''ਢੱਡਰੀਆਂ ਵਾਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਕਰੇ ਪਾਲਣਾ''

02/08/2020 9:14:51 AM

ਅੰਮ੍ਰਿਤਸਰ, (ਅਨਜਾਣ)— ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਮੁੱਚੀਆਂ ਗੁਰੂ ਨਾਨਕ ਨਾਮਲੇਵਾ ਸੰਗਤਾਂ ਨੂੰ 7ਵੇਂ ਗੁਰੂ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਜਨਮ ਦਿਹਾੜੇ 'ਤੇ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਹਰਿਰਾਏ ਸਾਹਿਬ ਜੀ ਨੇ ਸਾਨੂੰ ਬਾਣੀ ਦਾ ਅਦਬ ਸਤਿਕਾਰ ਕਰਨਾ ਸਿਖਾਇਆ ਹੈ। ਸਿੰਘ ਸਾਹਿਬ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਵਿਵਾਦਾਂ 'ਚ ਘਿਰੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਦਮਦਮੀ ਟਕਸਾਲ ਦੇ ਬਾਬਾ ਹਰਨਾਮ ਸਿੰਘ ਖਾਲਸਾ ਵਿਚ ਚੱਲ ਰਹੇ ਵਿਵਾਦ ਨੂੰ ਆਪਸ ਵਿਚ ਮਿਲ ਬੈਠ ਕੇ ਹੱਲ ਕਰਨ ਲਈ ਕਹਿੰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਵਿਸ਼ੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉੱਪਰ ਨਹੀਂ। ਢੱਡਰੀਆਂ ਵਾਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਕਰੇ। ਉਨ੍ਹਾਂ ਕਿਹਾ ਕਿ ਸਿੱਖ ਪ੍ਰਚਾਰਕਾਂ ਦਾ ਆਪਸ 'ਚ ਕੋਈ ਮੱਤਭੇਦ ਹੈ ਤਾਂ ਉਹ ਮਿਲ ਬੈਠ ਕੇ ਹੱਲ ਕਰਨਾ ਚਾਹੀਦਾ ਹੈ। ਢੱਡਰੀਆਂ ਵਾਲੇ ਨੂੰ ਸਬ-ਕਮੇਟੀ ਨਾਲ ਬੈਠ ਕੇ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ ਤਾਂ ਜੋ ਗੁਰਬਾਣੀ ਜਾਂ ਇਤਿਹਾਸ ਵਿਚ ਪਏ ਭਰਮ-ਭੁਲੇਖਿਆਂ ਨੂੰ ਦੂਰ ਕੀਤਾ ਜਾ ਸਕੇ। ਇਸ ਨਾਲ ਸੰਗਤਾਂ 'ਚ ਪ੍ਰਚਾਰਕਾਂ ਪ੍ਰਤੀ ਮਾਣ-ਸਤਿਕਾਰ ਵਧੇਗਾ।

ਇਕ ਸਵਾਲ ਦੇ ਜਵਾਬ ਵਿਚ ਜਥੇਦਾਰ ਨੇ ਕਿਹਾ ਕਿ ਜੇਕਰ ਢੱਡਰੀਆਂ ਵਾਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਵਿਦਵਾਨਾਂ ਦੀ ਸਬ-ਕਮੇਟੀ 'ਚ ਨਹੀਂ ਆਉਂਦਾ ਤਾਂ ਇਸ 'ਤੇ ਕੀ ਕਾਰਵਾਈ ਕਰਨੀ ਹੈ, ਬਾਅਦ 'ਚ ਵਿਚਾਰਿਆ ਜਾਵੇਗਾ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਗਾਣਿਆਂ ਦੀ ਵੀਡੀਓ ਬਣਾ ਕੇ ਟਿੱਕ-ਟਾਕ 'ਤੇ ਪਾਈ ਜਾਂਦੀ ਹੈ, ਜੋ ਬਹੁਤ ਹੀ ਘਿਨੌਣੀ ਹਰਕਤ ਹੈ। ਜੇਕਰ ਇਹ ਨਾ ਹਟੇ ਤਾਂ ਮਜਬੂਰਨ ਸ਼੍ਰੋਮਣੀ ਕਮੇਟੀ ਨੂੰ ਸੱਚਖੰਡ ਅੰਦਰ ਨੌਜਵਾਨਾਂ ਦੇ ਮੋਬਾਇਲ ਆਦਿ ਲਿਜਾਣ, ਫੋਟੋਗ੍ਰਾਫ਼ੀ ਜਾਂ ਵੀਡੀਓ ਬਣਾਉਣ 'ਤੇ ਪਾਬੰਦੀ ਲਾਉਣ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਕਰਨ 'ਤੇ ਵਿਚਾਰ ਕਰਨੀ ਪਵੇਗੀ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਬਲਦੇਵ ਸਿੰਘ ਸਿਰਸਾ ਵੱਲੋਂ ਨਾਮਧਾਰੀ ਕੂਕਿਆਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਾਰਵਾਈ ਕਰਨ ਲਈ ਹੋਏ ਆਦੇਸ਼ ਦੀ ਪਾਲਣਾ ਨਾ ਕਰਨ 'ਤੇ ਸਿੰਘ ਸਾਹਿਬ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
 


KamalJeet Singh

Content Editor

Related News