਮਲ ਹਨ, ‘ਤੇ ਰਾਤ 9 ਵਜੇ ਤੋਂ ਸਵੇਰੇ 4 ਵਜੇ ਤੱਕ ਹੋਰ ਸਖਤੀ ਨਾ ਨਾਈਟ ਡੋਮੀਨੇਸ਼ਨ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ।