ਧਰਮਸੋਤ ਤੋਂ ਸੁਣੋ ਸ਼ਹੀਦੀ ਜੋੜ ਮੇਲ 'ਚ ਕਿਉਂ ਨਹੀਂ ਪਹੁੰਚੇ ਕੈਪਟਨ

12/27/2019 5:07:50 PM

ਫਤਿਹਗੜ੍ਹ ਸਾਹਿਬ (ਜਗਦੇਵ)—ਸ੍ਰੀ ਫਤਿਹਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ 'ਤੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦਾ ਅੱਜ ਦੂਜਾ ਦਿਨ ਹੈ। ਸ਼ਹੀਦੀ ਸਭਾ ਦੇ ਦੂਜੇ ਦਿਨ ਵੀ ਦੇਸ਼-ਵਿਦੇਸ਼ ਦੇ ਕੋਨੇ-ਕੋਨੇ ਤੋਂ ਪੁੱਜੀ ਵੱਡੀ ਗਿਣਤੀ ਸੰਗਤ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਕਾਂਗਰਸ ਪਾਰਟੀ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਬਲਬੀਲ ਸਿੰਘ ਸਿੱਧੂ ਵਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅੱਖ ਦਾ ਅਪਰੇਸ਼ਨ ਹੋਣ ਕਰਕੇ ਉਹ ਫਤਿਹਗੜ੍ਹ ਸਾਹਿਬ ਸ਼ਹੀਦੀ ਜੋੜ ਮੇਲ ਮੌਕੇ ਨਹੀਂ ਪੁੱਜ ਸਕਦੇ। ਉਨ੍ਹਾਂ ਨੇ ਕਿਹਾ ਕਿ ਉਹ ਹਰ ਸਾਲ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਆਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਦਾ ਇਤਿਹਸਾ ਦੁਨੀਆ 'ਚ ਕਿਤੇ ਵੀ ਦੇਖਣ ਨੂੰ ਨਹੀਂ ਮਿਲਦਾ।

ਦੱਸਣਯੋਗ ਹੈ ਕਿ ਸ਼ਹੀਦੀ ਜੋੜ ਮੇਲ ਦਾ ਅੱਜ ਦੂਜਾ ਦਿਨ ਹੈ। ਸ਼ਹੀਦੀ ਸਭਾ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ 28 ਦਸੰਬਰ ਨੂੰ ਇਸੇ ਅਸਥਾਨ 'ਤੇ ਪਾਏ ਜਾਣਗੇ ਤੇ ਉਸੇ ਦਿਨ ਗੁ. ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਵੇਰੇ 9 ਵਜੇ ਨਗਰ ਕੀਰਤਨ ਆਰੰਭ ਹੋਵੇਗਾ, ਜੋ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਦੁਪਿਹਰ 1 ਵਜੇ ਪੁੱਜੇਗਾ।

Shyna

This news is Content Editor Shyna