ਮੰਤਰੀ ਧਾਲੀਵਾਲ ਨੇ ਖੇਤੀਬਾੜੀ ਵਿਕਾਸ ਅਫ਼ਸਰਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿਵਾ ਕੇ ਧਰਨਾ ਕਰਵਾਇਆ ਖ਼ਤਮ
Tuesday, Aug 30, 2022 - 10:58 PM (IST)
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਖੇਤੀਬਾੜੀ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਧਰਨੇ 'ਤੇ ਬੈਠੇ ਖੇਤੀਬਾੜੀ ਵਿਕਾਸ ਅਫ਼ਸਰਾਂ ਨੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਭਰੋਸੇ ਤੋਂ ਬਾਅਦ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। ਅੱਜ ਖੇਤੀਬਾੜੀ ਮੰਤਰੀ ਨੇ ਪਹਿਲਾਂ ਧਰਨਾ ਦੇ ਰਹੇ ਖੇਤੀਬਾੜੀ ਵਿਕਾਸ ਅਫ਼ਸਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਸਕੱਤਰ ਅਰਸ਼ਦੀਪ ਸਿੰਘ ਥਿੰਦ ਤੇ ਡਾਇਰੈਕਟਰ ਗੁਰਵਿੰਦਰ ਸਿੰਘ ਵੀ ਸ਼ਾਮਲ ਹੋਵੇ।
ਇਹ ਵੀ ਪੜ੍ਹੋ : ਨਰੇਗਾ ਸਕੀਮ ਤਹਿਤ ਆਏ ਫੰਡਾਂ 'ਚ ਕਾਂਗਰਸ ਸਰਕਾਰ ਨੇ ਕੀਤਾ ਕਰੋੜਾਂ ਦਾ ਘਪਲਾ : ਸੁਖਬੀਰ ਬਾਦਲ
ਮੀਟਿੰਗ ਦੌਰਾਨ ਖੇਤੀਬਾੜੀ ਅਫ਼ਸਰਾਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤਾ। ਇਸ ਉਪਰੰਤ ਖੇਤੀਬਾੜੀ ਮੰਤਰੀ ਨੇ ਧਰਨੇ 'ਚ ਖੁਦ ਪਹੁੰਚ ਕੇ ਭਰੋਸਾ ਦਿਵਾਇਆ ਕਿ ਖੇਤੀਬਾੜੀ ਅਫ਼ਸਰਾਂ ਦੀਆਂ ਮੰਗਾਂ ਮੰਨਣ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਖੇਤੀ ਬਚਾਉਣ ਲਈ ਉਹ ਸਰਕਾਰ ਦਾ ਸਾਥ ਦੇਣ ਤੇ ਇਮਾਨਦਾਰੀ ਅਤੇ ਤਨਦੇਹੀ ਨਾਲ ਸੂਬੇ ਦੇ ਕਿਸਾਨਾਂ ਦੀ ਮਦਦ ਕਰਨ।
ਇਹ ਵੀ ਪੜ੍ਹੋ : ਸਬ-ਇੰਸਪੈਕਟਰ ਵੱਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਬਿਊਰੋ ਨੇ ਕੀਤਾ ਕੇਸ ਦਰਜ
ਉਨ੍ਹਾਂ ਨਾਲ ਹੀ ਕਿਹਾ ਕਿ ਉਹ ਹਮੇਸ਼ਾ ਕੰਮ ਕਰਨ ਵਾਲੇ ਇਮਾਨਦਾਰ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਾਥ ਦੇਣਗੇ। ਉਨ੍ਹਾਂ ਸਪੱਸ਼ਟ ਕਿਹਾ ਕਿ ਉਹ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ ਤੇ ਨਾ ਹੀ ਅਜਿਹੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਕਰਨਗੇ। ਧਰਨਾ ਖਤਮ ਕਰਨ ਦਾ ਐਲਾਨ ਕਰਦਿਆਂ ਖੇਤੀਬਾੜੀ ਵਿਕਾਸ ਅਫ਼ਸਰਾਂ ਨੇ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੰਦਿਆਂ ਸੂਬਾ ਸਰਕਾਰ ਦਾ ਪੂਰਾ ਸਾਥ ਦੇਣ ਦਾ ਵਾਅਦਾ ਕੀਤਾ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।