DGP ਨੇ ਫੀਲਡ ਅਫ਼ਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ ’ਤੇ ਕਾਰਵਾਈ ਕਰਨ ਦੇ ਦਿੱਤੇ ਹੁਕਮ

Wednesday, Aug 30, 2023 - 02:00 AM (IST)

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਗਾਮੀ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਫੀਲਡ ਅਫ਼ਸਰਾਂ ਨੂੰ ਨਸ਼ੇ ਦੀ ਸਪਲਾਈ ਨੂੰ ਤੋੜਨ ਲਈ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਪੱਖੀ ਰਣਨੀਤੀ—ਪੁਲਸ ਐਨਫੋਰਸਮੈਂਟ, ਨਸ਼ਾ ਛੁਡਾਊ ਅਤੇ ਪੁਨਰਵਾਸ ਨੂੰ ਲਾਗੂ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਰਿਸ਼ਤਾ ਨਾ ਹੋਣ ਤੋਂ ਖ਼ਫ਼ਾ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਨਾਬਾਲਗ ਕੁੜੀ ਨੂੰ ਮਾਰੀ ਗੋਲ਼ੀ

ਨਸ਼ਿਆਂ ਵਿਰੁੱਧ ਅਤਿ-ਆਧੁਨਿਕ ਰਣਨੀਤੀ ਤਿਆਰ ਕਰਨ ਲਈ ਅੱਜ ਡੀ.ਜੀ.ਪੀ. ਸੂਬੇ ਦੇ ਸਾਰੇ ਅੱਠ ਰੇਂਜ ਆਈ.ਜੀਜ਼/ਡੀ.ਆਈ.ਜੀਜ਼, 28 ਸੀ.ਪੀਜ਼/ਐੱਸ.ਐੱਸ.ਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਸ (ਡੀ.ਐੱਸ.ਪੀਜ਼) ਅਤੇ 410 ਤੋਂ ਵੱਧ ਸਟੇਸ਼ਨ ਹਾਊਸ ਅਫ਼ਸਰਾਂ (ਐੱਸ.ਐੱਚ.ਓਜ਼) ਨਾਲ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡੀ.ਜੀ.ਪੀ. ਦੇ ਨਾਲ ਸਪੈਸ਼ਲ ਡੀ.ਜੀ.ਪੀ. ਐੱਸ.ਟੀ.ਐੱਫ. ਕੁਲਦੀਪ ਸਿੰਘ, ਸਪੈਸ਼ਲ ਡੀ.ਜੀ.ਪੀ. ਇੰਟੈਲੀਜੈਂਸ-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਰਿੰਦਰ ਕੁਮਾਰ ਅਤੇ ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੀ ਮੌਜੂਦ ਸਨ।

ਇਹ ਖ਼ਬਰ ਵੀ ਪੜ੍ਹੋ : ਪੁਲਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ, ਚੱਲੀਆਂ ਤਾੜ-ਤਾੜ ਗੋਲ਼ੀਆਂ, ਗੈਂਗਸਟਰ ਕਾਬੂ

