ਧਾਲੀਵਾਲ ਵੱਲੋਂ ਵਾਲਮੀਕਿ ਸਮਾਜ ਨੂੰ ਪੰਜਾਬ ਬੰਦ ਦਾ ਸੱਦਾ ਵਾਪਸ ਲੈਣ ਦੀ ਅਪੀਲ, CM ਨਾਲ ਮੀਟਿੰਗ ਦਾ ਦਿੱਤਾ ਭਰੋਸਾ

Wednesday, Aug 10, 2022 - 08:10 PM (IST)

ਚੰਡੀਗੜ੍ਹ (ਬਿਊਰੋ) : ਅੱਜ ਇੱਥੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵਾਲਮੀਕਿ ਸਮਾਜ ਦੇ ਆਗੂਆਂ ਨੇ ਪਾਵਨ ਵਾਲਮੀਕਿ ਤੀਰਥ ਪ੍ਰਬੰਧਕ ਕਮੇਟੀ ਪੰਜਾਬ ਦੇ ਬੈਨਰ ਹੇਠ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਮੰਗ ਪੱਤਰ ਦੇਣ ਆਏ ਅਗੂਆਂ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਵਾਲਮੀਕਿ ਸਮਾਜ ਦੀਆਂ ਮੰਗਾਂ ਨੂੰ ਪੂਰੇ ਵਿਸਥਾਰ ਨਾਲ ਵਿਚਾਰ ਕੇ ਸਾਕਾਰਾਤਮਕ ਹੱਲ ਕੱਢਿਆ ਜਾਵੇਗਾ ਤੇ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਮੰਤਰੀ ਨੇ ਵਾਲਮੀਕਿ ਸਮਾਜ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਪੂਰਾ ਦੇਸ਼ 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਅਤੇ ਰੱਖੜੀ ਦਾ ਤਿਉਹਾਰ ਵੀ ਇਨ੍ਹਾਂ ਦਿਨਾਂ 'ਚ ਹੈ, ਇਸ ਲਈ 12 ਅਗਸਤ ਨੂੰ ਵਾਲਮੀਕਿ ਸਮਾਜ ਵੱਲੋਂ ਬੰਦ ਦੇ ਸੱਦੇ ਨੂੰ ਵਾਪਸ ਲੈ ਲਿਆ ਜਾਵੇ।

ਇਹ ਵੀ ਪੜ੍ਹੋ : Breaking: ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ’ਚੋਂ ਬਾਹਰ ਆਏ ਬਿਕਰਮ ਮਜੀਠੀਆ

ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਤਾਂ ਅੱਜ ਵਾਲਮੀਕਿ ਸਮਾਜ ਦੇ ਆਗੂਆਂ ਵੱਲੋਂ ਸਿਰਫ ਮੰਗ ਪੱਤਰ ਸੌਂਪਣ ਸਬੰਧੀ ਸੱਦਾ ਦਿੱਤਾ ਗਿਆ ਸੀ ਪਰ ਸਰਕਾਰੀ ਰੁਝੇਵੇਂ ਰੱਦ ਕਰਕੇ ਉਨ੍ਹਾਂ ਨੇ ਵਿਸਥਾਰ ਨਾਲ ਵਾਲਮੀਕਿ ਸਮਾਜ ਦੀਆਂ ਮੰਗਾਂ ਬਾਰੇ ਸਾਰੇ ਆਗੂਆਂ ਦੇ ਵਿਚਾਰ ਸੁਣੇ ਹਨ। ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ‘ਤੇ ਵਾਲਮੀਕਿ ਸਮਾਜ ਦੀਆਂ ਬਹੁਤ ਸਾਰੀਆਂ ਮੰਗਾਂ ਨਾਲ ਸਿਧਾਂਤਕ ਤੌਰ ‘ਤੇ ਸਹਿਮਤ ਹਨ ਪਰ ਇਨ੍ਹਾਂ ਮੰਗਾਂ ਨਾਲ ਸਬੰਧਿਤ ਵਿਭਾਗ ਉਨ੍ਹਾਂ ਕੋਲ ਨਹੀਂ ਹਨ। ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਾਲਮੀਕਿ ਸਮਾਜ ਦੀਆਂ ਭਾਵਨਾਵਾਂ ਅਤੇ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਮੁੱਖ ਮੰਤਰੀ ਕੋਲ ਪਹੁੰਚਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਹੋਣ ਕਾਰਨ ਸਰਕਾਰੀ ਰੁਝੇਵੇਂ ਕਾਫੀ ਜ਼ਿਆਦਾ ਹਨ, ਇਸ ਕਰਕੇ ਜਲਦ ਹੀ ਮੁੱਖ ਮੰਤਰੀ ਨਾਲ ਵਾਲਮੀਕਿ ਸਮਾਜ ਦੀ ਮੀਟਿੰਗ ਕਰਵਾ ਦਿੱਤੀ ਜਾਵੇਗੀ। ਮੀਟਿੰਗ ਦੇ ਅੰਤ 'ਚ ਕੈਬਨਿਟ ਮੰਤਰੀ ਧਾਲੀਵਾਲ ਨੇ ਇਕ ਵਾਰ ਫਿਰ ਵਾਲਮੀਕਿ ਸਮਾਜ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਰੱਖੜੀ ਦਾ ਤਿਉਹਾਰ ਤੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੱਦੇਨਜ਼ਰ 12 ਅਗਸਤ ਨੂੰ ਬੰਦ ਦੇ ਸੱਦੇ ਨੂੰ ਵਾਪਸ ਲੈ ਲੈਣ।

ਇਹ ਵੀ ਪੜ੍ਹੋ : ਮਜੀਠੀਆ ਦੀ ਜ਼ਮਾਨਤ ਦੇ ਹੁਕਮਾਂ ਨੇ ਸਰਕਾਰਾਂ ਦੇ ਮਾੜੇ ਮਨਸੂਬੇ ਕੀਤੇ ਨੰਗੇ : ਅਕਾਲੀ ਦਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News