ਧਾਲੀਵਾਲ ਨੇ ਅੰਮ੍ਰਿਤਸਰ ਤੇ ਚੰਡੀਗੜ੍ਹ ਦੇ ਹਵਾਈ ਅੱਡਿਆਂ ਨੂੰ ਅਪਗ੍ਰੇਡ ਕਰਨ ਦਾ ਮੁੱਦਾ ਮੁਰਲੀਧਰਨ ਕੋਲ ਉਠਾਇਆ

Thursday, May 12, 2022 - 12:43 AM (IST)

ਚੰਡੀਗੜ੍ਹ/ਜਲੰਧਰ/ਨਵੀਂ ਦਿੱਲੀ (ਬਿਊਰੋ, ਧਵਨ) : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਦਿੱਲੀ ਵਿਖੇ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਸਾਹਮਣੇ ਪ੍ਰਵਾਸੀਆਂ ਦਾ ਮੁੱਦਾ ਉਠਾਇਆ। ਉਨ੍ਹਾਂ ਚੰਡੀਗੜ੍ਹ ਤੇ ਅੰਮ੍ਰਿਤਸਰ ਦੇ ਹਵਾਈ ਅੱਡਿਆਂ ਤੋਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਅਤੇ ਇੰਗਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਵੀ ਉਠਾਇਆ। ਵਿਦੇਸ਼ ਰਾਜ ਮੰਤਰੀ ਨਾਲ ਇਕ ਘੰਟਾ ਚੱਲੀ ਮੀਟਿੰਗ ਦੌਰਾਨ ਉਨ੍ਹਾਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਦੇ ਹਵਾਈ ਅੱਡਿਆਂ ਨੂੰ ਅਪਗ੍ਰੇਡ ਕਰਨ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇਨ੍ਹਾਂ ਹਵਾਈ ਅੱਡਿਆਂ ’ਤੇ ਯਾਤਰੀਆਂ ਨੂੰ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਵਿਦੇਸ਼ਾਂ ਵਿੱਚ ਭਾਰਤੀ ਦੂਤਘਰਾਂ 'ਚ ਅਧਿਕਾਰੀਆਂ ਤੇ ਸਟਾਫ ਦਾ ਵਤੀਰਾ ਪ੍ਰਵਾਸੀ ਭਾਰਤੀਆਂ ਪ੍ਰਤੀ ਚੰਗਾ ਨਹੀਂ ਹੈ। ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਸੀਆਂ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਵਿਸ਼ੇਸ਼ ਹਦਾਇਤਾਂ ਦਿੱਤੀਆਂ ਜਾਣ।

ਇਹ ਵੀ ਪੜ੍ਹੋ : ਬਿਜਲੀ ਮੰਤਰੀ ਵੱਲੋਂ ਇੰਜੀਨੀਅਰ ਐਸੋਸੀਏਸ਼ਨ ਦੀਆਂ ਸਾਰੀਆਂ ਮੰਗਾਂ ਸਮੇਂ ਸਿਰ ਹੱਲ ਕਰਨ ਦਾ ਭਰੋਸਾ

ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਹਵਾਈ ਅੱਡਿਆਂ ’ਤੇ ਇਮੀਗ੍ਰੇਸ਼ਨ ਕਾਊਂਟਰਾਂ ’ਤੇ ਧਿਆਨ ਕੇਂਦਰਿਤ ਕਰਦਿਆਂ ਸੀ. ਸੀ. ਟੀ. ਵੀ. ਕੈਮਰੇ ਲਾਏ ਜਾਣ। ਲੋਕਾਂ ਨੂੰ ਵੀਜ਼ਾ ਲਗਵਾਉਣ ਅਤੇ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਵਿੱਚ ਦਿੱਕਤ ਆ ਰਹੀ ਹੈ। ਪੰਜਾਬੀ ਭਾਈਚਾਰੇ ਲਈ ਹੰਗਾਮੀ ਹਾਲਾਤ ਵਿੱਚ ਹਫ਼ਤੇ 'ਚ 24 ਘੰਟੇ ਹੈਲਪਲਾਈਨ ਹੋਣੀ ਚਾਹੀਦੀ ਹੈ। ਓ. ਸੀ. ਆਈ. ਵੀਜ਼ੇ ਦੀ ਕਾਰਵਾਈ ਨੂੰ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਕੁਲਦੀਪ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਕਿਹਾ ਕਿ ਭਾਰਤ ਸਰਕਾਰ ਨੂੰ ਪ੍ਰਵਾਸੀ ਪੰਜਾਬੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਇਕਤਰਫਾ ਸ਼ਿਕਾਇਤ ਨਿਵਾਰਣ ਪ੍ਰਣਾਲੀ ਬਣਾਉਣੀ ਚਾਹੀਦੀ ਹੈ। ਵਿਦੇਸ਼ ਮੰਤਰਾਲਾ ਵਿੱਚ ਇਕ ਹੈਲਪ ਡੈਸਕ ਸਥਾਪਤ ਕੀਤਾ ਜਾਣਾ ਚਾਹੀਦਾ ਹੈ, ਜੋ ਪ੍ਰਵਾਸੀ ਭਾਰਤੀਆਂ ਦੀ ਮਦਦ ਲਈ 24 ਘੰਟੇ ਕੰਮ ਕਰੇ। ਵਿਦੇਸ਼ਾਂ ਵਿੱਚ ਸਾਰੇ ਭਾਰਤੀ ਦੂਤਘਰਾਂ ਨੂੰ ਇਸ ਹੈਲਪ ਡੈਸਕ ਬਾਰੇ ਸੂਚਿਤ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਉਪ ਪ੍ਰਧਾਨਾਂ ਨੂੰ ਦਿੱਤੀ ਗਈ ਜ਼ਿਲ੍ਹਾ ਪੱਧਰ ਦੀ ਜ਼ਿੰਮੇਵਾਰੀ

ਉਨ੍ਹਾਂ ਕਿਹਾ ਕਿ ਐੱਨ. ਆਰ. ਆਈ. ਨਾਲ ਸਬੰਧਿਤ ਜਾਇਦਾਦਾਂ ’ਤੇ ਲਗਾਤਾਰ ਕਬਜ਼ੇ ਹੋ ਰਹੇ ਹਨ। ਉਨ੍ਹਾਂ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਦੀ ਕਾਪੀ ਕੇਂਦਰੀ ਮੰਤਰੀ ਨੂੰ ਦਿੱਤੀ ਅਤੇ ਕਿਹਾ ਕਿ ਜੇ ਇਕ ਸਾਲ ਅੰਦਰ ਪ੍ਰਵਾਸੀਆਂ ਦੇ ਬੈਂਕ ਖਾਤਿਆਂ ਵਿੱਚ ਕੋਈ ਲੈਣ-ਦੇਣ ਨਹੀਂ ਹੁੰਦਾ ਤਾਂ ਉਹ ਬੰਦ ਕਰ ਦਿੱਤੇ ਜਾਂਦੇ ਹਨ। ਇਸ ਬਾਰੇ ਮੁੜ ਵਿਚਾਰ ਕਰਕੇ ਪ੍ਰਵਾਸੀਆਂ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਵੱਲੋਂ ਪੰਜਾਬੀ ਕੁੜੀਆਂ ਨਾਲ ਵਿਆਹ ਕਰਵਾ ਕੇ ਕੀਤੀ ਜਾ ਰਹੀ ਠੱਗੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾ ਕੇ ਅਜਿਹੇ ਵਿਦੇਸ਼ੀ ਮੁੰਡਿਆਂ ਨੂੰ ਵਾਪਸ ਲਿਆਉਣ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਵਿਦੇਸ਼ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਕੀਤਾ ਜਾਵੇਗਾ ਅਤੇ ਭਾਰਤ ਸਰਕਾਰ ਦੇ ਸਾਹਮਣੇ ਰੱਖਿਆ ਜਾਵੇਗਾ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News