ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਪੁੱਜੇ ਡਾਕਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Thursday, Feb 02, 2023 - 06:28 PM (IST)
ਅੰਮ੍ਰਿਤਸਰ (ਸਰਬਜੀਤ) : ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਪੁੱਜੇ ਡਾਕਟਰਾਂ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ। ਇਹ ਡਾਕਟਰ ਇਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਗੁਰੂ ਨਗਰੀ ਆਏ ਸਨ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਮੌਕੇ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੇ ਮਾਨਵਤਾ ਨੂੰ ਜੋੜਨ ਵਾਲੇ ਅਸਥਾਨ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਆਖਿਆ ਕਿ ਪੂਰੀ ਦੁਨੀਆ ਦੇ ਲੋਕ ਇਥੋਂ ਆਸ਼ੀਰਵਾਦ ਲੈ ਕੇ ਜਾਂਦੇ ਹਨ ਅਤੇ ਇਥੋਂ ਦਾ ਅਧਿਆਤਮਿਕ ਵਾਤਾਵਰਣ ਮਾਨਵਤਾ ਦੇ ਭਲੇ ਲਈ ਪ੍ਰੇਰਿਤ ਕਰਨ ਵਾਲਾ ਹੈ।
ਇਹ ਵੀ ਪੜ੍ਹੋ : ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਸਾਲ ਪਹਿਲਾਂ ਹੋਇਆ ਸੀ ਵਿਆਹ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਡਾਕਟਰਾਂ ਦੇ ਵਫ਼ਦ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਅਸਥਾਨਾਂ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਸਮੇਤ ਹੋਰ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ। ਇਸੇ ਦੌਰਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਡਾਕਟਰਾਂ ਨੂੰ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਹਰਿੰਦਰ ਸਿੰਘ ਰੋਮੀ, ਰਣਧੀਰ ਸਿੰਘ, ਜਤਿੰਦਰਪਾਲ ਸਿੰਘ, ਜਤਿੰਦਰ ਸਿੰਘ ਲਾਲੀ ਤੇ ਹੋਰ ਮੌਜੂਦ ਸਨ।