ਮਾਨ ਸਰਕਾਰ ਦੀ ਵੱਡੀ ਪਹਿਲਕਦਮੀ ; 1 ਅਪ੍ਰੈਲ ਤੋਂ ਕਿਸਾਨਾਂ ਨੂੰ ਡਿਜੀਟਲ ਜੇ-ਫਾਰਮ ਕਰਵਾਏ ਜਾਣਗੇ ਮੁਹੱਈਆ
Thursday, Mar 31, 2022 - 06:49 PM (IST)

ਚੰਡੀਗੜ੍ਹ (ਬਿਊਰੋ)-ਪਾਰਦਰਸ਼ਿਤਾ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਭਰ ਦੇ ਕਿਸਾਨਾਂ ਨੂੰ 1 ਅਪ੍ਰੈਲ, 2022 ਤੋਂ ਡਿਜੀਟਲ ਜੇ-ਫਾਰਮ ਉਪਲੱਬਧ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਮੰਡੀ ਬੋਰਡ (ਪੀ. ਐੱਮ. ਬੀ.) ਦੀ ਇਸ ਨਵੀਂ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਫ਼ੈਸਲੇ ਨਾਲ 9 ਲੱਖ ਤੋਂ ਵੱਧ ਰਜਿਸਟਰਡ ਕਿਸਾਨਾਂ ਨੂੰ ਫਾਇਦਾ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਮੰਡੀਆਂ ’ਚ ਵੇਚੀਆਂ ਜਾਣ ਵਾਲੀਆਂ ਖੇਤੀ ਉਪਜਾਂ ਲਈ ਜੇ-ਫਾਰਮ ਆੜ੍ਹਤੀਆਂ ਅਤੇ ਖਰੀਦਦਾਰਾਂ ਵੱਲੋਂ ਸਿਸਟਮ ’ਤੇ ਵਿਕਰੀ ਦੀ ਪੁਸ਼ਟੀ ਉਪਰੰਤ ਡਿਜੀਟਲ ਤੌਰ ’ਤੇ ਨਾਲੋ-ਨਾਲ ਉਨ੍ਹਾਂ ਦੇ ਵ੍ਹਟਸਐਪ ਖਾਤੇ ’ਤੇ ਮੁਹੱਈਆ ਕੀਤੇ ਜਾਣਗੇ।
ਇਸ ਕਿਸਾਨ ਹਿਤੈਸ਼ੀ ਉਪਰਾਲੇ ਨੂੰ ਇਕ ਇਤਿਹਾਸਕ ਫ਼ੈਸਲਾ ਕਰਾਰ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਸੂਬੇ ਦੇ ਕਿਸਾਨਾਂ ਨੂੰ ਸਿਸਟਮ ਦੁਆਰਾ ਤਿਆਰ ਪ੍ਰਮਾਣਿਕ ਡਿਜੀਟਲ ਜੇ-ਫਾਰਮ ਨਾਲੋ-ਨਾਲ ਮੁਹੱਈਆ ਕਰਨਾ ਹੈ, ਜੋ ਇਸ ਨੂੰ ਪੀ.ਐੱਮ.