ਸੁਖਦੇਵ ਸਿੰਘ ਢੀਂਡਸਾ ਵਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਬਕਾਇਆ ਮੰਗਾਂ ਮੰਨਣ ਦੀ ਅਪੀਲ

Friday, Dec 03, 2021 - 01:54 PM (IST)

ਸੁਖਦੇਵ ਸਿੰਘ ਢੀਂਡਸਾ ਵਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਬਕਾਇਆ ਮੰਗਾਂ ਮੰਨਣ ਦੀ ਅਪੀਲ

ਚੰਡੀਗੜ੍ਹ (ਅਸ਼ਵਨੀ) : ਖੇਤੀ ਸਬੰਧੀ ਕਾਲੇ ਕਾਨੂੰਨਾਂ ਦੀ ਵਾਪਸੀ ਵਾਲੇ ਬਿੱਲ ’ਤੇ ਦੇਸ਼ ਦੇ ਰਾਸ਼ਟਰਪਤੀ ਦੀ ਮੋਹਰ ਲੱਗਣ ਤੋਂ ਬਾਅਦ ਅਧਿਕਾਰਤ ਤੌਰ ’ਤੇ ਰੱਦ ਹੋਏ ਖੇਤੀ ਕਾਨੂੰਨਾਂ ’ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਇਕ ਵਾਰੀ ਫਿਰ ਸੰਘਰਸ਼ੀਲ ਕਿਸਾਨਾਂ ਨੂੰ ਵਧਾਈ ਦਿੰਦਿਆਂ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀਆਂ ਬਕਾਇਆ ਮੰਗਾਂ ਵੀ ਪੂਰੀਆਂ ਕਰਨ ਦੀ ਪੁਰਜੋਰ ਅਪੀਲ ਕੀਤੀ ਹੈ। ਸੁਖਦੇਵ ਸਿੰਘ ਢੀਂਡਸਾ ਨੇ ਕਿਸਾਨਾਂ ਦੀ ਅਹਿਮ ਮੰਗ ਫਸਲਾਂ ’ਤੇ ਐੱਮ. ਐੱਸ. ਪੀ. ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀਆਂ ਵਾਜਬ ਮੰਗਾਂ ਦਾ ਸਮਰਥਨ ਕਰਦਿਆਂ ਕਿਹਾ ਪਿਛਲੇ ਇਕ ਸਾਲ ’ਚ ਕਿਸਾਨ ਅੰਦੋਲਨ ਦੌਰਾਨ ਅਨੇਕ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕੇਂਦਰ ਸਰਕਾਰ ਨੂੰ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਜਰੂਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਢੀਂਡਸਾ ਨੇ ਪੰਜਾਬ ਸਰਕਾਰ ਨੂੰ ਵੀ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਦਰਜ ਕੀਤੇ ਮਾਮਲੇ ਰੱਦ ਕਰਨ ਦੀ ਵੀ ਅਪੀਲ ਕੀਤੀ ਹੈ। ਢੀਂਡਸਾ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕਿਸਾਨਾਂ ਦੇ ਨਿਰਦਈ ਕਤਲ ਦੀ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਕੇਂਦਰ ਅਤੇ ਯੂ.ਪੀ. ਸਰਕਾਰ ਨੂੰ ਇਸ ਹਾਦਸੇ ਲਈ ਜਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਤਾਂ ਜੋ ਪੀੜਿਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।

ਇਹ ਵੀ ਪੜ੍ਹੋ : ਗੁਰਦੁਆਰਾ ਪ੍ਰਬੰਧਾਂ ’ਚ ਦਖਲ ਦੇਣ ਤੋਂ ਗੁਰੇਜ਼ ਕਰਨ ਸਰਕਾਰਾਂ : ਦਿੱਲੀ ਕਮੇਟੀ ਨੇ ਦਿੱਤੀ ਚਿਤਾਵਨੀ

ਢੀਂਡਸਾ ਨੇ ਕਿਹਾ ਕਿ ਭਾਰਤ ਪਿੰਡਾਂ ਅਤੇ ਕਿਸਾਨਾਂ ਦਾ ਦੇਸ਼ ਹੈ। ਕੇਂਦਰ ਅਤੇ ਰਾਜ ਸਰਕਾਰਾਂ ਨੂੰ ਦੇਸ਼ ਦੀ ਖੁਸ਼ਹਾਲੀ ਲਈ ਕਿਸਾਨਾਂ ਦਾ ਸਹੀ ਢੰਗ ਨਾਲ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਗਰੀਬ ਅਤੇ ਦੁਖੀ ਹੈ ਤਾਂ ਦੇਸ ਕਦੇ ਵਿਕਾਸ ਦੇ ਰਾਹ ’ਤੇ ਨਹੀਂ ਤੁਰ ਸਕਦਾ ਹੈ। ਇਸ ਲਈ ਕੇਂਦਰ ਨੂੰ ਕਿਸਾਨਾਂ ਦੀਆਂ ਵਾਜਬ ਮੰਗਾਂ ਪ੍ਰਤੀ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸ਼ੁਰੂ ਤੋਂ ਹੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ ਅਤੇ ਕਿਸਾਨ ਜਥੇਬੰਦੀਆਂ ਵਲੋਂ ਜਾਰੀ ਹਰੇਕ ਹਦਾਇਤ ਨੂੰ ਜਿਉਂ ਦਾ ਤਿਉਂ ਪਾਲਣ ਕਰਦਾ ਆਇਆ ਹੈ।

ਇਹ ਵੀ ਪੜ੍ਹੋ : ਕਿਸਾਨੀ ਕਰਜ਼ੇ ’ਤੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਾਂਗਰਸ ਦੇ ਧੋਖ਼ੇ ’ਤੇ ਪਰਦਾ ਨਹੀਂ ਪਾ ਸਕਦੇ ਚੰਨੀ : ਸੰਧਵਾਂ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News