DIG ਸਵਪਨ ਸ਼ਰਮਾ ਵੱਲੋਂ ਅਬੋਹਰ ਦਾ ਦੌਰਾ, ਸਦਰ ਥਾਣੇ ਦੇ ਕੰਮਕਾਜ ਦਾ ਲਿਆ ਜਾਇਜ਼ਾ
Tuesday, Mar 25, 2025 - 01:43 PM (IST)

ਅਬੋਹਰ : ਇੱਥੇ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਸਵਪਨ ਸ਼ਰਮਾ ਆਈ. ਪੀ. ਐਸ. ਵੱਲੋਂ ਅੱਜ ਅਬੋਹਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਇੱਥੋਂ ਦੇ ਥਾਣਾ ਸਦਰ ਦਾ ਨਿਰੀਖਣ ਕੀਤਾ ਅਤੇ ਸਟਾਫ਼ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਫਾਜ਼ਿਲਕਾ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਸਵਪਨ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ. ਜੀ. ਪੀ. ਗੌਰਵ ਯਾਦਵ ਦੀ ਅਗਵਾਈ 'ਚ ਪੁਲਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਆਰੰਭ ਕੀਤੀ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰੀ 'ਚ ਸ਼ਾਮਲ ਹਰੇਕ ਵਿਅਕਤੀ ਨੂੰ ਕਾਬੂ ਕਰਕੇ ਜੇਲ੍ਹ ਭੇਜਿਆ ਜਾ ਰਿਹਾ ਹੈ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਵੱਡੀ ਲਹਿਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੁਲਸ ਵੱਲੋਂ ਸਪਲਾਈ ਚੇਨ ਨੂੰ ਤੋੜਿਆ ਜਾ ਰਿਹਾ ਹੈ ਅਤੇ ਇਸ ਕੰਮ 'ਚ ਜਨ ਭਾਗੀਦਾਰੀ ਦਾ ਵੀ ਵੱਡਾ ਯੋਗਦਾਨ ਮਿਲ ਰਿਹਾ ਹੈ। ਇਸ ਮੌਕੇ ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਇਲਾਕੇ 'ਚ ਪੁਲਸ ਦੀ ਗਸ਼ਤ ਹੋਰ ਵਧਾਈ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਤੇ ਪੁਲਸ ਦੇ ਸ਼ਿਕੰਜਾ ਦਾ ਹੀ ਅਸਰ ਹੈ ਕਿ ਹੁਣ ਜ਼ਿਆਦਾ ਲੋਕ ਨਸ਼ਾ ਮੁਕਤੀ ਕੇਂਦਰਾਂ 'ਚ ਇਲਾਜ ਲਈ ਆਉਣ ਲੱਗੇ ਹਨ। ਇਸ ਮੌਕੇ ਉਨ੍ਹਾਂ ਨੇ ਥਾਣੇ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਇੱਥੇ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮਿਲਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਬਕਾਇਆ ਪਈਆਂ ਅਰਜ਼ੀਆਂ ਦਾ ਨਿਬੇੜਾ ਤੇਜ਼ੀ ਨਾਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੁਲਸ ਦੀ ਕਾਰਜ-ਕੁਸ਼ਲਤਾ ਨੂੰ ਵਧਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਵਧੀਆ ਸੁਵਿਧਾਵਾਂ ਦਿੱਤੀਆਂ ਜਾ ਸਕਣ।