ਬੀ. ਦੀ ਵੈੱਬਸਾਈਟ https://emandikaran-pb.in, ਆੜ੍ਹਤੀਆਂ ਦੀ ਲਾਗਇਨ ਆਈ. ਡੀ. ਅਤੇ ਡਿਜੀਲਾਕਰ ਤੋਂ, ਭਾਰਤ ਸਰਕਾਰ ਦੇ ਡਿਜੀਟਲ ਦਸਤਾਵੇਜ ਵੈਲੇਟ ਤੋਂ ਵੀ ਡਾਊਨਲੋਡ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਜੇ-ਫਾਰਮ ਮੰਡੀਆਂ ’ਚ ਕਿਸਾਨਾਂ ਦੀ ਖੇਤੀ ਉਪਜ ਦੀ ਵਿਕਰੀ ਦੀ ਰਸੀਦ ਹੈ ਅਤੇ ਪਹਿਲਾਂ ਆੜ੍ਹਤੀਆਂ ਵੱਲੋਂ ਹੱਥੀਂ ਜਾਰੀ ਕੀਤੀ ਜਾਂਦੀ ਸੀ। ਹਾੜ੍ਹੀ ਅਤੇ ਸਾਉਣੀ ਦੇ ਮੰਡੀਕਰਨ ਸੀਜ਼ਨ 2021-22 ਦੌਰਾਨ ਈ-ਜੇ ਫਾਰਮ (ਸਿਰਫ਼ ਘੱਟੋ-ਘੱਟ ਖਰੀਦ ਮੁੱਲ ’ਤੇ ਖਰੀਦੇ ਝੋਨੇ ਅਤੇ ਕਣਕ ਲਈ) ਜਾਰੀ ਕਰਕੇ ਪੰਜਾਬ ਮੰਡੀ ਬੋਰਡ ਦੇਸ਼ ਭਰ ’ਚ ਮੋਹਰੀ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੇ ਝੋਨੇ ਅਤੇ ਕਣਕ ਲਈ ਇਹ ਡਿਜੀਟਲ ਜੇ-ਫਾਰਮ ਹਰ ਵੇਲੇ ਉਪਲੱਬਧ ਹੋਣਗੇ।
ਪ੍ਰਮਾਣਿਕਤਾ ਨੂੰ ਯਕੀਨੀ ਬਣਾਉਣ ਲਈ, ਡਿਜੀਟਲ ਜੇ-ਫਾਰਮ ਕਿਊ. ਆਰ ਕੋਡ, ਵਾਟਰਮਾਰਕ ਅਤੇ ਵਿਲੱਖਣ ਨੰਬਰ ਦੇ ਨਾਲ ਆਉਂਦਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਡਿਜੀਲਾਕਰ ’ਚ ਜੇ-ਫਾਰਮ ਕਾਨੂੰਨੀ ਤੌਰ ’ਤੇ 8 ਫਰਵਰੀ, 2017 ਨੂੰ ਜੀ. ਐੱਸ. ਆਰ 711 (ਈ) ਦੁਆਰਾ ਅਧਿਸੂਚਿਤ ਕੀਤੇ ਗਏ ਸੂਚਨਾ ਤਕਨਾਲੋਜੀ ਦੇ ਨਿਯਮ 9 ਏ (ਡਿਜੀਟਲ ਲਾਕਰ ਸਹੂਲਤਾਂ ਪ੍ਰਦਾਨ ਕਰਨ ਵਾਲੇ ਵਿਚੋਲਿਆਂ ਵੱਲੋਂ ਜਾਣਕਾਰੀ ਦੀ ਸੰਭਾਲ ਅਤੇ ਸੰਭਾਲ) ਨਿਯਮ, 2016 ਦੇ ਅਨੁਸਾਰ ਮੂਲ ਦਸਤਾਵੇਜ਼ਾਂ ਦੇ ਬਰਾਬਰ ਹਨ ਅਤੇ ਇਨ੍ਹਾਂ ਦੀ ਵਰਤੋਂ ਵਿੱਤੀ ਸੰਸਥਾਵਾਂ, ਆਮਦਨ ਕਰ ਛੋਟ, ਸਬਸਿਡੀ ਦੇ ਦਾਅਵਿਆਂ, ਕਿਸਾਨ ਬੀਮਾ ਆਦਿ ਤੋਂ ਵਿੱਤ ਜੁਟਾਉਣ ਲਈ ਕੀਤੀ ਜਾ ਸਕਦੀ ਹੈ ਅਤੇ ਇਨ੍ਹਾਂ ਨੂੰ ਅਾਨਲਾਈਨ ਤਸਦੀਕ ਕੀਤਾ ਜਾ ਸਕਦੀ ਹੈ।