ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਸ਼ਹਾਦਤ ''ਤੇ ਪੰਜਾਬ ਤੇ ਪੂਰੇ ਦੇਸ਼ ਨੂੰ ਮਾਣ : ਧਰਮਸੌਤ

Saturday, Jun 27, 2020 - 01:35 PM (IST)

ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਸ਼ਹਾਦਤ ''ਤੇ ਪੰਜਾਬ ਤੇ ਪੂਰੇ ਦੇਸ਼ ਨੂੰ ਮਾਣ : ਧਰਮਸੌਤ

ਪਟਿਆਲਾ/ਚੰਡੀਗੜ੍ਹ  (ਰਾਜੇਸ਼, ਜੋਸਨ, ਬਲਜਿੰਦਰ, ਕਮਲ): ਸਾਡੇ ਦੇਸ਼ ਦੇ ਮਹਾਨ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਸ਼ਹਾਦਤ 'ਤੇ ਪੰਜਾਬ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਦੀ ਯਾਦ ਵਿਚ ਪਿੰਡ ਸੀਲ ਦੇ ਪ੍ਰਾਇਮਰੀ ਸਕੂਲ ਨੂੰ ਅਪਗ੍ਰੇਡ ਕਰਨ ਸਮੇਤ ਉਸ ਦਾ ਨਾਂ ਵੀ ਨਾਇਬ ਸੂਬੇਦਾਰ ਸ਼ਹੀਦ ਮਨਦੀਪ ਸਿੰਘ ਮਿਡਲ ਸਕੂਲ ਰੱਖਿਆ ਜਾਵੇਗਾ। ਇਹ ਐਲਾਨ ਪੰਜਾਬ ਦੇ ਜੰਗਲਾਤ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਕੀਤਾ। ਧਰਮਸੌਤ ਨੇ ਕਿਹਾ ਕਿ ਸ਼ਹੀਦ ਦੀ ਸ਼ਹਾਦਤ ਦਾ ਕੋਈ ਮੁੱਲ ਨਹੀਂ ਮੋੜਿਆ ਜਾ ਸਕਦਾ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਇਕ ਫ਼ੌਜੀ ਹੋਣ ਕਰ ਕੇ ਫ਼ੌਜੀਆਂ ਦਾ ਦਰਦ ਸਮਝਦੇ ਹੋਏ 1999 ਤੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਚਲਦੀ ਆ ਰਹੀ 12 ਲੱਖ ਰੁਪਏ ਦੀ ਰਾਸ਼ੀ ਨੂੰ ਵਧਾ ਕੇ 50 ਲੱਖ ਰੁਪਏ ਕੀਤਾ ਹੈ।

ਧਰਮਸੌਤ ਅੱਜ ਗੁਰਦੁਆਰਾ ਸ੍ਰੀ ਗੁਰ ਤੇਗ ਬਹਾਦਰ ਸਾਹਿਬ ਨੌਵੀਂ ਪਾਤਸ਼ਾਹੀ ਬਹਾਦਰਗੜ੍ਹ ਵਿਖੇ ਸ਼ਹੀਦ ਮਨਦੀਪ ਸਿੰਘ ਨਮਿੱਤ ਕਰਵਾਏ ਸ਼ਰਧਾਂਜਲੀ ਸਮਾਰੋਹ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਲਈ ਐਲਾਨੀ ਗਈ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ 'ਚੋਂ 5 ਲੱਖ ਰੁਪਏ ਦਾ ਚੈੱਕ ਸ਼ਹੀਦ ਦੀ ਪਤਨੀ ਗੁਰਦੀਪ ਕੌਰ ਅਤੇ ਮਾਤਾ ਸ਼ਕੁੰਤਲਾ ਕੌਰ ਨੂੰ ਸੌਂਪਿਆ।

ਧਰਮਸੌਤ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਦੇ ਇਕ ਯੋਗ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਦੇ ਘਰ ਦੀ ਛੱਤ ਵੀ ਪੱਕੀ ਕਰਵਾਈ ਜਾਵੇਗੀ ਅਤੇ ਘਰ ਨੂੰ ਜਾਂਦੀ ਪਿੰਡ ਦੀ ਕੱਚੀ ਸੜਕ ਪੱਕੀ ਕੀਤੀ ਜਾਵੇਗੀ। ਜੰਗਲਾਤ ਮੰਤਰੀ ਧਰਮਸੌਤ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਵੱਲੋਂ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਮਨਦੀਪ ਸਿੰਘ ਦੀ ਸ਼ਹਾਦਤ 'ਤੇ ਇਕੱਲੇ ਪਰਿਵਾਰ ਨੂੰ ਹੀ ਨਹੀਂ ਬਲਕਿ ਪਿੰਡ ਸੀਲ ਸਮੇਤ ਪੰਜਾਬ ਅਤੇ ਪੂਰੇ ਦੇਸ਼ ਨੂੰ ਮਾਣ ਹੈ।


author

Shyna

Content Editor

Related News