ਇਹ ਮੀਟਿੰਗ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਫਿਲੌਰ ਵਿਚ ਪੰਜਾਬ ਪੁਲਸ ਅਕੈਡਮੀ ਵਿਖੇ ਡਰੱਗ ਤਸਕਰੀ ਬਾਰੇ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਤੋਂ ਇਕ ਦਿਨ ਬਾਅਦ ਕੀਤੀ ਗਈ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ, ਨਸ਼ਿਆਂ ਦੀ ਮੰਗ ਘਟਾਉਣ ਤੇ ਪੀੜਤਾਂ ਨੂੰ ਇਲਾਜ ਪ੍ਰਦਾਨ ਕਰਨ ਲਈ ਮੀਟਿੰਗਾਂ, ਰੈਲੀਆਂ, ਸੈਮੀਨਾਰ ਕਰਕੇ ਅਤੇ ਹੋਰ ਵਿਭਾਗਾਂ ਦੇ ਤਾਲਮੇਲ ਨਾਲ ਵੱਡੇ ਪੱਧਰ 'ਤੇ ਲੋਕਾਂ ਤੱਕ ਪਹੁੰਚ ਬਣਾ ਕੇ ਨਸ਼ਿਆਂ ਦੀ ਤਸਕਰੀ ਵਿਰੁੱਧ ਬਹੁ-ਪੱਖੀ ਰਣਨੀਤੀ ’ਤੇ ਕੰਮ ਕਰ ਰਹੀ ਹੈ। ਇਸ ਤੱਥ ਨੂੰ ਸਵੀਕਾਰ ਕਰਦਿਆਂ ਕਿ ਪੰਜਾਬ ਪੁਲਸ ਵੱਲੋਂ ਅਗਸਤ ਮਹੀਨੇ ਦੌਰਾਨ 200 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਕੇ ਨਸ਼ਿਆਂ ਵਿਰੁੱਧ ਬਹੁਤ ਵਧੀਆ ਕੰਮ ਕੀਤਾ ਗਿਆ ਹੈ, ਉਨ੍ਹਾਂ ਨਸ਼ਾ ਤਸਕਰਾਂ ਵਿਰੁੱਧ ਚੌਕਸੀ ਹੋਰ ਤੇਜ਼ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਪੁਲਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ, ਚੱਲੀਆਂ ਤਾੜ-ਤਾੜ ਗੋਲ਼ੀਆਂ, ਗੈਂਗਸਟਰ ਕਾਬੂ

ਉਨ੍ਹਾਂ ਨੇ ਸਾਰੇ ਫੀਲਡ ਅਫ਼ਸਰਾਂ ਨੂੰ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤੀਆਂ ਸਾਰੀਆਂ ਐੱਫ. ਆਈ. ਆਰਜ਼ ਦੇ ਅਗਲੇ-ਪਿਛਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਵੱਡੀਆਂ ਮੱਛੀਆਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਸਾਰੀਆਂ ਇਕਾਈਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿਚ ਨਸ਼ਿਆਂ ਦੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਰਣਨੀਤੀ ਤਿਆਰ ਕਰਨ ਲਈ ਵੀ ਕਿਹਾ।

ਨਸ਼ਿਆਂ ਵਿਰੁੱਧ ਜੰਗ ਵਿਚ ਲੋਕਾਂ ਨੂੰ ਸ਼ਾਮਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਡੀ.ਜੀ.ਪੀ. ਨੇ ਸਮੂਹ ਐੱਸ.ਐੱਚ.ਓਜ਼ ਨੂੰ ਕਿਹਾ ਕਿ ਉਹ ਆਮ ਲੋਕਾਂ ਨਾਲ ਗੱਲਬਾਤ ਕਰਨ ਅਤੇ ਆਪਣੇ ਸੰਪਰਕ ਨੰਬਰ ਉਨ੍ਹਾਂ ਨਾਲ ਸਾਂਝੇ ਕਰਨ ਤਾਂ ਜੋ ਉਹ ਬੇਝਿਜਕ ਪੁਲਸ ਨਾਲ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰ ਸਕਣ। ਜ਼ਿਕਰਯੋਗ ਹੈ ਕਿ ਸਾਰੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਖੇਡ, ਸਿਹਤ ਅਤੇ ਸਿੱਖਿਆ ਵਿਭਾਗ ਨਾਲ ਮਿਲ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਾਈਕਲ ਰੈਲੀਆਂ, ਪੇਂਟਿੰਗ ਮੁਕਾਬਲੇ, ਨੁੱਕੜ ਨਾਟਕ ਆਦਿ ਸਮੇਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਨ ਲਈ ਵੀ ਕਿਹਾ ਗਿਆ ਹੈ।


Manoj

Content Editor

Related News