ਵਿਧਾਇਕ ਗੋਲਡੀ ਦੇ ਘਰ-ਘਰ ਜਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

09/15/2019 2:20:51 PM

ਧੂਰੀ (ਦਵਿੰਦਰ ਖਿੱਪਲ) : ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਵੱਲੋਂ ਨਵੀਂ ਪਿਰਤ ਪਾਉਂਦਿਆਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਮੌਕੇ 'ਤੇ ਹੀ ਹੱਲ ਕਰਨ ਦੀ ਮੁਹਿੰਮ ਦਾ ਆਗ਼ਾਜ਼ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਗੋਲਡੀ ਖੰਗੂੜਾ ਨੇ ਲੋਕਾਂ ਦੇ ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਜਿਸ ਕਾਰਨ ਲੋਕਾਂ ਵਿਚ ਵਿਧਾਇਕ ਪ੍ਰਤੀ ਕਾਫੀ ਉਤਸ਼ਾਹ ਪਾਇਆ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਕਿਹਾ ਕਿ ਅਸੀਂ ਆਪਣੀ ਉਮਰ ਵਿਚ ਇਹ ਪਹਿਲੀ ਵਾਰ ਦੇਖ ਰਹੇ ਹਾਂ ਕਿ ਕੋਈ ਵਿਧਾਇਕ ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਉਨ੍ਹਾਂ ਕੋਲ ਆਇਆ ਹੋਵੇ। ਅੱਜ ਹਲਕਾ ਵਿਧਾਇਕ ਵੱਲੋਂ ਲਛਮੀ ਬਾਗ, ਜੋਗੀ ਬਸਤੀ ਅਤੇ ਦਸ਼ਮੇਸ਼ ਨਗਰ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।

PunjabKesari

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ 1997 ਤੋਂ ਬਾਅਦ ਹਲਕੇ ਨੂੰ ਲੋਕਲ ਨੁਮਾਇੰਦਾ ਨਾ ਮਿਲਣ ਕਾਰਨ ਹਲਕੇ ਦਾ ਵਿਕਾਸ ਨਹੀਂ ਹੋ ਸਕਿਆ, ਕਿਉਂਕਿ ਨੁਮਾਇੰਦਾ ਹਲਕੇ ਦੀਆਂ ਮੁਸ਼ਕਲਾਂ ਤੋਂ ਜਾਣੂ ਨਹੀਂ ਸੀ ਹੁੰਦਾ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਸੇਵਾ ਦਾ ਮੌਕਾ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਜਿੱਥੇ ਕੁੱਝ ਵਾਅਦਿਆਂ ਨੂੰ ਪੂਰਾ ਕੀਤਾ ਜਾ ਚੁੱਕਾ ਹੈ, ਉਥੇ ਹੀ ਰਹਿੰਦੇ ਵਾਅਦਿਆਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਵਿਚ 100 ਫੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਵਿਛਾਉਣ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਸ਼ਹਿਰ ਦੇ 21 ਵਾਰਡਾਂ ਵਿਚ ਵਾਰਡ ਵਾਈਜ਼ ਪ੍ਰੋਗਰਾਮ ਬਣਾਇਆ ਗਿਆ ਹੈ, ਜਿਸ ਤਹਿਤ ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਸਬੰਧਤ ਵਿਭਾਗਾਂ ਦੇ ਮੁਖੀ ਵੀ ਨਾਲ ਹੋਣਗੇ ਅਤੇ ਜਿਹੜੀਆਂ ਸਮੱਸਿਆਵਾਂ ਦਾ ਹੱਲ ਮੌਕੇ 'ਤੇ ਹੋਣ ਯੋਗ ਹੋਵੇਗਾ, ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਵਾਰਡ ਵਾਈਜ਼ ਵਟੱਸਅਪ ਗਰੁੱਪ ਬਣਾਏ ਜਾ ਰਹੇ ਹਨ, ਜਿਸ ਤਹਿਤ ਲੋਕ ਆਪਣੀਆਂ ਮੁਸ਼ਕਲਾਂ ਨੂੰ ਗਰੁੱਪ 'ਤੇ ਪੋਸਟ ਕਰਨਗੇ ਅਤੇ ਸਾਡੀ ਟੀਮ ਅਤੇ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਦਾ ਹੱਲ ਕਰਨਗੇ।


cherry

Content Editor

Related News